
ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਗਲਾਸਗੋ ਸਥਿਤ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਵਿਖੇ ਸਰਬੰਸਦਾਨੀ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾਪੂਰਵਕ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ‘ਤੇ ਗੁਰੂ ਘਰ ਦੇ ਵਜੀਰ ਭਾਈ ਅਰਵਿੰਦਰ ਸਿੰਘ ਤੇ ਭਾਈ ਤੇਜਵੰਤ ਸਿੰਘ ਦੇ ਕੀਰਤਨੀਏ ਜੱਥੇ ਵੱਲੋਂ ਕੀਰਤਨ ਤੇ ਕਥਾ ਵਿਚਾਰ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

ਇਸ ਸਮੇਂ ਪ੍ਰਧਾਨ ਭੁਪਿੰਦਰ ਸਿੰਘ ਬਰਮੀਂ, ਮੀਤ ਪ੍ਰਧਾਨ ਜਸਵੀਰ ਸਿੰਘ ਜੱਸੀ ਬਮਰਾਹ, ਸਰਦਾਰਾ ਸਿੰਘ ਜੰਡੂ ਸਮੇਤ ਪ੍ਰਬੰਧਕੀ ਕਮੇਟੀ ਵੱਲੋਂ ਵਿਸ਼ਵ ਭਰ ਦੀਆਂ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਪੇਸ਼ ਕੀਤੀ। ਜਸਵੀਰ ਸਿੰਘ ਬਮਰਾਹ ਨੇ ਕਿਹਾ ਕਿ ਦਸ਼ਮੇਸ਼ ਪਾਤਸ਼ਾਹ ਨੇ ਆਪਣਾ ਸਾਰਾ ਪਰਿਵਾਰ ਵਾਰ ਕੇ ਸਿੱਖੀ ਦੀ ਨੀਂਹ ਮਜ਼ਬੂਤ ਕੀਤੀ ਸੀ। ਉਹਨਾਂ ਦਾ ਇਹ ਅਹਿਸਾਨ ਸਿੱਖ ਜਗਤ ਕਦੇ ਵੀ ਨਹੀਂ ਭੁਲਾ ਸਕਦਾ ਕਿ ਉਹਨਾਂ ਨੇ ਸਾਨੂੰ ਅਨਿਆਂ ਖਿਲਾਫ ਡਟ ਕੇ ਖੜ੍ਹਨ ਦੀ ਸ਼ਕਤੀ ਦੇ ਵਾਰਿਸ ਬਣਾਇਆ।




















