ਮੇਅਰ ਤੋਂ ਬਾਅਦ ਤਿੰਨ ਕੌਂਸਲਰ ਵੀ ‘ਆਪ’ ‘ਚ ਸ਼ਾਮਲ
ਅੰਮ੍ਰਿਤਸਰ, ਮੀਡੀਆ ਬਿਊਰੋ:
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਪਣੇ ਹੀ ਜ਼ਿਲ੍ਹੇ ਨੂੰ ਸੰਭਾਲਣ ਤੋਂ ਅਸਮਰੱਥ ਹਨ। ਇੱਥੇ ਆਮ ਆਦਮੀ ਪਾਰਟੀ ਲਗਾਤਾਰ ਕਾਂਗਰਸ ਨੂੰ ਝਟਕਾ ਦੇ ਰਹੀ ਹੈ। ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਦੇ ‘ਆਪ’ ‘ਚ ਸ਼ਾਮਲ ਹੋਣ ਤੋਂ ਇਕ ਦਿਨ ਬਾਅਦ ਹੀ ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਵੋਟਾਂ ਪੈਣ ਤੋਂ ਠੀਕ ਤਿੰਨ ਦਿਨ ਪਹਿਲਾਂ ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕੇ ਦੇ ਤਿੰਨ ਕੌਂਸਲਰ ਗੁਰਜੀਤ ਕੌਰ, ਕੌਂਸਲਰ ਮਨਦੀਪ ਆਹੂਜਾ ਅਤੇ ਕੌਂਸਲਰ ਪ੍ਰਿਅੰਕਾ ਸ਼ਰਮਾ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
ਇਹ ਤਿੰਨੋਂ ਕੌਂਸਲਰ ਮੇਅਰ ਕਰਮਜੀਤ ਸਿੰਘ ਰਿੰਟੂ ਦੀ ਅਗਵਾਈ ਹੇਠ ਪਾਰਟੀ ਵਿੱਚ ਸ਼ਾਮਲ ਹੋਏ ਹਨ। ਵੀਰਵਾਰ ਨੂੰ ਉਨ੍ਹਾਂ ਨੂੰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਪਾਰਟੀ ‘ਚ ਸ਼ਾਮਲ ਕੀਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਹਲਕਾ ਉਤਰੀ ਤੋਂ ‘ਆਪ’ ਦੇ ਉਮੀਦਵਾਰ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਵੀ ਮੌਜੂਦ ਸਨ। ‘ਆਪ’ ‘ਚ ਸ਼ਾਮਲ ਹੋਣ ਤੋਂ ਬਾਅਦ ਹਲਕਾ ਉੱਤਰੀ ਤੋਂ ਕਾਂਗਰਸ ਦੇ ਉਮੀਦਵਾਰ ਸੁਨੀਲ ਦੱਤੀ ਨੂੰ ਖ਼ਤਰਾ ਪੈਦਾ ਹੋ ਗਿਆ ਹੈ। ਇਸ ਦਾ ਨੁਕਸਾਨ ਸੁਨੀਲ ਦੱਤੀ ਨੂੰ ਭੁਗਤਣਾ ਪੈ ਸਕਦਾ ਹੈ।
ਮੇਅਰ ਕਰਮਜੀਤ ਸਿੰਘ ਰਿੰਟੂ ਬੁੱਧਵਾਰ ਨੂੰ ‘ਆਪ’ ਵਿੱਚ ਸ਼ਾਮਲ ਹੋ ਗਏ ਸਨ। ਉਹ ਕੁਝ ਦਿਨਾਂ ਤੋਂ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਨ। ਇਹ ਤਿੰਨੋਂ ਕੌਂਸਲਰ ਮੇਅਰ ਕਰਮਜੀਤ ਸਿੰਘ ਰਿੰਟੂ ਦੇ ਖਾਸਮਖਾਸ ਹਨ। ਦੱਸਿਆ ਜਾ ਰਿਹਾ ਹੈ ਕਿ ਹਲਕਾ ਉੱਤਰੀ ਤੋਂ ਹੀ ਤਿੰਨ ਹੋਰ ਕਾਂਗਰਸੀ ਕੌਂਸਲਰ ਵੀ ਪਾਰਟੀ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਣ ਦੀ ਤਿਆਰੀ ਕਰ ਰਹੇ ਹਨ।