ਖੰਨਾ ’ਚ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਯਾਦਗਾਰੀ ਦਿਵਸ ਮਨਾਇਆ

ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਇੱਥੇ ਹਿੰਦੋਸਤਾਨ ਦੇ ਮਹਾਨ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ। ਇਸ ਮੌਕੇ ਪੁਲਿਸ ਜ਼ਿਲ੍ਹਾ ਖੰਨਾ ਦੇ ਐਸ. ਐਸ. ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਨੇ ਦੱਸਿਆ ਕਿ ਅੱਜ ਦਾ ਦਿਨ ਪੁਲਿਸ ਦੇ ਇਤਿਹਾਸ ਵਿਚ ਬਹੁਤ ਮਹੱਤਤਾ ਰੱਖਦਾ ਹੈ, ਕਿਉਂਕਿ 59 ਸਾਲ ਪਹਿਲਾ ਭਾਰਤ ਦੀ ਸੀ.ਆਰ.ਪੀ.ਐਫ ਦੇ 10 ਜਵਾਨਾਂ ਦੀ ਇਕ ਟੁੱਕੜੀ ਲੱਦਾਖ ਵਿਚ ਹਾਟ ਸਪਰਿੰਗ ਨਾਂਅ ਦੇ ਸਥਾਨ ’ਤੇ ਚੀਨੀ ਫੌਜ ਵੱਲੋਂ ਲਾਏ ਐਂਬੂਸ ਵਿਚ ਸ਼ਹੀਦ ਹੋ ਗਈ ਸੀ। ਅੱਜ ਦੇ ਦਿਨ ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ਪੁਲਿਸ ਯੂਨਿਟਾਂ ਵੱਲੋਂ ਸ਼ਰਧਾਂਜਲੀ ਸਮਾਗਮ ਆਯੋਜਿਤ ਕੀਤਾ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸ਼ਹਾਦਤਾਂ ਕਾਰਨ ਅੱਜ ਪੰਜਾਬ ਵਿਚ ਅਮਲ ਦੀ ਬਹਾਲੀ ਹੋਈ ਹੈ। ਸ਼ਹੀਦੀ ਪ੍ਰਾਪਤ ਕਰਨ ਵਾਲੇ 35 ਜਵਾਨਾਂ ਦੇ ਪਰਿਵਾਰ ਇਸ ਸਮੇਂ ਪੁਲਿਸ ਜ਼ਿਲ੍ਹਾ ਖੰਨਾ ਵਿਚ ਰਹਿ ਰਹੇ ਹਨ, ਜਿਨ੍ਹਾਂ ਦਾ ਸਮਾਗਮ ਵਿਚ ਸ਼ਾਮਲ ਹੋਣ ਦੇ ਸ੍ਰੀ ਗਰੇਵਾਲ ਨੇ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਦਿਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ’ਤੇ ਨਿਪਟਾਰਾ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਨੂੰ ਯਾਦ ਕਰਨਾ ਤੇ ਇਨ੍ਹਾਂ ਦੀ ਕੁਰਬਾਨੀ ਤੋਂ ਸਾਨੂੰ ਸਭ ਨੂੰ ਸਬਕ ਸਿੱਖਣਾ ਚਾਹੀਦਾ ਹੈ। ਇਸ ਮੌਕੇ ਵੱਖ-ਵੱਖ ਸਿਵਲ ਪ੍ਰਸ਼ਾਸ਼ਨ ਦੇ ਅਧਿਕਾਰੀ, ਰਿਟਾਇਰਡ ਅਫ਼ਸਰ ਅਤੇ ਇਲਾਕੇ ਦੀਆਂ ਸਖਸ਼ੀਅਤਾਂ ਹਾਜ਼ਰ ਸਨ।

Share This :

Leave a Reply