ਜਬਰ ਜਨਾਹ ਦੇ ਮਾਮਲੇ ‘ਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਝਟਕਾ, ਭਗੌੜਾ ਐਲਾਨਣ ਦੀ ਕਾਰਵਾਈ ਸ਼ੁਰੂ

ਲੁਧਿਆਣਾ, ਮੀਡੀਆ ਬਿਊਰੋ:

ਜੁਡੀਸ਼ੀਅਲ ਮੈਜਿਸਟ੍ਰੇਟ ਹਰਸਿਮਰਨਜੀਤ ਕੌਰ ਦੀ ਅਦਾਲਤ ਦੇ ਸਖ਼ਤ ਰੁਖ਼ ਤੋਂ ਬਾਅਦ ਪੁਲਿਸ ਨੇ ਆਖਰਕਾਰ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਭਗੌੜਾ ਐਲਾਨਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜੇਕਰ ਵਿਧਾਇਕ ਬੈਂਸ ਨੇ 30 ਦਿਨਾਂ ਦੇ ਅੰਦਰ ਗ੍ਰਿਫ਼ਤਾਰੀ ਨਾ ਕੀਤੀ ਤਾਂ ਉਨ੍ਹਾਂ ਨੂੰ ਅਦਾਲਤ ਵੱਲੋਂ ਭਗੌੜਾ ਐਲਾਨ ਦਿੱਤਾ ਜਾਵੇਗਾ। ਵਿਧਾਇਕ ‘ਤੇ 44 ਸਾਲਾ ਔਰਤ ਨਾਲ ਜਬਰ ਜਨਾਹ ਕਰਨ ਦਾ ਦੋਸ਼ ਹੈ। ਅਦਾਲਤ ਦੇ ਹੁਕਮਾਂ ‘ਤੇ ਜੁਲਾਈ 2021 ‘ਚ ਮਾਮਲਾ ਦਰਜ ਕੀਤਾ ਗਿਆ ਸੀ। ਬੈਂਸ ਦੇ ਨਾਂ ‘ਤੇ ਵਾਰੰਟ ਜਾਰੀ ਹੋਣ ਦੇ ਬਾਵਜੂਦ ਪੁਲਿਸ ਵੱਲੋਂ ਗ੍ਰਿਫਤਾਰ ਨਾ ਕੀਤੇ ਜਾਣ ‘ਤੇ ਅਦਾਲਤ ਨੇ ਬੈਂਸ ਨੂੰ ਸਖਤ ਫਟਕਾਰ ਲਗਾਈ ਸੀ। ਇਸ ਤੋਂ ਬਾਅਦ ਪੁਲਿਸ ਅਧਿਕਾਰੀ ਨੇ ਵੀਰਵਾਰ ਨੂੰ ਅਦਾਲਤ ਨੂੰ ਦੱਸਿਆ ਕਿ 19 ਜਨਵਰੀ ਨੂੰ ਵਿਧਾਇਕ ਖਿਲਾਫ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ।

ਦੱਸ ਦੇਈਏ ਕਿ ਇਸ ਅਦਾਲਤ ਤੋਂ ਕੇਸ ਨੂੰ ਕਿਸੇ ਹੋਰ ਅਦਾਲਤ ਵਿੱਚ ਤਬਦੀਲ ਕਰਨ ਦੀ ਪਟੀਸ਼ਨ ਵੀ ਸੈਸ਼ਨ ਜੱਜ ਮੁਨੀਸ਼ ਸਿੰਗਲ ਨੇ ਕੁਝ ਦਿਨ ਪਹਿਲਾਂ ਖਾਰਜ ਕਰ ਦਿੱਤੀ ਸੀ। ਦਰਅਸਲ ਜਬਰ ਜਨਾਹ ਮਾਮਲੇ ‘ਚ ਵਿਧਾਇਕ ਬੈਂਸ ਦੇ ਵਕੀਲ ਨੇ ਗ੍ਰਿਫਤਾਰੀ ਵਾਰੰਟ ਵਾਪਸ ਲੈਣ ਲਈ ਪਟੀਸ਼ਨ ਦਾਇਰ ਕੀਤੀ ਸੀ। ਇਸ ਨੂੰ ਅਦਾਲਤ ਨੇ 24 ਦਸੰਬਰ ਨੂੰ ਰੱਦ ਕਰ ਦਿੱਤਾ ਸੀ। ਅਦਾਲਤ ਨੇ ਕਿਹਾ ਸੀ ਕਿ ਜਦੋਂ ਮੁਲਜ਼ਮ ਕਦੇ ਪੇਸ਼ ਹੀ ਨਹੀਂ ਹੋਏ ਤਾਂ ਅਜਿਹੀ ਅਰਜ਼ੀ ਦਾ ਕੋਈ ਮਤਲਬ ਨਹੀਂ ਰਹਿ ਜਾਂਦਾ। ਉਸ ਦਿਨ ਅਦਾਲਤ ਨੇ ਪੁਲਿਸ ਨੂੰ ਮੁਲਜ਼ਮ ਵਿਧਾਇਕ ਖ਼ਿਲਾਫ਼ ਇਸ਼ਤਿਹਾਰ ਜਾਰੀ ਕਰਨ ਅਤੇ ਸਬੰਧਿਤ ਪੁਲਿਸ ਮੁਲਾਜ਼ਮ ਦੇ ਬਿਆਨ ਦਰਜ ਕਰਨ ਦੇ ਹੁਕਮ ਦਿੱਤੇ ਸਨ। ਨਾਲ ਹੀ ਮਾਮਲੇ ਦੀ ਸੁਣਵਾਈ 5 ਜਨਵਰੀ 2022 ਤਕ ਮੁਲਤਵੀ ਕਰ ਦਿੱਤੀ ਗਈ ਸੀ।

ਇਸ ਹੁਕਮ ਦੇ ਬਾਵਜੂਦ ਪੁਲਿਸ ਨੇ ਵਿਧਾਇਕ ਖ਼ਿਲਾਫ਼ ਕੋਈ ਇਸ਼ਤਿਹਾਰ ਜਾਰੀ ਨਹੀਂ ਕੀਤਾ। ਇਸ ਮਗਰੋਂ ਅਦਾਲਤ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਹੁਣ ਪੁਲਿਸ ਨੇ ਇਸ਼ਤਿਹਾਰ ਜਾਰੀ ਕਰਨ ਦੀ ਸੂਚਨਾ ਅਦਾਲਤ ਨੂੰ ਦਿੱਤੀ ਹੈ। ਮਾਮਲੇ ਦੀ ਅਗਲੀ ਸੁਣਵਾਈ 11 ਫਰਵਰੀ ਨੂੰ ਹੋਵੇਗੀ। ਸੀਨੀਅਰ ਐਡਵੋਕੇਟ ਹਰੀਸ਼ ਰਾਏ ਢਾਂਡਾ ਦਾ ਕਹਿਣਾ ਹੈ ਕਿ ਜੇਕਰ ਬੈਂਸ ਨੇ ਚੋਣ ਲੜਨੀ ਹੈ ਤਾਂ ਉਸ ਨੂੰ ਖੁਦ ਜਾਂ ਪੁਲਿਸ ਨੂੰ ਗ੍ਰਿਫਤਾਰੀ ਦੇ ਕੇ ਅਦਾਲਤ ‘ਚ ਪੇਸ਼ ਕਰਨਾ ਹੋਵੇਗਾ।

Share This :

Leave a Reply