ਚੰਡੀਗੜ੍ਹ, ਮੀਡੀਆ ਬਿਊਰੋ:
ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਉਸ ਬਿਆਨ ਨੂੰ ਲੈ ਕੇ ਪਾਰਟੀ ‘ਚ ਹਲਚਲ ਮਚ ਗਈ ਹੈ ਜਿਸ ਵਿਚ ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ‘ਚ ਕਾਂਗਰਸ ਦੀ ਸਰਕਾਰ ਆਉਂਦੀ ਹੈ ਤਾਂ ਨਵਜੋਤ ਸਿੰਘ ਸਿੱਧੂ ਸੁਪਰ ਸੀਐੱਮ ਹੋਣਗੇ। ਬਿੱਟੂ ਨੇ ਇਕ ਏਜੰਸੀ ਨਾਲ ਗੱਲਬਾਤ ਕਰਦੇ ਹੋਏ ਕਿਹਾ, ‘ਸਿੱਧੂ ਨੂੰ ਸੁਪਰ ਸੀਐੱਮ ਦਾ ਅਹੁਦਾ ਦਿੱਤਾ ਜਾਵੇਗਾ। ਮਾਡਲ ਸਿੱਧੂ ਦਾ ਹੋਵੇਗਾ ਜਦਕਿ ਕੰਮ ਮੁੱਖ ਮੰਤਰੀ ਚੰਨੀ ਕਰਨਗੇ।’
ਜ਼ਿਕਰਯੋਗ ਹੈ ਕਿ ਹਾਲ ਹੀ ‘ਚ ਲੁਧਿਆਣਾ ‘ਚ ਰਾਹੁਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਸੀ। ਉਦੋਂ ਤੋਂ ਨਵਜੋਤ ਸਿੰਘ ਸਿੱਧੂ ਨੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਅਤੇ ਨਾ ਹੀ ਉਹ ਹੋਰ ਉਮੀਦਵਾਰਾਂ ਲਈ ਪ੍ਰਚਾਰ ਕਰਨ ਜਾ ਰਹੇ ਹਨ। ਸੰਸਦ ਮੈਂਬਰ ਬਿੱਟੂ ਨੇ ਅੰਮ੍ਰਿਤਸਰ ਪਹੁੰਚ ਕੇ ਸਿੱਧੂ ਦੇ ਹੱਕ ‘ਚ ਚੋਣ ਪ੍ਰਚਾਰ ਕੀਤਾ ਤੇ ਸੰਕੇਤ ਦਿੱਤਾ ਕਿ ਕਾਂਗਰਸ ‘ਚ ਸਾਰੇ ਆਗੂ ਇੱਕਜੁੱਟ ਹਨ ਤੇ ਪਾਰਟੀ ਲਈ ਕੰਮ ਕਰ ਰਹੇ ਹਨ।
ਚੰਨੀ ਗਰੀਬ ਪਰਿਵਾਰ ਤੋਂ ਹਨ, ਇਸ ਲਈ ਉਨ੍ਹਾਂ ‘ਤੇ ਹਮਲਾ ਬੋਲਿਆ ਜਾ ਰਿਹੈ : ਬਿੱਟੂ
ਬਿੱਟੂ ਨੇ ਕਿਹਾ ਕਿ ਚੰਨੀ ਗਰੀਬ ਪਰਿਵਾਰ ਤੋਂ ਹਨ, ਇਸ ਲਈ ਉਨ੍ਹਾਂ ‘ਤੇ ਹਮਲਾ ਬੋਲਿਆ ਜਾ ਰਿਹਾ ਹੈ। ਚੰਨੀ ਦੇ ਹਲਕਾ ਚਮਕੌਰ ਸਾਹਿਬ ਦੇ ਆਸ-ਪਾਸ ਚੱਲ ਰਹੀ ਰੇਤ ਦੀ ਨਾਜਾਇਜ਼ ਮਾਈਨਿੰਗ ਬਾਰੇ ਰਿਪੋਰਟ ਆ ਗਈ ਹੈ। ਇਹ ਸਪੱਸ਼ਟ ਹੈ ਕਿ ਕੋਈ ਵੀ ਗੈਰ-ਕਾਨੂੰਨੀ ਮਾਈਨਿੰਗ ਨਹੀਂ ਹੋ ਰਹੀ ਹੈ। ਹੁਣ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਮਾਫ਼ੀ ਮੰਗਣੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਦੇ ਆਗੂ ਗ਼ੈਰ-ਕਾਨੂੰਨੀ ਮਾਈਨਿੰਗ ਤੇ ਹੋਰ ਦੋਸ਼ ਲਗਾ ਕੇ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਭਾਜਪਾ ਦੀ ‘ਬੀ’ ਟੀਮ ਹੈ।
ਦੱਸ ਦਈਏ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਮ ਆਦਮੀ ਪਾਰਟੀ (ਆਪ) ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ ਸੂਬੇ ਦੇ ਡੀਜੀਪੀ ਨੂੰ ਮੁੱਖ ਮੰਤਰੀ ‘ਤੇ ਲੱਗੇ ਦੋਸ਼ਾਂ ਦੀ ਉੱਚ ਪੱਧਰੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਸਨ। ਰਿਪੋਰਟ ‘ਚ ਕਲੀਨ ਚਿੱਟ ਦਾ ਦਾਅਵਾ ਕੀਤਾ ਜਾ ਰਿਹਾ ਹੈ।