ਖੰਨਾ (ਪਰਮਜੀਤ ਸਿੰਘ ਧੀਮਾਨ) – ਇਥੋਂ ਦੇ ਬੀ.ਡੀ.ਪੀ.ਓ ਦਫ਼ਤਰ ਵਿਖੇ ਮਗਨਰੇਗਾ ਅਧੀਨ ਕੰਮ ਕਰਦੇ ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਕਲਮ ਛੋੜ ਹੜਤਾਲ ਅੱਜ ਤੀਜੇ ਦਿਨ ’ਚ ਸ਼ਾਮਲ ਹੋਈ। ਇਸ ਮੌਕੇ ਗੁਰਪ੍ਰੀਤ ਸਿੰਘ ਅਤੇ ਗੌਰਵ ਵਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਨੋਟੀਫ਼ਿਕੇਸ਼ਨ ਅਨੁਸਾਰ ਮਗਨਰੇਗਾ ਕਰਮਚਾਰੀਆਂ ਨੂੰ ਪ੍ਰਤੀ ਸਾਲ 10 ਪ੍ਰਤੀਸ਼ਤ ਵਾਧਾ ਦੇਣਾ ਹੁੰਦਾ ਹੈ, ਪ੍ਰਤੂੰ ਜ਼ਿਲ੍ਹਾ ਲੁਧਿਆਣਾ ਵਿਖੇ ਬਲਾਕ ਪੱਧਰ ਤੇ ਕੰਮ ਕਰਦੇ ਕਰਮਚਾਰੀਆਂ ਦੀ ਤਨਖਾਹ ਵਿਚ ਵਾਧਾ ਕਰਨ ਦੀ ਥਾਂ ਸਿਰਫ਼ ਜ਼ਿਲ੍ਹਾ ਪੱਧਰ ਤੇ ਕਾਮਿਆਂ ਦੀ ਹੀ ਤਨਖਾਹ ਵਧਾਈ ਗਈ।
ਇਸ ਸਬੰਧੀ ਸਮੂਹ ਬਲਾਕਾਂ ਵੱਲੋਂ ਉੱਚ ਅਧਿਕਾਰੀਆਂ ਨੂੰ ਲਿਖ਼ਤੀ ਤੌਰ ਤੇ ਮੰਗ ਪੱਤਰ ਵੀ ਸੌਂਪਦਿਆਂ ਅਣਮਿੱਥੇ ਸਮੇਂ ਲਈ ਹੜਤਾਲ ਦੀ ਚੇਤਾਵਨੀ ਵੀ ਦਿੱਤੀ, ਪ੍ਰਤੂੰ ਅਧਿਕਾਰੀਆਂ ਵੱਲੋਂ ਬਲਾਕ ਦੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਗਿਆ। ਉਪਰੋਕਤ ਆਗੂਆਂ ਨੇ ਕਿਹਾ ਕਿ ਜੇਕਰ ਜਲਦ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਮਨਵੀਰ ਕੌਰ, ਸ਼ਮਿੰਦਰ ਸਿੰਘ, ਚਰਨ ਸਿੰਘ, ਗੁਰਵਿੰਰ ਸਿੰਘ, ਸੁਮਨਜੀਤ ਸਿੰਘ ਆਦਿ ਹਾਜ਼ਰ ਸਨ।