ਕਾਂਗਰਸ ਹਾਈ ਕਮਾਂਡ ਦੀ ਵੱਡੀ ਕਾਰਵਾਈ

ਸਾਬਕਾ ਮੰਤਰੀ ਨੂੰ ਦਿਖਾਇਆ ਬਾਹਰ ਦਾ ਰਸਤਾ

ਬਠਿੰਡਾ, ਮੀਡੀਆ ਬਿਊਰੋ:

ਕਾਂਗਰਸ ਪਾਰਟੀ ਨੇ ਵਿਧਾਨ ਸਭਾ ਚੋਣਾਂ ਵਿਚ ਬਾਗੀ ਹੋਣ ਵਾਲੇ ਕਾਂਗਰਸੀਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਾਂਗਰਸ ਪਾਰਟੀ ਨੇ ਹੁਣ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਬਾਗ਼ੀ ਹੋ ਕੇ ਜਾਂ ਚੋਣ ਲੜਨ ਵਾਲੇ ਸਾਬਕਾ ਮੰਤਰੀ ਹਰਮੰਦਰ ਸਿੰਘ ਜੱਸੀ (Harminder Singh Jassi) ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਪੱਤਰ ਜਾਰੀ ਕਰਕੇ ਹਰਮੰਦਰ ਸਿੰਘ ਜੱਸੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਤਹਿਤ ਪਾਰਟੀ ਵਿੱਚੋਂ ਕੱਢ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਜੱਸੀ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੇ ਕੁੜਮ ਹਨ। ਉਹ ਇਸ ਵਾਰ ਵਿਧਾਨ ਸਭਾ ਹਲਕਾ ਤਲਵੰਡੀ ਤੋਂ ਕਾਂਗਰਸ ਪਾਰਟੀ ਦੀ ਟਿਕਟ ਮੰਗ ਰਹੇ ਸਨ ਪਰ ਕਾਂਗਰਸ ਨੇ ਇਸ ਹਲਕੇ ਤੋਂ ਖੁਸ਼ਬਾਜ ਸਿੰਘ ਜਟਾਣਾ ਨੂੰ ਟਿਕਟ ਦਿੱਤੀ ਹੈ ਜਿਸ ਤੋਂ ਬਾਅਦ ਉਨ੍ਹਾ ਆਜ਼ਾਦ ਚੋਣ ਲੜਨ ਦਾ ਐਲਾਨ ਕਰ ਦਿੱਤਾ। ਜੱਸੀ ਇਸ ਹਲਕੇ ਤੋਂ ਪਹਿਲਾਂ ਵੀ ਦੋ ਵਾਰ ਕਾਂਗਰਸ ਪਾਰਟੀ ਦੀ ਟਿਕਟ ਤੇ ਚੋਣ ਜਿੱਤ ਚੁੱਕੇ ਹਨ। ਇੱਥੇ ਇਹ ਵੀ ਦੱਸਣਯੋਗ ਹੈ ਕਿ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬਠਿੰਡਾ ਦੌਰੇ ਦੌਰਾਨ ਹਰਮੰਦਰ ਜੱਸੀ ਨੇ ਉਨ੍ਹਾਂ ਨਾਲ ਗੁਪਤ ਮੀਟਿੰਗ ਕੀਤੀ ਸੀ ਜਿਸਦੀ ਸਿਆਸੀ ਹਲਕਿਆਂ ਵਿੱਚ ਖੂਬ ਚਰਚਾ ਚੱਲ ਰਹੀ ਹੈ ਪਰ ਅੱਜ ਪਾਰਟੀ ਨੇ ਹਰਮੰਦਰ ਜੱਸੀ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ।

Share This :

Leave a Reply