ਬੇਰੁਜ਼ਗਾਰ ਅਧਿਆਪਕਾਂ ਦੇ ਮੋਰਚੇ ‘ਤੇ ਕੈਪਟਨ ਤੋਂ ਬਾਅਦ ਕੁਦਰਤ ਨੇ ਢਾਹਿਆ ਕਹਿਰ

ਚੰਡੀਗੜ੍ਹ (ਮੀਡੀਆ ਬਿਊਰੋ):- ਪਿਛਲੇ ਲੰਮੇ ਸਮੇਂ ਤੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਬੇਰੁਜ਼ਗਾਰ ਅਧਿਆਪਕਾਂ ਦੇ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਕੈਪਟਨ ਸਰਕਾਰ ਦੇ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਦਰਕਿਨਾਰ ਕਰਦਿਆਂ ਹੋਇਆਂ ਬੇਰੁਜ਼ਗਾਰਾਂ ਨੂੰ ਸੜਕ ‘ਤੇ ਰੁਲਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਬੇਰੁਜ਼ਗਾਰ ਨੌਜਵਾਨ ਮੰਗ ਕਰ ਰਹੇ ਹਨ ਕਿ ਉਨ੍ਹਾਂ ਨੂੰ ਨੌਕਰੀ ਦਿੱਤੀ ਜਾਵੇ, ਪਰ ਸਰਕਾਰ ਨੌਕਰੀਆਂ ਦੇਣ ਦੀ ਬਜਾਏ ਲਾਠੀਆਂ ਦੇ ਰਹੀ ਹੈ।

ਦਸਣਾ ਬਣਦਾ ਹੈ ਕਿ ਇਕ ਪਾਸੇ ਤਾਂ ਸਰਕਾਰ ਦੁਆਰਾ ਬੇਰੁਜ਼ਗਾਰ ਅਧਿਆਪਕਾਂ ‘ਤੇ ਕਹਿਰ ਢਾਹਿਆ ਜਾ ਰਿਹਾ ਹੈ, ਦੂਜੇ ਪਾਸੇ ਲੰਘੀ ਰਾਤ ਆਈ ਤੇਜ਼ ਹਨ੍ਹੇਰੀ ਅਤੇ ਬਰਸਾਤ ਨੇ ਬੇਰੁਜ਼ਗਾਰਾਂ ਦੇ ਸੰਗਰੂਰ ਵਿਖੇ ਲੱਗੇ ਮੋਰਚੇ ਨੂੰ ਉਖਾੜ ਦਿੱਤਾ ਅਤੇ ਧਰਨਾਕਾਰੀਆਂ ਦਾ ਕਾਫੀ ਜ਼ਿਆਦਾ ਨੁਕਸਾਨ ਹੋ ਗਿਆ। ਦੱਸਦੇ ਚੱਲੀਏ ਕਿ ਸੰਗਰੂਰ ਵਿਖੇ ਸਿੱਖਿਆ ਮੰਤਰੀ ਦੇ ਸ਼ਹਿਰ ਵਿਚ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਲਗਾਤਾਰ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਉਨ੍ਹਾਂ ਨੂੰ ਨੌਕਰੀ ਦਿੱਤੀ ਜਾਵੇ, ਪਰ ਹੈਂਕੜਬਾਜ਼ ਸਰਕਾਰ ਬੇਰੁਜ਼ਗਾਰਾਂ ਨਾਲ ਗੱਲ ਕਰਨ ਲਈ ਵੀ ਤਿਆਰ ਨਹੀਂ ਅਤੇ ਬੇਰੁਜ਼ਗਾਰਾਂ ਉੱਪਰ ਤਸ਼ੱਦਦ ਢਾਹ ਰਹੀ ਹੈ।

ਜਾਣਕਾਰੀ ਮੁਤਾਬਕ ਇੱਕ ਪਾਸੇ ਤਾਂ ਸੰਗਰੂਰ ਵਿੱਚ ਬੇਰੁਜ਼ਗਾਰ ਅਧਿਆਪਕਾਂ ਦੇ ਧਰਨੇ ਦਾ ਕੁਦਰਤ ਨੇ ਕਾਫੀ ਜ਼ਿਆਦਾ ਨੁਕਸਾਨ ਕੀਤਾ, ਉਥੇ ਹੀ ਦੂਜੇ ਪਾਸੇ ਪਟਿਆਲਾ ਵਿਖੇ ਟਾਵਰ ‘ਤੇ ਬੈਠ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਨੌਜਵਾਨਾਂ ਦੀ ਹਾਲਤ ਦਿਨ ਪ੍ਰਤੀ ਦਿਨ ਵਿਗੜਦੀ ਜਾ ਰਹੀ ਹੈ, ਉਹ ਕਈ ਪ੍ਰਕਾਰ ਦੀਆਂ ਬੀਮਾਰੀਆਂ ਦੀ ਸ਼ਿਕਾਰ ਹੋ ਰਹੇ ਹਨ।ਪਰ ਸਰਕਾਰ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਹੀ, ਜਿਸ ਦੇ ਕਾਰਨ ਬੇਰੁਜ਼ਗਾਰਾਂ ਵਿੱਚ ਭਾਰੀ ਜ਼ਿਆਦਾ ਰੋਸ ਪਾਇਆ ਜਾ ਰਿਹਾ ਹੈ। ਬੇਰੁਜ਼ਗਾਰਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਨਾ ਮੰਨਿਆ ਗਿਆ ਤਾਂ ਉਹ ਸਰਕਾਰ ਦਾ ਤਖ਼ਤਾ ਪਲਟਣ ਲਈ ਮਜਬੂਰ ਹੋ ਜਾਣਗੇ।

Share This :

Leave a Reply