ਬਠਿੰਡਾ, ਮੀਡੀਆ ਬਿਊਰੋ:
ਰਸੋਈ ਗੈਸ ਸਿਲੰਡਰਾਂ ਦੀ ਕੀਮਤ ਵਿਚ ਹੋਏ ਵਾਧੇ ਨੇ ਲੋਕਾਂ ਦਾ ਬਜਟ ਵਿਗਾੜ ਕੇ ਰੱਖ ਦਿੱਤਾ ਹੈ, ਜਿਸ ਕਾਰਨ ਜਨਤਾ ਵਿਚ ਕੇਂਦਰ ਸਰਕਾਰ ਪ੍ਰਤੀ ਕਾਫੀ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਵੋਟਾਂ ਤੋਂ ਬਾਅਦ ਉਮੀਦ ਕੀਤੀ ਜਾ ਰਹੀ ਸੀ ਕਿ ਅਸਮਾਨ ਛੂਹ ਰਹੀਆਂ ਗੈਸ ਦੀਆਂ ਕੀਮਤਾਂ ਨੂੰ ਘਟਾ ਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇਗੀ, ਪਰ ਹੋਇਆ ਇਸ ਦੇ ਉਲਟ ਗੈਸ ਦੇ ਰੇਟ ਘਟਾਉਣ ਦੀ ਥਾਂ ਵਧਾ ਦਿੱਤੇ ਗਏ। ਗੈਸ ਦੀਆਂ ਕੀਮਤਾਂ ਵਿਚ ਹੋਏ ਇਸ ਵਾਧੇ ਕਾਰਨ ਸਥਾਨਕ ਸ਼ਹਿਰ ਦੀ ਧੋਬੀਆਣਾ ਬਸਤੀ ਵਿਚ ਲੋਕਾਂ ਵੱਲੋਂ ਖਾਲੀ ਗੈਸ ਸਿਲੰਡਰ ਸਿਰਾਂ ’ਤੇ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਇਕੱਠੇ ਹੋਏ ਲੋਕਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਗੈਸ ਦੀਆਂ ਕੀਮਤਾਂ ਵਿਚ ਹੋਏ ਇਸ ਵਾਧੇ ਨੇ ਲੋਕਾਂ ਦੀ ਕਮਰ ਤੋੜ ਕੇ ਰੱਖ ਦਿੱਤੀ ਹੈ, ਕਿਉਂਕਿ ਜਨਤਾ ਤਾਂ ਪਹਿਲਾਂ ਹੀ ਮਹਿੰਗਾਈ ਦੀ ਚੱਕੀ ਵਿਚ ਪਿਸ ਰਹੀ ਸੀ। ਇਸ ਮੌਕੇ ਧੋਬੀਆਣਾ ਬਸਤੀ ਦੇ ਵਸਨੀਕ ਮਹਾਂਦੇਵ ਪੰਡਿਤ ਨੇ ਦੱਸਿਆ ਕਿ ਉਹ ਦਿਹਾੜੀਦਾਰ ਮਿਸਤਰੀ ਹੈ ਤੇ ਮਿਹਨਤ ਮਜ਼ਦੂਰੀ ਕਰ ਕੇ ਆਪਣੇ ਪਰਿਵਾਰ ਦਾ ਪੇਟ ਪਾਲ ਰਿਹਾ ਹੈ, ਪਰ ਰਸੋਈ ਗੈਸ ਦੀਆਂ ਕੀਮਤਾਂ ਵਧ ਜਾਣ ਕਾਰਨ ਉਸ ਦੀ ਰਸੋਈ ਦਾ ਬਜਟ ਵਿਗੜ ਗਿਆ ਹੈ।

ਉਕਤ ਵਿਅਕਤੀ ਨੇ ਦੱਸਿਆ ਕਿ ਗੈਸ ਸਿਲੰਡਰ ਹਜ਼ਾਰ ਰੁਪਏ ਦਾ ਮਿਲ ਰਿਹਾ ਹੈ ਪਰ ਉਸ ਉੱਪਰ ਦਿੱਤੀ ਜਾ ਰਹੀ ਸਬਸਿਡੀ ਬੰਦ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਮਨਜੀਤ ਕੌਰ ਅਤੇ ਰਮਨਦੀਪ ਕੌਰ ਨੇ ਦੱਸਿਆ ਕਿ ਗੈਸ ਦੀਆਂ ਕੀਮਤਾਂ ਵਿਚ ਹੋਏ ਵਾਧੇ ਕਾਰਨ ਗ਼ਰੀਬਾਂ ਦੇ ਚੁੱਲ੍ਹੇ ਠੰਢੇ ਹੋਣ ਦੀ ਨੌਬਤ ਆ ਗਈ ਹੈ। ਵੋਟਾਂ ਮੰਗਣ ਲੱਗੇ ਵੱਡੇ-ਵੱਡੇ ਸਬਜ਼ਬਾਗ ਦਿਖਾਉਣ ਵਾਲੇ ਲੀਡਰਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਵਾਅਦਿਆਂ ਉਪਰ ਕਾਇਮ ਰਹਿਣ ਅਤੇ ਜਨਤਾ ਮਹਿੰਗਾਈ ਦੇ ਗੇੜ ‘ਚੋਂ ਕੱਢ ਕੇ ਉਨ੍ਹਾਂ ਦੀ ਜ਼ਿੰਦਗੀ ਸੁਖਾਲੀ ਬਣਾਉਣ ਦੇ ਯਤਨ ਕਰਨ। ਇਸ ਮੌਕੇ ਇਕੱਠੇ ਹੋਏ ਹੋਰ ਲੋਕਾਂ ਨੇ ਵੀ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਦਾ ਵਿਰੋਧ ਕਰਦਿਆਂ ਹੋਇਆਂ ਆਪਣੀ ਭੜਾਸ ਕੱਢੀ।