ਸਿਆਸੀ ਪਾਰਟੀਆਂ ਨੂੰ ਪਿੰਡਾਂ ’ਚ ਘੇਰ ਕੇ ਸਵਾਲ ਜਵਾਬ ਕੀਤੇ ਜਾਣ -ਕਿਸਾਨ ਆਗੂ

ਖੰਨਾ (ਪਰਮਜੀਤ ਸਿੰਘ ਧੀਮਾਨ) – ਮੋਦੀ ਹਕੂਮਤ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਰੇਲਵੇ ਸਟੇਸ਼ਨ ਖੰਨਾ ਦੇ ਬਾਹਰ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠਾਂ ਸ਼ਾਂਤਮਈ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਮੌਕੇ ਕਸ਼ਮੀਰਾ ਸਿੰਘ ਮਾਜਰਾ, ਹਰਜਿੰਦਰ ਸਿੰਘ ਰਤਨਹੇੜੀ, ਅਮਨਦੀਪ ਵਰਮਾ ਅਤੇ ਹਰਮਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਕਾਰਨ ਦੇਸ਼ ਵਿਚ ਮਹਿੰਗਾਈ ਸਿਖ਼ਰਾਂ ਨੂੰ ਛੂਹ ਰਹੀ ਹੈ ਅਤੇ ਪੈਟਰੋਲ-ਡੀਜ਼ਲ, ਰਸੋਈ ਗੈਸ ਤੇ ਆਮ ਵਰਤੋਂ ਦੀਆਂ ਚੀਜ਼ਾਂ ਆਮ ਵਰਗ ਦੇ ਹੱਥੋਂ ਬਾਹਰ ਹੁੰਦੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨ, ਮਜ਼ਦੂਰ, ਮੁਲਾਜ਼ਮ ਮਾਰੂ ਨੀਤੀਆਂ ਅਪਣਾਕੇ ਆਮ ਲੋਕਾਂ ਦਾ ਗਲਾ ਘੁੱਟਣਾ ਚਾਹੁੰਦੀ ਹੈ, ਜਿਸ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਕਿਸਾਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵਿਧਾਨ ਸਭਾ ਚੋਣਾਂ ਨੇੜੇ ਆਉਣ ਕਾਰਨ ਮੌਕਾ ਪ੍ਰਸਤ ਸਿਆਸੀ ਟੋਲੇ ਪਿੰਡਾਂ ਵੱਲ ਹੋ ਤੁਰੇ ਹਨ, ਜਿਨ੍ਹਾਂ ਨੂੰ ਘੇਰ ਕੇ ਸਵਾਲ ਜਵਾਬ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਿਆਂ ਵੱਲੋਂ ਭਾਜਪਾ ਸੰਘ ਦਾ ਪਿੰਡਾਂ ਵਿਚ ਪੂਰਾ ਬਾਈਕਾਟ ਕੀਤਾ ਜਾ ਰਿਹਾ ਹੈ, ਬਾਕੀ ਰਾਜਸੀ ਪਾਰਟੀਆਂ ਦਾ ਵੀ ਡੱਟਵਾਂ ਵਿਰੋਧ ਕੀਤਾ ਜਾਵੇ, ਕਿਉਂਕਿ ਇਨ੍ਹਾਂ ਨੇ ਮਜ਼ਦੂਰ ਤੇ ਆਮ ਵਰਗ ਨੂੰ ਹਰ ਪਾਸਿਓ ਨਪੀੜਿਆ ਹੈ। ਇਸ ਮੌਕੇ ਅਵਤਾਰ ਸਿੰਘ ਮਾਜਰਾ, ਜਗਜੀਤ ਸਿੰਘ, ਰਛਪਾਲ ਸਿੰਘ ਮਾਨ, ਜਸਵੀਰ ਸਿੰਘ, ਕੈਪਟਨ ਨੰਦ ਲਾਲ ਮਾਜਰੀ, ਹਰਵਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਦੀਦਾਰ ਸਿੰਘ, ਮੱਗਰ ਸਿੰਘ, ਹਵਾ ਸਿੰਘ, ਲਖਵੀਰ ਸਿੰਘ, ਦਰਸ਼ਨ ਕੌੜੀ, ਪਰਮਜੀਤ ਸਿੰਘ ਆਦਿ ਹਾਜ਼ਰ ਸਨ।

Share This :

Leave a Reply