ਚੰਡੀਗੜ੍ਹ ਨੂੰ ਲੈ ਕੇ ਦੋਵਾਂ ਸੂਬਿਆਂ ਵਿਚਾਲੇ ਸਿਆਸਤ ਤੇਜ਼ ਹੋਈ

ਚੰਡੀਗੜ੍ਹ, ਮੀਡੀਆ ਬਿਊਰੋ:

ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗਡ਼੍ਹ ਨੂੰ ਲੈ ਕੇ ਦੋਵਾਂ ਸੂਬਿਆਂ ਵਿਚਾਲੇ ਸਿਆਸਤ ਤੇ ਕਸ਼ਮਕਸ਼ ਤੇਜ਼ ਹੋ ਗਈ ਹੈ। ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੰਡੀਗਡ਼੍ਹ ’ਤੇ ਸਿਰਫ਼ ਆਪਣਾ ਦਾਅਵਾ ਕਰਦੇ ਹੋਏ ਵਿਧਾਨ ਸਭਾ ਵਿਚ ਜਿਵੇਂ ਮਤਾ ਪਾਸ ਕੀਤਾ ਸੀ, ਉਸ ਕਾਰਨ ਹਰਿਆਣਾ ਸੂਬਾ ਗੁੱਸੇ ਵਿਚ ਹੈ। ਓਧਰ, ਹਰਿਆਣਾ ਦੀ ਭਾਜਪਾ-ਜਜਪਾ ਗੱਠਜੋਡ਼ ਹਕੂਮਤ ਨੇ ਚੰਡੀਗਡ਼੍ਹ ’ਤੇ ਆਪਣਾ ਦਾਅਵਾ ਬਰਕਰਾਰ ਰੱਖਦੇ ਹੋਏ ਵਿਧਾਨ ਸਭਾ ਦਾ ਖ਼ਾਸ ਇਜਲਾਸ ਸੱਦ ਕੇ ਪੰਜਾਬ ਨੂੰ ਕਰਾਰਾ ਜਵਾਬ ਦੇਣ ਦੀ ਤਿਆਰੀ ਵਿੱਢ ਲਈ ਹੈ। ਹਰਿਆਣਾ ਵਿਧਾਨ ਸਭਾ ਦਾ ਇਹ ਹੰਗਾਮੀ ਇਜਲਾਸ ਪੰਜ ਅਪ੍ਰੈਲ ਨੂੰ ਹੋਵੇਗਾ, ਉਸੇ ਦਿਨ ਵਜ਼ਾਰਤੀ ਮੀਟਿੰਗ ਵੀ ਸੱਦੀ ਗਈ ਹੈ।

ਹਰਿਆਣਾ ਵਿਧਾਨ ਸਭਾ ਵਿਚ ਪੰਜਾਬ ਸਰਕਾਰ ਦੇ ਮਤੇ ਦਾ ਵਿਰੋਧ ਕਰਦੇ ਹੋਏ ਚੰਡੀਗਡ਼੍ਹ ’ਤੇ ਦਾਅਵਾ ਬਰਕਰਾਰ ਰੱਖਿਆ ਜਾਵੇਗਾ। ਨਾਲ ਹੀ ਪੰਜਾਬ ਵੱਲੋਂ ਐੱਸਵਾਈਐੱਲ ਨਹਿਰ ਦਾ ਨਿਰਮਾਣ ਕਰਵਾਉਣ, ਹਰਿਆਣਾ ਨੂੰ ਉਸ ਦੇ ਹਿੱਸੇ ਦਾ ਪਾਣੀ ਦੇਣ ਤੇ 400 ਹਿੰਦੀ ਬੋਲਦੇ ਪਿੰਡ ਹਰਿਆਣਾ ਨੂੰ ਦੇਣ ਸਬੰਧੀ ਮਤਾ ਵੀ ਵਿਧਾਨ ਸਭਾ ਵਿਚ ਪਾਸ ਕੀਤਾ ਜਾ ਸਕਦਾ ਹੈ।

ਕਾਬਿਲੇ ਜ਼ਿਕਰ ਹੈ ਕਿ ਵਿਧਾਨ ਸਭਾ ਦਾ ਖ਼ਾਸ ਇਜਲਾਸ ਸੱਦਣ ਲਈ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸ਼ਨਿੱਚਰਵਾਰ ਸ਼ਾਮ ਨੂੰ ਸੂਬਾ ਵਜ਼ਾਰਤ ਦੀ ਮੀਟਿੰਗ ਕੀਤੀ। ਵਿਰੋਧੀ ਧਿਰ ਵੱਲੋਂ ਲਗਾਤਾਰ ਦਬਾਅ ਪਾਇਆ ਜਾ ਰਿਹਾ ਸੀ ਕਿ ਪੰਜਾਬ ਸਰਕਾਰ ਨੂੰ ਜਵਾਬ ਦੇਣ ਲਈ ਹਰਿਆਣਾ ਵਿਧਾਨ ਸਭਾ ਦਾ ਖ਼ਾਸ ਇਜਲਾਸ ਸੱਦਣਾ ਚਾਹੀਦਾ ਹੈ ਤਾਂ ਜੋ ਅੰਤਰ-ਰਾਜੀ ਮਸਲਿਆਂ ’ਤੇ ਹਰਿਆਣਾ ਦਾ ਸਟੈਂਡ ਮਜ਼ਬੂਤ ਹੋ ਸਕੇ।

Share This :

Leave a Reply