ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਇਥੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਦੇ ਮੈਬਰਾਂ ਦੀ ਇੱਕਤਰਤਾ ਦਲਵੀਰ ਸਿੰਘ ਦੀ ਅਗਵਾਈ ਹੇਠਾਂ ਹੋਈ, ਜਿਸ ਵਿਚ ਵਰਕਰਾਂ ਨੂੰ ਆਉਂਦੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਦਲਵੀਰ ਸਿੰਘ ਨੇ ਕਿਹਾ ਕਿ ਸਰਕਾਰ ਵਿਭਾਗ ਵਿਚ ਪਿਛਲੇ ਲੰਬੇ ਸਮੇਂ ਤੋਂ ਕੰਮ ਕਰਦੇ ਕੰਟਰੈਕਟ ਕਾਮਿਆਂ ਨੂੰ ਚੋਣਾਂ ਦੌਰਾਨ ਕੀਤੇ ਵਾਅਦੇ ਅਨੁਸਾਰ ਜਲਦ ਪੱਕਾ ਕਰੇੇ। ਉਨ੍ਹਾਂ ਕਿਹਾ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਸੱਦੇ ਤੇ ਠੇਕਾ ਅਧਾਰਿਤ ਵਰਕਰ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ 10 ਅਗਸਤ ਨੂੰ ਮੁਹਾਲੀ ਵਿਖੇ ਕੀਤੇ ਜਾ ਰਹੇ ਸੰਘਰਸ਼ ਵਿਚ ਵੱਧ ਚੜ੍ਹ ਕੇ ਹਿੱਸਾ ਲੈਣਗੇੇ।
ਮੁਲਾਜ਼ਮਾਂ ਨੇ ਕਿਹਾ ਕਿ ਆਪਣੀਆਂ ਹੱਕੀਂ ਮੰਗਾਂ ਲਈ 3-4 ਅਗਸਤ ਨੂੰ ਵਿਭਾਗ ਦੇ ਮੁਕੰਮਲ ਤੌਰ ਤੇ ਬਾਈਕਾਟ ਕੀਤਾ ਜਾਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਸਿਰ ਹੋਵੇਗੀ। ਇਸ ਮੌਕੇ ਹਰਪ੍ਰੀਤ ਸਿੰਘ, ਗੁਰਦੀਪ ਸਿੰਘ, ਗੁਰਿੰਦਰ ਸਿੰਘ, ਸਿਕੰਦਰ ਸਿੰਘ, ਅਮਰਜੀਤ ਸਿੰਘ, ਗੁਰਤੇਜ ਸਿੰਘ ਆਦਿ ਹਾਜ਼ਰ ਸਨ।