ਅੰਮ੍ਰਿਤਸਰ, ਮੀਡੀਆ ਬਿਊਰੋ:
ਸਿਹਤ ਠੀਕ ਨਾ ਹੋਣ ਕਾਰਨ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਇਸ ਵਾਰ ਵਿਧਾਨ ਸਭਾ ਚੋਣ ਲੜਨ ਬਾਰੇ ਸਸਪੈਂਸ ਖ਼ਤਮ ਹੋ ਗਿਆ ਹੈ। ਉਨ੍ਹਾਂ ਦੀ ਨੂੰਹ ਅਤੇ ਸਾਬਕਾ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸਪੱਸ਼ਟ ਕੀਤਾ ਹੈ ਕਿ 94 ਸਾਲਾ ਪ੍ਰਕਾਸ਼ ਸਿੰਘ ਬਾਦਲ ਲੰਬੀ ਵਿਧਾਨ ਸਭਾ ਹਲਕੇ ਤੋਂ ਹੀ ਚੋਣ ਲੜਨਗੇ। ਤੁਹਾਨੂੰ ਦੱਸ ਦੇਈਏ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਅਕਾਲੀ ਦਲ ਦਾ ਸਭ ਤੋਂ ਵੱਡਾ ਚਿਹਰਾ ਮੰਨਿਆ ਜਾਂਦਾ ਹੈ। ਉਹ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਉਹ ਆਪਣੇ ਲੰਮੇ ਸਿਆਸੀ ਜੀਵਨ ‘ਚ ਦਸ ਵਾਰ ਵਿਧਾਨ ਸਭਾ ਚੋਣਾਂ ਵਿੱਚ ਜੇਤੂ ਰਹੇ ਹਨ।
ਦੱਸ ਦਈਏ ਕਿ ਹਾਲ ਹੀ ‘ਚ ਕੋਵਿਡ ਪਾਜ਼ੇਟਿਵ ਆਉਣ ਕਾਰਨ ਬਜ਼ੁਰਗ ਪ੍ਰਕਾਸ਼ ਸਿੰਘ ਬਾਦਲ ਨੂੰ ਲੁਧਿਆਣਾ ਦੇ ਸੀਐਮਸੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਉਦੋਂ ਤੋਂ ਉਨ੍ਹਾਂ ਦੇ ਚੋਣ ਲੜਨ ‘ਤੇ ਸਵਾਲੀਆ ਨਿਸ਼ਾਨ ਲੱਗ ਗਿਆ ਸੀ। ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਵਿਧਾਨ ਸਭਾ ਚੋਣਾਂ ਲੜਨ ਦਾ ਫੈਸਲਾ ਆਪਣੇ ਪਿਤਾ ‘ਤੇ ਛੱਡ ਦਿੱਤਾ ਸੀ। ਦੱਸ ਦੇਈਏ ਕਿ ਇਸ ਵਾਰ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਨਾਲ ਗਠਜੋੜ ਕਰ ਕੇ ਚੋਣ ਲੜ ਰਿਹਾ ਹੈ। ਪਾਰਟੀ ਨੇ ਆਪਣੇ ਹਿੱਸੇ ਦੀਆਂ 97 ਸੀਟਾਂ ‘ਚੋਂ 96 ‘ਤੇ ਉਮੀਦਵਾਰ ਖੜ੍ਹੇ ਕੀਤੇ ਹਨ। ਅੰਮ੍ਰਿਤਸਰ ਪੂਰਬੀ ‘ਚ ਨਵਜੋਤ ਸਿੰਘ ਸਿੱਧੂ ਖਿਲਾਫ ਉਮੀਦਵਾਰ ਕੌਣ ਹੋਵੇਗਾ, ਇਹ ਤੈਅ ਹੋਣਾ ਬਾਕੀ ਹੈ।