ਪਟਿਆਲਾ (ਅਰਵਿੰਦਰ ਜੋਸ਼ਨ) ਕੋਵਿਡ ਖ਼ਿਲਾਫ਼ ਜੰਗ ਨੂੰ ਸੂਬੇ ਭਰ ਵਿੱਚ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ‘ਮਿਸ਼ਨ ਫਤਹਿ’ ਤਹਿਤ ਜਾਗਰੂਕਤਾ ਮੁਹਿੰਮ ਨੂੰ ਕਾਮਯਾਬ ਕਰਨ ਲਈ ਪਟਿਆਲਾ ਜ਼ਿਲ੍ਹੇ ਦੀਆਂ ਆਂਗਣਵਾੜੀ ਵਰਕਰਾਂ ਵੀ ਆਪਣੀ ਭੂਮਿਕਾ ਨਿਭਾ ਰਹੀਆਂ ਹਨ।
ਜ਼ਿਲ੍ਹੇ ਅੰਦਰ 9 ਬਲਾਕਾਂ ‘ਚ 1829 ਆਂਗਣਵਾੜੀ ਸੈਂਟਰਾਂ ਦੀਆਂ 3400 ਦੇ ਕਰੀਬ ਆਂਗਣਵਾੜੀ ਵਰਕਰਾਂ, ਹੈਲਪਰਾਂ ਅਤੇ 69 ਮਹਿਲਾ ਸੁਪਰਵਾਈਜ਼ਰਜ ਜਿੱਥੇ ਸਪਲੀਮੈਂਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਤਹਿਤ ਘਰ-ਘਰ ਜਾ ਕੇ 0 ਤੋਂ 6 ਸਾਲ ਦੇ ਬੱਚਿਆਂ ਸਮੇਤ ਗਰਭਵਤੀ ਔਰਤਾਂ ਅਤੇ ਬਾਲਾਂ ਨੂੰ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਸੁੱਕਾ ਰਾਸ਼ਨ ਪਹੁੰਚਾਇਆ ਜਾ ਰਿਹਾ ਹੈ ਉਥੇ ਹੀ ਕੋਰੋਨਾ ਮਹਾਮਾਰੀ ਬਾਰੇ ਲੋਕਾਂ ਵਿੱਚ ਵਿਆਪਕ ਪੱਧਰ ਉਤੇ ਜਾਗਰੂਕਤਾ ਵੀ ਫੈਲਾਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਮਿਸ਼ਨ ਫ਼ਤਿਹ ਤਹਿਤ ਆਂਗਣਵਾੜੀ ਵਰਕਰਾਂ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਗੁਲਬਹਾਰ ਸਿੰਘ ਤੂਰ ਦੀ ਅਗਵਾਈ ਹੇਠ ਜ਼ਿਲ੍ਹੇ ‘ਚ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪਿੰਡਾਂ ਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਸਮੇਤ ਪੰਜਾਬ ਸਰਕਾਰ ਵੱਲੋਂ ਅੰਗਹੀਣਾਂ, ਬਜ਼ੁਰਗਾਂ, ਆਸ਼ਰਿਤਾਂ ਆਦਿ ਲਾਭਪਾਤਰੀਆਂ ਨੂੰ ਦਿੱਤੀ ਜਾਂਦੀ ਪੈਨਸ਼ਨ ਘਰ-ਘਰ ਪਹੁੰਚਾਉਣ, ਲੋੜਵੰਦਾਂ ਤੱਕ ਰਾਸ਼ਨ ਪੁੱਜਦਾ ਕਰਨ ਅਤੇ ਲੋਕਾਂ ਦੀ ਸਿਹਤ ਸਬੰਧੀਂ ਸਕਰੀਨਿੰਗ ਦੇ ਕੰਮ ਨੂੰ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਉਣ ‘ਚ ਅਹਿਮ ਯੋਗਦਾਨ ਪਾਇਆ ਗਿਆ ਹੈ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ. ਗੁਲਬਹਾਰ ਸਿੰਘ ਤੂਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕੇਂਦਰੀ ਪ੍ਰਯੋਜਿਤ ਸਪਲੀਮੈਂਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਸਕੀਮ ਦੇ 60 ਹਜ਼ਾਰ ਲਾਭਪਾਤਰੀ ਹਨ, ਜਿਨ੍ਹਾਂ ‘ਚੋਂ 10 ਹਜ਼ਾਰ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਊ ਮਾਵਾਂ ਹਨ। ਉਨ੍ਹਾਂ ਦੱਸਿਆ ਕਿ ਸਕੂਲ ਅਤੇ ਆਂਗਣਵਾੜੀ ਕੇਂਦਰ ਬੰਦ ਹੋਣ ਕਰਕੇ ਮਿਸ਼ਨ ਫ਼ਤਿਹ ਅਧੀਨ ਆਂਗਣਵਾੜੀ ਵਰਕਰਾਂ ਵੱਲੋਂ ਲਾਭਪਾਤਰੀਆਂ ਨੂੰ ਘਰ-ਘਰ ਜਾ ਕੇ ਸੁੱਕਾ ਰਾਸ਼ਨ ਪਹੁੰਚਾਇਆ ਜਾ ਰਿਹਾ ਹੈ ਅਤੇ ਨਾਲ ਹੀ ਲੋਕਾਂ ਨੂੰ ਚੰਗੀ ਸਿਹਤ ਅਤੇ ਕੋਵਿਡ-19 ਤੋਂ ਬਚਣ ਦੇ ਉਪਰਾਲਿਆਂ ਬਾਰੇ ਦੱਸਿਆ ਜਾ ਰਿਹਾ ਹੈ।
ਇਸੇ ਦੌਰਾਨ ਪਟਿਆਲਾ ਦੀ ਆਂਗਣਵਾੜੀ ਵਰਕਰ ਰਵੀਨਾ ਨੇ ਲਾਹੌਰੀ ਗੇਟ ਨੇੜੇ ਲਾਭਪਾਤਰੀਆਂ ਨੂੰ 15 ਜੂਨ ਤੱਕ ਸੁੱਕਾ ਰਾਸ਼ਨ ਵੰਡਿਆ ਜਦੋਂਕਿ ਤੇਜ ਬਾਗ ਕਲੋਨੀ ਵਿਖੇ ਆਂਗਣਵਾੜੀ ਵਰਕਰ ਗੀਤਾ ਸ਼ਰਮਾ ਨੇ ਵੀ ਐਸ.ਐਨ.ਪੀ ਸਕੀਮ ਤਹਿਤ ਸੁੱਕਾ ਰਾਸ਼ਨ ਵੰਡਦਿਆਂ ਕੋਵਿਡ-19 ਖ਼ਿਲਾਫ਼ ਜਾਗਰੂਕਤਾ ਵੀ ਫੈਲਾਈ।