
ਪਟਿਆਲਾ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਚੰਡੀਗੜ੍ਹ ਤੋਂ ਰਾਜ ਭਰ ‘ਚ ਵੀਡੀਓ ਕਾਨਫਰੰਸਿੰਗ ਰਾਹੀਂ ਸ਼ੁਰੂ ਕੀਤੀ ਗਈ ‘ਸਮਾਰਟ ਰਾਸ਼ਨ ਕਾਰਡ ਸਕੀਮ’ ਤਹਿਤ ਪਟਿਆਲਾ ਜ਼ਿਲ੍ਹੇ ਦੇ 2 ਲੱਖ 20 ਹਜ਼ਾਰ 949 ਲਾਭਪਾਤਰੀਆਂ ਨੂੰ ਸਮਾਰਟ ਕਾਰਡ ਵੰਡਣ ਦੀ ਅਰੰਭਤਾ ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਰਵਾਈ। ਇਸ ਮੌਕੇ ਸ. ਧਰਮਸੋਤ ਨੇ 10 ਲਾਭਪਾਤਰੀਆਂ ਨੂੰ ਰਸਮੀ ਤੌਰ ‘ਤੇ ਸਮਾਰਟ ਰਾਸ਼ਨ ਕਾਰਡ ਸੌਂਪ ਕੇ ਈ-ਪੌਸ ਸਵਾਈਪ ਮਸ਼ੀਨ ਨਾਲ ਰਾਸ਼ਨ ਵੰਡਣ ਦੀ ਸ਼ੁਰੂਆਤ ਕਰਵਾਉਣ ਸਮੇਤ ਜ਼ਿਲ੍ਹੇ ਅੰਦਰ ਲੋੜਵੰਦਾਂ ਨੂੰ ਮਿਸ਼ਨ ਫ਼ਤਿਹ ਤਹਿਤ 60 ਹਜ਼ਾਰ ਮਾਸਕ ਮੁਫ਼ਤ ਵੰਡਣ ਦੀ ਵੀ ਸ਼ੁਰੂਆਤ ਕਰਵਾਈ।
ਇਸ ਦੌਰਾਨ ਵੀਡੀਓ ਕਾਨਫਰੰਸਿੰਗ ਜਰੀਏ ਆਪਣਾ ਸੁਨੇਹਾ ਦਿੰਦਿਆਂ ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡ ਦਿੱਤੇ ਜਾਣ ਦੀ ਵਧਾਈ ਦਿੱਤੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ। ਸ੍ਰੀਮਤੀ ਪਰਨੀਤ ਕੌਰ ਨੇ ਆਸ ਪ੍ਰਗਟਾਈ ਕਿ ਸਮਾਰਟ ਰਾਸ਼ਨ ਕਾਰਡਾਂ ਨਾਲ ਹਰ ਲਾਭਾਪਾਤਰੀ ਨੂੰ ਉਸਦਾ ਬਣਦਾ ਹੱਕ ਮਿਲੇਗਾ। ਸ੍ਰੀਮਤੀ ਪਰਨੀਤ ਕੌਰ ਨੇ ਇਸ ਮੌਕੇ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਕੋਵਿਡ ਮਹਾਂਮਾਰੀ ਤੋਂ ਬਚਾਅ ਲਈ ਜਰੂਰੀ ਇਹਤਿਆਤ ਵਰਤਣ ਤੇ ਲੱਛਣ ਆਉਣ ‘ਤੇ ਆਪਣਾ ਟੈਸਟ ਕਰਵਾ ਕੇ ਤੁਰੰਤ ਇਲਾਜ ਕਰਵਾਉਣਾ ਚਾਹੀਦਾ ਹੈ ਤਾਂ ਕਿ ਕੀਮਤੀ ਜਾਨਾਂ ਬਚ ਸਕਣ। ਲੋਕ ਸਭਾ ਮੈਂਬਰ ਨੇ ਕਿਹਾ ਕਿ ਹਰੇਕ ਵਿਅਕਤੀ ਨੂੰ ਜਿੰਮੇਵਾਰ ਨਾਗਰਿਕ ਬਣਕੇ ਸਰਕਾਰ ਵੱਲੋਂ ਕੋਵਿਡ ਨੂੰ ਹਰਾਉਣ ਲਈ ਕੀਤੇ ਜਾ ਰਹੇ ਯਤਨਾਂ ਦਾ ਸਾਥ ਦੇਣਾ ਚਾਹੀਦਾ ਹੈ ।
ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਮੌਕੇ ਆਪਣੇ ਸੰਬੋਧਨ ‘ਚ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗਰੀਬਾਂ ਤੇ ਲੋੜਵੰਦ ਲਾਭਪਾਤਰੀਆਂ ਨੂੰ ਉਨ੍ਹਾਂ ਦਾ ਬਣਦਾ ਹੱਕ ਤੇ ਰਾਸ਼ਨ ਪਾਰਦਰਸ਼ੀ ਢੰਗ ਨਾਲ ਦਿਵਾਉਣ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ ਕੀਤੀ ਹੈ। ਇਸ ਨਾਲ ਜਿੱਥੇ ਲਾਭਪਾਤਰੀ ਨੂੰ ਕਿਸੇ ਵੀ ਰਾਸ਼ਨ ਡਿਪੂ ਤੋਂ ਰਾਸ਼ਨ ਲੈਣ ਦੀ ਚੋਣ ਕਰਨ ਦਾ ਹੱਕ ਮਿਲੇਗਾ ਉਥੇ ਹੀ ਸਰਕਾਰੀ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਪ੍ਰਕ੍ਰਿਆ ਅਸਰਦਾਰ ਤੇ ਸੁਖਾਲੀ ਬਣੇਗੀ। ਸ. ਧਰਮਸੋਤ ਨੇ ਦੱਸਿਆ ਕਿ ਕੈਪਟਨ ਸਰਕਾਰ ਨੇ ਪਹਿਲਾਂ ਰਾਸ਼ਨ ਨੂੰ ਈ-ਪੌਸ ਮਸ਼ੀਨਾ ਨਾਲ ਰਾਸ਼ਨ ਆਨ ਲਾਇਨ ਵੰਡਣ ਦੀ ਪ੍ਰਕ੍ਰਿਆ ਸ਼ੁਰੂ ਕੀਤੀ ਅਤੇ ਹੁਣ ਸਮਾਰਟ ਰਾਸ਼ਨ ਕਾਰਡ ਲਿਆਂਦੇ ਹਨ। ਉਨ੍ਹਾਂ ਦੱਸਿਆ ਕਿ ਇਸ ਨਾਲ ਜਿੱਥੇ ਰਾਸ਼ਨ ਵੰਡੇ ਜਾਣ ‘ਚ ਹੋਣ ਵਾਲੀਆਂ ਧਾਂਦਲੀਆਂ ਤੇ ਹੇਰਾਫੇਰੀਆਂ ਨੂੰ ਠੱਲ ਪਈ ਹੈ, ਉਥੇ ਹੀ ਲਾਭਪਾਤਰੀਆਂ ਦੀਆਂ ਸ਼ਿਕਾਇਤਾਂ ਵੀ ਖ਼ਤਮ ਹੋਣ ਨਾਲ ਉਨ੍ਹਾਂ ਦੇ ਹੱਕਾਂ ਦੀ ਵੀ ਰਾਖੀ ਹੋਈ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਪਾਣੀਆਂ ਦੇ ਰਾਖੇ ਬਣੇ ਫੇਰ ਕਿਸਾਨਾਂ ਦੇ ਰਾਖੇ ਅਤੇ ਹੁਣ ਗਰੀਬਾਂ ਦੇ ਲੋੜਵੰਦਾਂ ਦੇ ਹੱਕਾਂ ਦੇ ਰਾਖੇ ਬਣੇ ਹਨ। ਸ. ਧਰਮਸੋਤ ਨੇ ਦੱਸਿਆ ਕਿ ਪੰਜਾਬ ਭਰ ‘ਚ ਜਿੱਥੇ 1 ਕਰੋੜ 41 ਲੱਖ ਲਾਭਪਾਤਰੀ ਹਨ, ਉਥੇ ਹੀ ਪਟਿਆਲਾ ਜ਼ਿਲ੍ਹੇ ‘ਚ 2 ਲੱਖ 20 ਹਜ਼ਾਰ 949 ਸਮਾਰਟ ਕਾਰਡਾਂ ਨਾਲ 8 ਲੱਖ 58 ਹਜ਼ਾਰ 210 ਲਾਭਪਾਤਰੀਆਂ ਨੂੰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਮਹਾਂਮਾਰੀ ਦੌਰਾਨ ਵੀ ਪੰਜਾਬ ਅਤੇ ਪੰਜਾਬੀਆਂ ਦਾ ਖਿਆਲ ਰੱਖਦਿਆਂ ਲਾਮਿਸਾਲ ਪ੍ਰਬੰਧ ਕੀਤੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾ ਸਮਾਰਟ ਕਾਰਡਾਂ ‘ਤੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ-2013 ਤਹਿਤ ਅਪੈਲ 2020 ਤੋਂ ਸਤੰਬਰ 2020 ਤੱਕ 6 ਮਹੀਨਿਆਂ ਦੀ ਕਣਕ ਵੰਡਣ ਸਮੇਤ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਜੁਲਾਈ 2020 ਤੋਂ ਨਵੰਬਰ 2020 ਤੱਕ ਕੁਲ 5 ਮਹੀਨਿਆਂ ਦੀ ਕਣਕ ਪੰਜ ਕਿੱਲੋ ਪ੍ਰਤੀ ਜੀਅ ਪ੍ਰਤੀ ਮਹੀਨਾ ਵੰਡੀ ਜਾ ਰਹੀ ਹੈ। ਇਸ ਤੋਂ ਇਲਾਵਾ ਦਾਲ ਇੱਕ ਕਿੱਲੋ ਪ੍ਰਤੀ ਕਾਰਡ ਪ੍ਰਤੀ ਮਹੀਨਾ ਬਿਲਕੁਲ ਮੁਫ਼ਤ ਵੰਡਣ ਦੀ ਵੀ ਸ਼ੁਰੂਆਤ ਜਲਦੀ ਹੀ ਕੀਤੀ ਜਾਵੇਗੀ। ਇਸ ਦੌਰਾਨ ਸਮਾਰਟ ਰਾਸ਼ਨ ਕਾਰਡ ਕਰਨ ਵਾਲੇ ਲਾਭਪਾਤਰੀਆਂ, ਊਸ਼ਾ ਦੇਵੀ, ਅਮਰਿੰਦਰ ਸਿੰਘ, ਕਮਲਜੀਤ ਕੌਰ, ਕਮਲਾ, ਸਰਿਤਾ ਗੁਪਤਾ, ਬਲਵਿੰਦਰ ਸਿੰਘ, ਬਲਜਿੰਦਰ ਸਿੰਘ ਖੈਰਾ, ਨਾਇਬ ਸਿੰਘ, ਲਛਮੀ ਤੇ ਮਥਰਾ ਪ੍ਰਸਾਦ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਮਾਰਟ ਕਾਰਡ ਦੇਣਾ ਗਰੀਬਾਂ ਨੂੰ ਸਮੇਂ ਸਿਰ ਪੂਰਾ ਰਾਸ਼ਨ ਦਿਵਾਉਣ ਲਈ ਪੰਜਾਬ ਸਰਕਾਰ ਦਾ ਇਹ ਵੱਡਾ ਉਪਰਾਲਾ ਹੈ ਅਤੇ ਉਹ ਗਰੀਬਾਂ ਦਾ ਬਣਦਾ ਹੱਕ ਦਿਵਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਨ। ਸਮਾਰੋਹ ਦੌਰਾਨ ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ, ਪੰਜਾਬ ਸਮਾਜ ਭਲਾਈ ਬੋਰਡ ਦੇ ਚੇਅਰਪਰਸਨ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ, ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ, ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਸ. ਸੰਤੋਖ ਸਿੰਘ, ਇੰਪਰੂਵਮੈਂਟ ਟਰਸਟ ਚੇਅਰਮੈਨ ਸ੍ਰੀ ਸੰਤ ਬਾਂਗਾ, ਪੰਜਾਬ ਲਾਰਜ ਸਕੇਲ ਇੰਡਸਟਰੀ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਸ੍ਰੀ ਕੇ.ਕੇ. ਸਹਿਗਲ, ਪਨਗਰੇਨ ਦੇ ਡਾਇਰੈਕਟਰ ਸ੍ਰੀ ਰਜਨੀਸ਼ ਸ਼ੋਰੀ, ਸ਼ਹਿਰੀ ਕਾਂਗਰਸ ਪ੍ਰਧਾਨ ਸ੍ਰੀ ਕੇ.ਕੇ. ਮਲਹੋਤਰਾ, ਦਿਹਾਤੀ ਕਾਂਗਰਸ ਪ੍ਰਧਾਨ ਸ. ਗੁਰਦੀਪ ਸਿੰਘ ਊਂਟਸਰ, ਮਹਿਲਾ ਕਾਂਗਰਸ ਪ੍ਰਧਾਨ ਸ੍ਰੀਮਤੀ ਕਿਰਨ ਢਿੱਲੋਂ, ਯੂਥ ਕਾਂਗਰਸ ਪ੍ਰਧਾਨ ਸ੍ਰੀ ਅਨੁਜ ਖੋਸਲਾ ਤੇ ਸ. ਹਰਦੇਵ ਸਿੰਘ ਬੱਲੀ ਸ਼ਾਮਲ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਐਸ.ਐਸ.ਪੀ. ਸ੍ਰੀ ਵਿਕਰਮ ਜੀਤ ਦੁੱਗਲ, ਨਿਗਮ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ, ਏ.ਡੀ.ਸੀ. ਸ੍ਰੀਮਤੀ ਪੂਜਾ ਸਿਆਲ ਗਰੇਵਾਲ, ਸਹਾਇਕ ਕਮਿਸ਼ਨਰ (ਜ) ਡਾ. ਇਸਮਤ ਵਿਜੇ ਸਿੰਘ, ਡੀ.ਐਫ.ਐਸ.ਸੀ. ਸ. ਹਰਸ਼ਰਨਜੀਤ ਸਿੰਘ ਬਰਾੜ ਸਮੇਤ ਲਾਭਪਾਤਰੀ, ਰਾਸ਼ਨ ਡਿਪੂ ਹੋਲਡਰ ਤੇ ਹੋਰ ਪਤਵੰਤੇ ਮੌਜੂਦ ਸਨ।





















