ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਪੰਜਾਬ ਸਰਕਾਰ ਦੀਆਂ ਅੱਖਾਂ ਤੇ ਕੰਨ ਬਣ ਕੇ ਕੰਮ ਕਰ ਰਹੇ ਖੁਸ਼ਹਾਲੀ ਦੇ ਰਾਖੇ (ਜੀ. ਓ. ਜੀਜ਼) ਹੁਣ ਪ੍ਰਸ਼ਾਸਨ ਨਾਲ ਮੋਢੇ ਨਾਲ ਮੋਢਾ ਜੋੜ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਜੀਅ-ਜਾਨ ਨਾਲ ਜੁੱਟੇ ਹੋਏ ਹਨ। ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਖੁਸ਼ਹਾਲੀ ਦੇ ਰਾਖਿਆਂ (ਜੀ. ਓ. ਜੀਜ਼) ਵੱਲੋਂ ਜ਼ਿਲਾ ਵਾਸੀਆਂ ਨੂੰ ਕੋਰੋਨਾ ਵਾਇਰਸ ਦੀ ਲਾਗ ਤੋਂ ਬਚਾਉਣ ਅਤੇ ਅਫ਼ਵਾਹਾਂ ਤੋਂ ਸੁਚੇਤ ਰੱਖਣ ਲਈ ਜ਼ਿਲੇ ਵਿਚ ਵੱਡੀ ਪੱਧਰ ’ਤੇ ਮੁਹਿੰਮ ਚਲਾਈ ਗਈ ਹੈ। ਇਸ ਤਹਿਤ ਜਿਥੇ ਉਨਾਂ ਵੱਲੋਂ ਪਿੰਡਾਂ ਵਿਚ ਘਰ-ਘਰ ਜਾ ਕੇ ਲੋਕਾਂ ਨੂੰ ਇਸ ਬਿਮਾਰੀ ਪ੍ਰਤੀ ਸੁਚੇਤ ਕਰਦਿਆਂ ਸਾਵਧਾਨੀਆਂ ਵਰਤਣ ਦੀ ਤਾਕੀਦ ਕੀਤੀ ਜਾ ਰਹੀ ਹੈ ਉਥੇ ਹੀ ਸ਼ਰਾਰਤੀ ਅਨਸਰਾਂ ਵੱਲੋਂ ਕੋਵਿਡ ਸਬੰਧੀ ਫੈਲਾਈਆਂ ਜਾ ਰਹੀਆਂ ਝੂਠੀਆਂ ਅਫਵਾਹਾਂ ਤੋਂ ਸੁਚੇਤ ਰਹਿਣ ਦਾ ਵੀ ਸੱਦਾ ਦਿੱਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀ. ਓ. ਜੀਜ਼ ਦੇ ਜ਼ਿਲਾ ਹੈੱਡ ਕਰਨਲ ਚੂਹੜ ਸਿੰਘ ਨੇ ਦੱਸਿਆ ਕਿ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ 136 ਜੀ. ਓ. ਜੀਜ਼ ਸੇਵਾਵਾਂ ਨਿਭਾਅ ਰਹੇ ਹਨ, ਜਿਨਾਂ ਵੱਲੋਂ ਆਪਣੇ ਨਾਲ ਸਬੰਧਤ ਪਿੰਡਾਂ ਵਿਚ ਕੋਵਿਡ ਪ੍ਰਤੀ ਵੱਡੀ ਪੱਧਰ ’ਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਉਨਾਂ ਨੂੰ ਅੱਗੇ ਆ ਕੇ ਕੋਵਿਡ ਟੈਸਟ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਤਹਿਤ ਪਿੰਡਾਂ ਦੇ ਗੁਰਦੁਆਰਿਆਂ, ਮੰਦਿਰਾਂ ਅਤੇ ਹੋਰਨਾਂ ਧਾਰਮਿਕ ਸਥਾਨਾਂ ਤੋਂ ਰੈਗੂਲਰ ਵਕਫੇ ’ਤੇ ਲੋਕਾਂ ਨੂੰ ਮਾਸਕ ਪਹਿਨਣ, ਵਾਰ-ਵਾਰ ਸਾਬਣ ਨਾਲ ਹੱਥ ਧੋਣ ਅਤੇ ਸਮਾਜਿਕ ਵਿੱਥ ਬਣਾਈ ਰੱਖਣ ਸਬੰਧੀ ਅਨਾਊਂਸਮੈਂਟ ਕਰਵਾਈ ਜਾ ਰਹੀ ਹੈ। ਇਸੇ ਤਰਾਂ ਲੋਕਾਂ ਨੂੰ ਇਕੱਠ ਨਾ ਕਰਨ ਅਤੇ ਕੇਵਲ ਜ਼ਰੂਰੀ ਕੰਮ ਲਈ ਹੀ ਘਰਾਂ ਤੋਂ ਬਾਹਰ ਨਿਕਲਣ ਸਬੰਧੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਮਨਰੇਗਾ ਵਰਕਰਾਂ ਨੂੰ ਵੀ ਇਸ ਬਿਮਾਰੀ ਤੋਂ ਬਚਾਅ ਲਈ ਸੁਚੇਤ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਲੋਕਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਅਫ਼ਵਾਹਾਂ ਤੋਂ ਸੁਚੇਤ ਰਹਿ ਕੇ ਜਾਂਚ ਨਾਲ ਹੀ ਕੋਵਿਡ ਦੀ ਚੇਨ ਨੂੰ ਤੋੜਿਆ ਜਾ ਸਕਦਾ ਹੈ।
ਫੋਟੋ ਕੈਪਸ਼ਨ : ਪਿੰਡਾਂ ਵਿਚ ਲੋਕਾਂ ਨੂੰ ਕੋਰੋਨਾ ਵਾਇਰਸ ਪ੍ਰਤੀ ਜਾਗਰੂਕ ਕਰਦੇ ਹੋਏ ਖੁਸ਼ਹਾਲੀ ਦੇ ਰਾਖੇ