ਖਾਲੜਾ ( ਜਗਜੀਤ ਸਿੰਘ ਡੱਲ,ਭੁੱਲਰ ) -ਕੇਂਦਰ ਦੀ ਭਾਜਪਾ ਸਰਕਾਰ ਵਲੋਂ ਖੇਤੀ ਆਰਡੀਨੈਂਸ ਬਿੱਲ ਪਾਸ ਕਰ ਕੇ ਪੰਜਾਬ ਅਤੇ ਹਰਿਆਣਾ ਸਮੇਤ ਪੂਰੇ ਭਾਰਤ ਦੇ ਕਿਸਾਨਾਂ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ , ਜਿਸਦਾ ਪਹਿਲਾਂ ਪੱਖ ਪੂਰਨਵਾਲਾ ਬਾਦਲ ਪਰਿਵਾਰ ਹੁਣ ਖੇਤੀ ਆਰਡੀਨੈਂਸ ਦਾ ਪੱਲੜਾ ਭਾਰੀ ਹੁੰਦੇ ਦੇਖ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ । ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ ਦਲ) ਦੇ ਜਿਲ੍ਹਾ ਪ੍ਰਧਾਨ ਜਥੇਦਾਰ ਸ੍ਰ ਕਰਮ ਸਿੰਘ ਭੋਈਆਂ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ।ਕਰਮ ਸਿੰਘ ਨੇ ਕਿਹਾ ਕਿ ਜਦੋਂ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਿਸਾਨ ਵਿਰੋਧੀ ਖੇਤੀ ਆਰਡੀਨੈਂਸ ਪਾਸ ਕੀਤਾ ਗਿਆ ਸੀ ਤਾਂ ਉਸ ਸਮੇਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਲੀਡਰਸ਼ਿਪ ਇਹ ਕਹਿ ਰਹੀ ਸੀ ਕਿ ਵਿਰੋਧੀ ਪਾਰਟੀਆਂ ਪਾਸ ਕੀਤੇ ਗਏ ਆਰਡੀਨੈਂਸ ਬਿੱਲ ਸਬੰਧੀ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਹਨ
ਪਰ ਪੂਰੇ ਭਾਰਤ ‘ਚ ਇਸਦਾ ਵਿਰੋਧ ਹੁੰਦਾ ਦੇਖ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਅਸਤੀਫਾ ਦੇ ਕੇ ਆਪਣੀ ਪਾਰਟੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਹੈ । ਲੋਕ ਅਕਾਲੀ – ਭਾਜਪਾ ਦੀਆਂ ਚਾਲਾਂ ਤੋਂ ਭਲੀਭਾਂਤ ਜਾਣੂ ਹਨ । ਪਿਛਲੇ 10 ਸਾਲਾਂ ਦੌਰਾਨ ਕਿਸਾਨਾਂ ਦਾ ਲੱਕ ਤੋੜਨ ਵਾਲੀ ਸ਼੍ਰੋਮਣੀ ਅਕਾਲੀ ਦਲ ਪਾਰਟੀ ਕਦੇ ਵੀ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਨਹੀਂ ਕਰ ਸਕਦੀ ਅਤੇ ਜਨਤਾਂ ਇਸ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਤੋਂ ਪੂਰੀ ਤਰ੍ਹਾਂ ਜਾਣੂ ਹੋ ਚੁੱਕੀ ਹੈ।ਆਖਰ ਵਿੱਚ ਉਹਨਾਂ ਕਿਹਾ ਕਿ ਸਿੱਖ ਕੌਮ ਅਤੇ ਕਿਸਾਨਾ , ਮਜ਼ਦੂਰਾਂ ਦੀ ਇੱਕ ਹੀ ਹਮਦਰਦ ਪਾਰਟੀ ਹੈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ।