ਪਟਿਆਲਾ (ਅਰਵਿੰਦਰ ਸਿੰਘ) ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਅੱਜ ਬਰਸਾਤਾਂ ਦੇ ਮੌਸਮ ਦੌਰਾਨ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕਰਦਿਆ ਕਿਹਾ ਕਿ ਸਬੰਧਤ ਵਿਭਾਗ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਆਪਣਾ ਕਮਿਊਨੀਕੇਸ਼ਨ ਪਲਾਨ ਤਿਆਰ ਕਰਕੇ ਇੱਕ ਹਫ਼ਤੇ ਦੇ ਅੰਦਰ-ਅੰਦਰ ਡੀ.ਸੀ. ਦਫ਼ਤਰ ਵਿਖੇ ਜਮਾਂ ਕਰਵਾਉਣ। ਉਨ੍ਹਾਂ ਕਿਹਾ ਕਿ ਕਮਿਊਨੀਕੇਸ਼ਨ ਪਲਾਨ ਅਨੁਸਾਰ ਹੀ ਵਿਭਾਗ ਸਟਾਫ਼ ਦੀਆਂ ਡਿਊਟੀਆਂ ਲਗਾਉਣ ਅਤੇ ਜੇਕਰ ਕਿਸੇ ਵੱਲੋਂ ਪਲਾਨ ਅਨੁਸਾਰ ਕੰਮ ਨਾ ਕੀਤਾ ਗਿਆ ਤਾਂ ਇਸ ਦੀ ਜ਼ਿੰਮੇਵਾਰੀ ਸਬੰਧਤ ਮੁਖੀ ਦੀ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਰਸਾਤਾਂ ਦੇ ਮੌਸਮ ਵਿਚ ਬਰਸਾਤੀ ਪਾਣੀ ਦੇ ਕੁਦਰਤੀ ਵਹਾ
ਅ ਨੂੰ ਰੋਕਣ ਵਾਲਿਆਂ ਖਿਲਾਫ ਡਿਜਾਸਟਰ ਮੈਨੇਜਮੈਂਟ ਐਕਟ ਤਹਿਤ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਣੀ ਦੇ ਕੁਦਰਤੀ ਵਹਾਅ ਨੂੰ ਰੋਕਣ ਕਾਰਨ ਹੜ੍ਹਾਂ ਵਰਗੀ ਸਥਿਤੀ ਪੈਦਾ ਹੋ ਜਾਂਦੀ ਹੈ ਜਿਸ ਨਾਲ ਫਸਲਾਂ ਅਤੇ ਹੋਰ ਜਾਨੀ ਮਾਲੀ ਨੁਕਸਾਨ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੁਦਰਤੀ ਵਹਾਅ ਰੋਕਣ ਵਾਲਿਆ ਖਿਲਾਫ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪੱਧਰ ‘ਤੇ ਜ਼ਿਲ੍ਹਾ ਮਾਲ ਅਫਸਰ ਸਾਰੇ ਪ੍ਰਬੰਧਾਂ ਲਈ ਨੋਡਲ ਅਫ਼ਸਰ ਹੋਣਗੇ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਕਿਹਾ ਕਿ ਆਪਣੇ ਅਧੀਨ ਆਉਂਦੇ ਉਨ੍ਹਾਂ ਖੇਤਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜਾ ਲੈਣ ਜਿਥੇ ਹੜ੍ਹਾਂ ਦਾ ਖਤਰਾਂ ਹੈ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸੀਵਰੇਜ ਦੀ ਸਫਾਈ ਅਤੇ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਬਿਜਲੀ ਦੀਆਂ ਢੀਲੀਆ ਤਾਰਾਂ ਨੂੰ ਕੱਸਣ ਦੀ ਹਦਾਇਤ ਕੀਤੀ। ਉਨ੍ਹਾਂ ਬਰਸਾਤ ਦੇ ਮੌਸਮ ਵਿੱਚ ਪਸ਼ੂਆਂ ਲਈ ਹਰੇ ਚਾਰੇ ਦੇ ਪ੍ਰਬੰਧ ਲਈ ਮੁੱਖ ਖੇਤੀਬਾੜੀ ਅਫ਼ਸਰ ਨੂੰ ਲੋੜੀਦੇ ਪ੍ਰਬੰਧ ਕਰਨ ਦੀ ਹਦਾਇਤ ਕੀਤੀ।
ਸ੍ਰੀ ਕੁਮਾਰ ਅਮਿਤ ਨੇ ਸਿਵਲ ਸਰਜਨ ਦਫ਼ਤਰ ਨੂੰ ਬਰਸਾਤਾਂ ਦੇ ਮੌਸਮ ਦੌਰਾਨ ਮੈਡੀਕਲ ਟੀਮਾਂ ਨੂੰ ਤਿਆਰ ਰੱਖਣ ਦੀ ਹਦਾਇਤ ਕਰਦਿਆ ਦਵਾਈਆਂ ਦਾ ਪੂਰਾ ਸਟਾਕ ਰੱਖਣ ਲਈ ਕਿਹਾ। ਉਨ੍ਹਾਂ ਡੀ.ਆਰ.ਓ ਦਫ਼ਤਰ ਨੂੰ ਜ਼ਿਲ੍ਹੇ ਵਿੱਚ ਬਣੇ ਸ਼ੈਲਟਰ ਹੋਮ ਦੀ ਲਿਸਟ ਨੂੰ ਅਪਡੇਟ ਕਰਨ ਦੀ ਹਦਾਇਤ ਕੀਤੀ ਅਤੇ ਡੀ.ਐਫ.ਐਸ.ਸੀ ਨੂੰ ਹੜ੍ਹ ਦੀ ਸਥਿਤੀ ‘ਚ ਰਿਜਰਵ ਪਏ ਖਾਣ-ਪੀਣ ਦੇ ਸਮਾਨ ਦੀ ਲਿਸਟ ਜਮਾਂ ਕਰਵਾਉਣ ਲਈ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੜ੍ਹਾਂ ਦੇ ਮੌਸਮ ਦੌਰਾਨ ਕੋਈ ਵੀ ਅਧਿਕਾਰੀ ਜਾ ਕਰਮਚਾਰੀ ਆਪਣਾ ਸਟੇਸ਼ਨ ਛੱਡਕੇ ਨਹੀਂ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਪੂਜਾ ਸਿਆਲ, ਐਸ.ਡੀ.ਐਮ ਪਟਿਆਲਾ ਤੇ ਦੁਧਨਸਾਧਾਂ ਸ. ਚਰਨਜੀਤ ਸਿੰਘ, ਐਸ.ਡੀ.ਐਮ. ਨਾਭਾ ਸ੍ਰੀ ਕਾਲਾ ਰਾਮ ਕਾਂਸਲ, ਐਸ.ਡੀ.ਐਮ. ਪਾਤੜ੍ਹਾਂ ਸ੍ਰੀਮਤੀ ਪਾਲਿਕਾ ਅਰੋੜਾ, ਐਸ.ਡੀ.ਐਮ. ਰਾਜਪੁਰਾ ਸ. ਖੁਸ਼ਦਿਲ ਸਿੰਘ ਸਮੇਤ ਫ਼ੌਜ ਦੇ ਨੁਮਾਇੰਦੇ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਮੌਜੂਦ ਸਨ।