ਖੰਨਾ (ਪਰਮਜੀਤ ਸਿੰਘ ਧੀਮਾਨ) -ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜੱਥੇਬੰਦੀਆਂ ਵੱਲੋਂ ਇਥੋਂ ਦੇ ਰੇਲਵੇ ਸਟੇਸ਼ਨ ਦੇ ਬਾਹਰ ਅਰੰਭਿਆ ਸੰਘਰਸ਼ 183ਵੇਂ ਦਿਨ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠਾਂ ਲਗਾਤਾਰ ਜਾਰੀ ਹੈ ਅਤੇ ਭੁੱਖ ਹੜਤਾਲ ਦੇ 134ਵੇਂ ਦਿਨ ’ਚ ਦਾਖ਼ਲ ਹੋਈ। ਅੱਜ ਇਥੋਂ ਦੇ ਨੇੜਲੇ ਪਿੰਡ ਰੋਹਣੋਂ ਕਲਾਂ ਦਾ ਵੱਡਾ ਜੱਥਾ ਦਿੱਲੀ ਬਾਰਡਰ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਦਲਜੀਤ ਸਿੰਘ ਸਵੈਚ ਅਤੇ ਕਸ਼ਮੀਰਾ ਸਿੰਘ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਉਲੀਕੇ ਅਪੈ੍ਰਲ ਮਹੀਨੇ ਦੇ ਪ੍ਰੋਗਰਾਮਾਂ ਨੂੰ ਕਾਮਯਾਬ ਬਨਾਉਣ ਲਈ ਕਿਸਾਨ-ਮਜ਼ਦੂਰਾਂ ਦੇ ਜੱਥੇ ਪਿੰਡ ਪਿੰਡ ਲੋਕਾਂ ਨੂੰ ਖੇਤੀ ਕਾਨੂੂੰਨਾਂ ਪ੍ਰਤੀ ਜਾਗਰੂਕ ਕਰ ਰਹੇ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਫਰਮਾਨ ਆੜ੍ਹਤੀਆਂ ਲਈ ਜਾਰੀ ਕੀਤੇ ਹਨ, ਉਨ੍ਹਾਂ ਦਾ ਨੁਕਸਾਨ ਕਿਸਾਨਾਂ ਨੂੰ ਵੀ ਭੁਗਤਣਾ ਪੈ ਰਿਹਾ ਹੈ, ਕਿਉਂਕਿ ਜਿਨ੍ਹਾਂ ਕਿਸਾਨਾਂ ਦੀਆਂ ਫਸਲਾਂ ਤਿਆਰ ਹਨ ਉਸ ਨੂੰ ਅਨੇਕਾਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਪਰੋਕਤ ਆਗੂਆਂ ਨੇ ਆੜ੍ਹਤੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਦੇ ਨਾਲ ਹਨ ਅਤੇ ਜੇਕਰ ਸਰਕਾਰ ਆੜ੍ਹਤੀ ਵਰਗ ਨਾਲ ਧੱਕੇਸ਼ਾਹੀ ਕਰੇਗੀ ਤਾਂ ਅਸੀਂ ਇਕਜੁੱਟ ਹੋ ਕੇ ਸੰਘਰਸ਼ ਕਰਾਂਗੇ। ਇਸ ਮੌਕੇ ਹਰਮਿੰਦਰ ਸਿੰਘ ਅਤੇ ਗੁਰਮੁੱਖ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਬੜੇ ਯੋਜਨਾਬੰਦ ਢੰਗ ਨਾਲ ਆੜ੍ਹਤੀਆਂ ਨੂੰ ਕਿਸਾਨਾਂ ਤੋਂ ਪਰ੍ਹੇ ਕਰਕੇ ਕਾਰਪੋਰੇਟ ਘਰਾਣਿਆਂ ਕੋਲ ਖੇਤੀ ਸੈਕਟਰ ਸੌਂਪਣਾ ਚਾਹੁੰਦੀ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਗੁਰਦਿਆਲ ਸਿੰਘ, ਦਵਿੰਦਰ ਸਿੰਘ, ਪਰਮਿੰਦਰ ਸਿੰਘ, ਜਸਵੀਰ ਸਿੰਘ, ਸੁੱਖੀ ਰਤਨਪਾਲੋਂ, ਰਛਪਾਲ ਸਿੰਘ, ਅੰਮ੍ਰਿਤਪਾਲ ਸਿੰਘ, ਲਖਵਿੰਦਰ ਸਿੰਘ, ਪਰਵਿੰਦਰ ਸਿੰਘ, ਰਣਜੀਤ ਸਿੰਘ, ਜਗਜੀਤ ਸਿੰਘ, ਦਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਮਨਜੀਤ ਸਿੰਘ, ਸਿੰਗਾਰਾ ਸਿੰਘ, ਗੁਰਮੀਤ ਸਿੰਘ, ਜਤਿੰਦਰ ਸਿੰਘ ਆਦਿ ਹਾਜ਼ਰ ਸਨ।






















