ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਲੋਕਾਂ ਦੇ ਜ਼ਿਆਦਾ ਸੰਪਰਕ ਵਿਚ ਆਉਣ ਵਾਲੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਕੋਵਿਡ ਟੈਸਟ ਜ਼ਰੂਰ ਕਰਵਾਉਣ। ਅੱਜ ਇਥੇ ਜ਼ਿਲਾ ਪੁਲਿਸ ਮੁਖੀ ਸ੍ਰੀਮਤੀ ਅਲਕਾ ਮੀਨਾ ਸਮੇਤ ਜ਼ਿਲਾ ਵਪਾਰ ਮੰਡਲ ਦੇ ਅਹੁਦੇਦਾਰਾਂ ਨਾਲ ਮੀਟਿੰਗ ਦੌਰਾਨ ਉਨਾਂ ਕਿਹਾ ਕਿ ਇਸ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਇਹ ਬਹੁਤ ਜ਼ਰੂਰੀ ਹੈ ਕਿ ਕੋਵਿਡ ਦਾ ਟੈਸਟ ਕਰਵਾਇਆ ਜਾਵੇ। ਇਸ ਲਈ ਲੋਕਾਂ ਦੇ ਜ਼ਿਆਦਾ ਸੰਪਰਕ ਵਿਚ ਆਉਣ ਵਾਲਿਆਂ ਨੂੰ ਇਸ ਸਬੰਧੀ ਅੱਗੇ ਆਉਣਾ ਚਾਹੀਦਾ ਹੈ।
ਉਨਾਂ ਦੱਸਿਆ ਕਿ ਸਿਵਲ ਹਸਪਤਾਲ ਨਵਾਂਸ਼ਹਿਰ, ਸੀ. ਐਚ. ਸੀ ਬੰਗਾ ਅਤੇ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਕੋਵਿਡ ਦਾ ਰੈਪਿਡ ਟੈਸਟ ਮੁਫ਼ਤ ਕੀਤਾ ਜਾਂਦਾ ਹੈ, ਜਿਸ ਦੀ ਰਿਪੋਰਟ ਵੀ ਦੋ ਘੰਟਿਆਂ ਵਿਚ ਮਿਲ ਜਾਂਦੀ ਹੈ। ਉਨਾਂ ਕਿਹਾ ਕਿ ਜੇਕਰ ਵਿਅਕਤੀ ਏਸਿੰਪਟੋਮੈਟਿਕ ਹੈ ਤਾਂ ਉਹ ਘਰ ਵਿਚ ਹੀ ਆਈਸੋਲੇਟ ਹੋ ਸਕਦਾ ਹੈ। ਇਸ ਲਈ ਆਪਣੇ ਪਰਿਵਾਰਾਂ ਅਤੇ ਸਮਾਜ ਨੂੰ ਇਸ ਬਿਮਾਰੀ ਤੋਂ ਸੁਰੱਖਿਅਤ ਰੱਖਣ ਲਈ ਜ਼ਿਆਦਾ ਸੰਪਰਕ ਵਿਚ ਰਹਿਣ ਵਾਲਿਆਂ ਨੂੰ ਕੋਵਿਡ ਟੈਸਟ ਜ਼ਰੂਰ ਕਰਵਾਉਣਾ ਚਾਹੀਦਾ ਹੈ। ਉਨਾਂ ਵਪਾਰ ਮੰਡਲ ਦੇ ਅਹੁਦੇਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਦੁਕਾਨਦਾਰਾਂ ਨੂੰ ਟੈਸਟ ਕਰਵਾਉਣ ਲਈ ਪ੍ਰੇਰਿਤ ਕਰਨ। ਇਸ ਮੌਕੇ ਵਪਾਰ ਮੰਡਲ ਦੇ ਪ੍ਰਧਾਨ ਗੁਰਚਰਨ ਅਰੋੜਾ, ਸ੍ਰੀ ਪ੍ਰਵੀਨ ਭਾਟੀਆ ਅਤੇ ਹੋਰ ਹਾਜ਼ਰ ਸਨ।