ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਡਾਇਰੈਕਟਰ ਮਾਈਨਿੰਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲੇ ਵਿਚ ਰੇਤ ਦੀ ਗੈਰ-ਕਾਨੂੰਨੀ ਨਿਕਾਸੀ ਨੂੰ ਰੋਕਣ ਲਈ ਚਲਾਈ ਗਈ ਮੁਹਿੰਮ ਤਹਿਤ ਬੀਤੀ ਰਾਤ ਪਿੰਡ ਬੁਰਜ ਟਹਿਲ ਦਾਸ ਵਿਖੇ ਮਾਈਨਿੰਗ ਟੀਮ ਵੱਲੋਂ ਕੀਤੀ ਅਚਨਚੇਤ ਛਾਪੇਮਾਰੀ ਦੌਰਾਨ ਗੈਰ-ਕਾਨੂੰਨੀ ਨਿਕਾਸੀ ਕੀਤੀ ਗਈ ਰੇਤ ਨਾਲ ਭਰੀਆਂ ਦੋ ਟ੍ਰੈਕਟਰ-ਟਰਾਲੀਆਂ ਅਤੇ ਇਕ ਬਲੈਰੋ ਗੱਡੀ ਜ਼ਬਤ ਕਰ ਕੇ ਇਕ ਵਿਅਕਤੀ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਮਾਈਨਿੰਗ ਅਫ਼ਸਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਨਾਂ ਵੱਲੋਂ ਇਕ ਗੁਪਤ ਸੂਚਨਾ ਦੇ ਆਧਾਰ ’ਤੇ ਪੁਲਿਸ ਪਾਰਟੀ ਸਮੇਤ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ।
ਉਨਾਂ ਦੱਸਿਆ ਕਿ ਔੜ-ਫਾਂਬੜਾ ਰੋਡ ’ਤੇ ਕੀਤੀ ਗਈ ਇਸ ਕਾਰਵਾਈ ਦੌਰਾਨ ਬਲੈਰੋ ਗੱਡੀ ਦੇ ਡਰਾਈਵਰ ਕੁਲਵਿੰਦਰ ਸਿੰਘ ਵਾਸੀ ਬੁਰਜ ਟਹਿਲ ਦਾਸ ਨੂੰ ਕਾਬੂ ਕੀਤਾ ਗਿਆ, ਜੋ ਕਿ ਟਰੈਕਟਰ-ਟਰਾਲੀਆਂ ਦੇ ਅੱਗੇ ਚੱਲ ਕੇ ਉਨਾਂ ਨੂੰ ਰਸਤਾ ਦਿਖਾ ਰਿਹਾ ਸੀ। ਉਨਾਂ ਦੱਸਿਆ ਕਿ ਹਾਲਾਂਕਿ ਟਰੈਕਟਰ-ਟਰਾਲੀਆਂ ਦੇ ਡਰਾਈਵਰ ਹਨੇਰੇ ਦਾ ਫਾਇਦਾ ਉਠਾ ਕੇ ਮੌਕੇ ਤੋਂ ਭੱਜਣ ਵਿਚ ਸਫਲ ਹੋ ਗਏ। ਉਨਾਂ ਦੱਸਿਆ ਕਿ ਇਸ ਸਬੰਧੀ ਪੁਲਿਸ ਥਾਣਾ ਔੜ ਵਿਖੇ ਐਫ. ਆਈ. ਆਰ ਨੰ: 60, ਮਿਤੀ 20.8.2020 ਦਰਜ ਕੀਤੀ ਗਈ ਹੈ। ਉਨਾਂ ਦੱਸਿਆ ਕਿ ਗੈਰ-ਕਾਨੂੰਨੀ ਮਾਈਨਿੰਗ ਖਿਲਾਫ਼ ਚਲਾਈ ਗਈ ਮੁਹਿੰਮ ਤਹਿਤ ਅਪ੍ਰੈਲ 2020 ਤੋਂ ਹੁਣ ਤੱਕ ਜ਼ਿਲੇ ਵਿਚ 45 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ। ਡਿਪਟੀ ਕਮਿਸ਼ਨਰ ਦੇ ਹੁਕਮਾਂ ਤਹਿਤ ਜ਼ਿਲੇ ਵਿਚ ਗੈਰ-ਕਾਨੂੰਨੀ ਮਾਈਨਿੰਗ ਖਿਲਾਫ ਇਹ ਮੁਹਿੰਮ ਲਗਾਤਾਰ ਚਲਾਈ ਜਾਵੇਗੀ ਅਤੇ ਕਿਸੇ ਨੂੰ ਵੀ ਗੈਰ-ਕਾਨੂੰਨੀ ਮਾਈਨਿੰਗ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।