ਚੰਡੀਗੜ੍ਹ (ਮੀਡੀਆ ਬਿਊਰੋ)ਉੱਤਰ ਪ੍ਰਦੇਸ਼ ਵਿਚ ਲਖੀਮਪੁਰ ਖੀਰੀ ਦੀ ਦੁਖਦਾਇਕ ਘਟਨਾ ਦੀ ਸਖਤ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਭਾਰਤੀ ਜਨਤਾ ਪਾਰਟੀ ਨੂੰ ਵੰਗਾਰਦਿਆਂ ਕਿਹਾ ਕਿ ਲੋਕਾਂ ਦੀ ਆਵਾਜ਼ ਦਬਾਉਣ ਲਈ ਡੰਡਾ ਰਾਜ ਲਾਗੂ ਕਰਨ ਦੀ ਬਜਾਏ ਜਮਹੂਰੀ ਕਦਰਾਂ-ਕੀਮਤਾਂ ਦਾ ਸਤਿਕਾਰ ਕੀਤਾ ਜਾਵੇ। ਇੱਥੇ ਸਮਾਰਕ ਭਵਨ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਮੁੱਖ ਮੰਤਰੀ ਨੇ ਆਪਣੇ ਕੈਬਨਿਟ ਸਾਥੀਆਂ, ਵਿਧਾਇਕਾਂ ਅਤੇ ਪਾਰਟੀ ਵਰਕਰਾਂ ਨਾਲ ਸ਼ਾਂਤਮਈ ਪ੍ਰਦਰਸ਼ਨ ਕਰਦਿਆਂ ਸੰਕਲਪ ਲਿਆ ਕਿ ਉਹ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਵਧੀਕੀਆਂ ਅੱਗੇ ਝੁਕਣ ਵਾਲੇ ਨਹੀਂ ਕਿਉਂ ਜੋ ਭਾਜਪਾ ਦਹਿਸ਼ਤ ਦਾ ਰਾਜ ਕਾਇਮ ਕਰਕੇ ਲੋਕਾਂ ਨੂੰ ਡਰਾਉਣਾ ਚਾਹੁੰਦੀ ਹੈ।
ਲਖੀਮਪੁਰ ਖੀਰੀ ਦੀਆਂ ਨਿਰਦਈ ਘਟਨਾਵਾਂ ਦੀ ਤੁਲਨਾ ਜਲਿਆਂਵਾਲਾ ਬਾਗ ਦੇ ਕਤਲੇਆਮ ਨਾਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ ਵਿਚ ਵਾਪਰੀ ਇਹ ਘਟਨਾ ਪਹਿਲਾਂ ਘੜੀ ਗਈ ਸੀ ਅਤੇ ਗਿਣ-ਮਿੱਥ ਕੇ ਭੋਲੇ-ਭਾਲੇ ਕਿਸਾਨਾਂ ਨੂੰ ਦਰੜ ਦਿੱਤਾ ਗਿਆ ਜੋ ਖੇਤੀ ਕਾਨੂੰਨਾਂ ਖਿਲਾਫ ਸ਼ਾਂਤਮਈ ਰੋਸ ਪ੍ਰਗਟਾ ਰਹੇ ਸਨ। ਸ. ਚੰਨੀ ਨੇ ਕਿਹਾ ਅਜਿਹੀਆਂ ਕਾਰਾਵਾਈਆਂ ਨਾਲ ਕਿਸਾਨਾਂ ਦੇ ਮਨੋਬਲ ਨੂੰ ਢਾਹ ਲਾਉਣ ਲਈ ਭਾਜਪਾ ਦੇ ਨਾਪਾਕ ਇਰਾਦੇ ਸਫਲ ਨਹੀਂ ਹੋਣਗੇ ਜੋ ਕਿਸਾਨਾਂ ਨੂੰ ਸੰਘਰਸ਼ ਦੇ ਸ਼ਾਂਤਮਈ ਰਾਹ ਤੋਂ ਭਟਕਾਉਣਾ ਚਾਹੁੰਦੀ ਹੈ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਕਾਂਗਰਸ ਦੀ ਕੌਮੀ ਨੇਤਾ ਪਿ੍ਰਅੰਕਾ ਗਾਂਧੀ ਨੂੰ ਗਿ੍ਰਫਤਾਰ ਕਰ ਲੈਣ ਦੀ ਆਲੋਚਨਾ ਕੀਤੀ ਜੋ ਦੁੱਖ ਦੀ ਇਸ ਘੜੀ ਵਿਚ ਲਖਮੀਰਪੁਰ ਖੀਰੀ ਦੇ ਪੀੜਤ ਪਰਿਵਾਰਾਂ ਨੂੰ ਇਕਜੁਟਤਾ ਪ੍ਰਗਟਾਉਣ ਲਈ ਉਨਾਂ ਨੂੰ ਮਿਲਣ ਲਈ ਜਾ ਰਹੇ ਸਨ। ਉਨਾਂ ਕਿਹਾ ਕਿ ਅਜਿਹੀਆਂ ਵਧੀਕੀਆਂ ਨਾਲ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋ ਕੇ ਉਭਰੇਗੀ ਜਿਸ ਨਾਲ ਆਖਰ ਕੇਂਦਰ ਵਿਚ ਹੀ ਨਹੀਂ ਸਗੋਂ ਬਾਕੀ ਸੂਬਿਆਂ ਵਿਚ ਵੀ ਭਾਜਪਾ ਦੇ ਸ਼ਾਸਨ ਦਾ ਅੰਤ ਹੋਵੇਗਾ।
ਮੁੱਖ ਮੰਤਰੀ ਨੇ ਕੇਂਦਰ ਨੂੰ ਸੁਚੇਤ ਕਰਦਿਆਂ ਕਿਹਾ ਕਿ ਲਖਮੀਰਪੁਰ ਖੀਰੀ ਵਰਗੀਆਂ ਮੰਦਭਾਗੀਆਂ ਘਟਨਾਵਾਂ ਦੇ ਸੰਦਰਭ ਵਿਚ ਸਾਡੇ ਨੌਜਵਾਨਾਂ ਨੂੰ ਕ੍ਰਾਂਤੀਕਾਰੀ ਰਾਹ ਅਪਣਾਉਣ ਲਈ ਮਜਬੂਰ ਨਾ ਕੀਤਾ ਜਾਵੇ ਜੋ ਇਨਸਾਫ ਲੈਣ ਲਈ ਆਖਰ ਸਾਡੇ ਮਹਾਨ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਊਧਮ ਸਿੰਘ ਤੋਂ ਪ੍ਰੇਰਨਾ ਲੈਣਗੇ। ਸ. ਚੰਨੀ ਨੇ ਕੇਂਦਰ ਨੂੰ ਅਪੀਲ ਕੀਤੀ ਕਿ ਇਨਾਂ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕੀਤਾ ਜਾਵੇ ਤਾਂ ਕਿ ਸ਼ਾਂਤਮਈ ਮਾਹੌਲ ਖਰਾਬ ਨਾ ਹੋਵੇ ਅਤੇ ਅਮਨ-ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਹਰ ਹਾਲ ਵਿਚ ਕਾਇਮ ਰੱਖਣਾ ਸਾਡੇ ਸਾਰਿਆਂ ਦੀ ਮੁੱਖ ਜ਼ਿੰਮੇਵਾਰੀ ਬਣਦੀ ਹੈ। ਇਸ ਤੋਂ ਪਹਿਲਾਂ, ਮੁੱਖ ਮੰਤਰੀ ਨੇ ਮਹਾਤਮਾ ਗਾਂਧੀ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਜਮਹੂਰੀ ਹੱਕਾਂ ਦੀ ਰਾਖੀ ਲਈ ਰਾਸ਼ਟਰ ਪਿਤਾ ਪਾਸੋਂ ਪ੍ਰੇਰਨਾ ਲੈਣ ਲਈ ਦਿ੍ਰੜ ਸੰਕਲਪ ਲਿਆ। ਇਸ ਮੌਕੇ ਮੁੱਖ ਮੰਤਰੀ ਨੇ ਚੰਡੀਗੜ ਦੇ ਯੂਥ ਕਾਂਗਰਸ ਵਰਕਰਾਂ ਦੇ ਧਰਨੇ ਵਿਚ ਵੀ ਸ਼ਮੂਲੀਅਤ ਕੀਤੀ ਅਤੇ “ਭਾਰਤ ਮਾਤਾ ਕੀ ਜੈ” ਅਤੇ “ਵੰਦੇ ਮਾਤਰਮ” ਦੇ ਨਾਅਰੇ ਲਾਏ। ਇਸ ਪ੍ਰਦਰਸ਼ਨ ਵਿਚ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਤਿ੍ਰਪਤ ਰਾਜਿੰਦਰ ਸਿੰਘ ਬਾਜਵਾ, ਰਾਣਾ ਗੁਰਜੀਤ ਸਿੰਘ, ਪਰਗਟ ਸਿੰਘ, ਸੰਗਤ ਸਿੰਘ ਗਿਲਜ਼ੀਆਂ, ਗੁਰਕੀਰਤ ਸਿੰਘ ਕੋਟਲੀ ਤੋਂ ਇਲਾਵਾ ਕਈ ਵਿਧਾਇਕਾਂ ਅਤੇ ਪਾਰਟੀ ਲੀਡਰਾਂ ਤੇ ਵਰਕਰਾਂ ਨੇ ਵੀ ਸ਼ਿਰਕਤ ਕੀਤੀ।






















