ਜਲੰਧਰ, ਮੀਡੀਆ ਬਿਊਰੋ:
ਸੰਤ ਸਮਾਜ, ਜਿਸ ਵਿਚ ਉਦਾਸੀਨ, ਨਿਰਮਲੇ, ਕਾਰ ਸੇਵਾ ਵਾਲੇ ਤੇ ਨਿਹੰਗ ਸਿੰਘਾਂ ਸਮੇਤ ਹੋਰ ਕਈ ਸੰਪਰਦਾਵਾਂ ਸ਼ਾਮਲ ਹਨ, ਨੇ ਅੱਜ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ-ਬਸਪਾ ਗੱਠਜੋੜ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਹੈ। ਸੰਤ ਸਮਾਜ ਦੀ ਅੱਜ ਗੁਰਦੁਆਰਾ ਬਾਬੇ ਸ਼ਹੀਦਾਂ ਸਰਮਸਤਪੁਰ ਵਿਖੇ ਵੱਖ-ਵੱਖ ਸੰਪਰਦਾਵਾਂ ਦੇ ਮੁਖੀਆਂ ਤੇ ਪ੍ਰਤੀਨਿਧੀਆਂ ਨੇ ਦਮਦਮੀ ਟਕਸਾਲ ਦੇ ਮੁਖੀ ਸੰਤ ਹਰਨਾਮ ਸਿੰਘ ਧੁੰਮਾ ਦੀ ਅਗਵਾਈ ਹੇਠ ਕੀਤੀ ਗਈ ਇਕੱਤਰਤਾ ’ਚ ਇਹ ਫ਼ੈਸਲਾ ਕਰਦਿਆਂ ਸਿੱਖਾਂ ਤੇ ਪੰਜਾਬੀਆਂ ਨੂੰ ਮੌਜੂਦਾ ਚੋਣਾਂ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਡਟਵੀਂ ਹਮਾਇਤ ਦੀ ਅਪੀਲ ਵੀ ਕੀਤੀ। ਇਸ ਇਕੱਤਰਤਾ ’ਚ 300 ਦੇ ਕਰੀਬ ਸੰਤਾਂ ਨੇ ਸ਼ਮੂਲੀਅਤ ਕੀਤੀ।
ਸੰਤ ਸਮਾਜ ਦੇ ਫ਼ੈਸਲੇ ਦਾ ਐਲਾਨ ਕਰਦਿਆਂ ਸੰਤ ਹਰਨਾਮ ਸਿੰਘ ਧੁੰਮਾ ਨੇ ਕਿਹਾ ਕਿ ਇਹ ਫ਼ੈਸਲਾ ਪਿਛਲੀਆਂ ਅਕਾਲੀ ਦਲ ਦੀ ਅਗਵਾਈ ਵਾਲੀਆਂ ਸਰਕਾਰਾਂ ਵੱਲੋਂ ਪੰਥਕ ਹਿੱਤਾਂ ਦੀ ਪਹਿਰੇਦਾਰੀ ਕਰਦਿਆਂ ਵੱਡੇ-ਵੱਡੇ ਮੋਰਚੇ ਲਾ ਕੇ ਦਿੱਤੀਆਂ ਕੁਰਬਾਨੀਆਂ ਨੂੰ ਵੇਖਦਿਆਂ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਖਾਲਸਾ ਪੰਥ ਦੀ ਉਹ ਮਹਾਨ ਸੰਸਥਾ ਹੈ, ਜਿਸ ਦਾ ਜਨਮ ਪੰਥ ਦੀਆਂ ਧਾਰਮਿਕ ਤੇ ਰਾਜਨੀਤਿਕ ਚੁਣੌਤੀਆਂ ਭਰਪੂਰ ਪ੍ਰਸਥਿਤੀਆਂ ਦੌਰਾਨ ਵੱਡੇ ਸੰਘਰਸ਼ ਤੇ ਕੁਰਬਾਨੀਆਂ ਦੇ ਪਿੜ ’ਚ ਹੋਇਆ ਹੈ। ਇਕ ਸਦੀ ਦੇ ਆਪਣੇ ਲੰਬੇ ਸਫਰ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਪੰਥਕ ਹਿੱਤਾਂ ਦੀ ਪਹਿਰੇਦਾਰੀ ਕਰਦਿਆਂ ਵੱਡੇ-ਵੱਡੇ ਮੋਰਚੇ ਲਾ ਕੇ ਪੰਥ ਲਈ ਕੁਰਬਾਨੀਆਂ ਕੀਤੀਆਂ ਹਨ।
ਸੰਤ ਹਰਨਾਮ ਸਿੰਘ ਧੁੰਮਾ ਨੇ ਕਿਹਾ ਕਿ ਪਿਛਲੀਆਂ ਅਕਾਲੀ ਸਰਕਾਰਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਵਿਰਾਸਤੀ ਮਾਰਗ ਦਾ ਸੁੰਦਰੀਕਰਨ, ਜੂਨ 1984 ਦੇ ਸ਼ਹੀਦੀ ਘੱਲੂਘਾਰੇ ਦੀ ਯਾਦਗਾਰ, ਛੋਟੇ ਤੇ ਵੱਡੇ ਘੱਲੂਘਾਰੇ ਦੀ ਯਾਦਗਾਰ, ਵਿਰਾਸਤ ਏ ਖਾਲਸਾ, ਚਪੜਚਿੜੀ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦਗਾਰ ਬਣਾਉਣ ਆਦਿ ਦੀ ਸੇਵਾ ਕਰ ਕੇ ਪੰਥ ਦੇ ਸ਼ਾਨਾਮੱਤੇ ਇਤਿਹਾਸ ਅਤੇ ਵਿਰਾਸਤ ਨੂੰ ਸੰਭਾਲਣ ਲਈ ਕੀਤੇ ਗਏ ਕਾਰਜਾਂ ਉੱਪਰ ਪੰਥ ਨੂੰ ਮਾਣ ਹੈ। ਉਨ੍ਹਾਂ ਨੇ ਸਮੁੱਚੇ ਸੰਤ ਸਮਾਜ ਵੱਲੋਂ ਗੁਰੂ ਪੰਥ ਅਤੇ ਪੰਜਾਬ ਵਾਸੀਆਂ ਨੂੰ ਪੰਜਾਬ ਅਤੇ ਪੰਥ ਦੇ ਵਡੇਰੇ ਹਿੱਤਾਂ ਲਈ 20 ਫਰਵਰੀ ਨੂੰ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰਾਂ ਦੇ ਹੱਕ ’ਚ ਵੋਟਾਂ ਪਾਉਣ ਦੀ ਅਪੀਲ ਕੀਤੀ ਗਈ।
ਅੱਜ ਦੀ ਇਕੱਤਰਤਾ ਦੌਰਾਨ ਸ਼ਾਮਲ ਸੰਤਾਂ-ਮਹਾਪੁਰਸ਼ਾਂ ’ਚ ਬਾਬਾ ਗੁਰਦਿਆਲ ਸਿੰਘ ਟਾਂਡੇਵਾਲੇ, ਬਾਬਾ ਮਹਿੰਦਰ ਸਿੰਘ ਜਨੇਰ ਵਾਲੇ, ਬਾਬਾ ਹਾਕਮ ਸਿੰਘ, ਬਾਬਾ ਬੁੱਧ ਸਿੰਘ ਜੀ ਨਿੱਕੇ ਘੁੰਮਣਾਂ ਵਾਲੇ, ਤਰਲੋਕ ਸਿੰਘ ਖਿਆਲੇ ਵਾਲੇ, ਸੁਰਜੀਤ ਸਿੰਘ ਘਨੁਰਕੀ ਵਾਲੇ, ਬਾਬਾ ਅਮਰਜੀਤ ਸਿੰਘ ਹਰਖੋਵਾਲ, ਅਵਤਾਰ ਸਿੰਘ ਧੂਲਕੋਟ, ਭਾਈ ਅਮਰਜੀਤ ਸਿੰਘ ਚਾਵਲਾ, ਮਾਨ ਸਿੰਘ ਮੜ੍ਹੀਆਂਵਾਲੇ, ਬਾਬਾ ਧੰਨਾ ਸਿੰਘ ਨਾਨਕਸਰ ਬੂੜੰਦੀ ਨੇ ਬਾਬਾ ਪਰਮਜੀਤ ਸਿੰਘ ਹੰਸਾਲੀ ਸਾਹਿਬ ਸਮੇਤ ਵੱਡੀ ਗਿਣਤੀ ਵਿਚ ਸੰਤ ਮਹਾਪੁਰਖ ਸ਼ਾਮਲ ਸਨ।
ਸ਼ਾਂਤੀ ਤੇ ਖ਼ੁਸ਼ਹਾਲੀ ਲਈ ਸਮੁੱਚੇ ਪੰਥ ਨੂੰ ਨਾਲ ਲੈ ਕੇ ਚੱਲਾਂਗੇ : ਸੁਖਬੀਰ
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਹਮਾਇਤ ਲਈ ਸੰਤ ਸਮਾਜ ਦਾ ਧੰਨਵਾਦ ਕਰਦਿਆ ਕਿਹਾ ਕਿ ਜੋ ਜ਼ਿੰਮੇਵਾਰੀ ਸੰਤਾਂ-ਮਹਾਪੁਰਸ਼ਾਂ ਨੇ ਉਨ੍ਹਾਂ ਦੇ ਮੋਢਿਆਂ ’ਤੇ ਪਾਈ ਹੈ, ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਹੀ ਸੂਬੇ ਵਿਚ ਵਿਰਸੇ ਤੇ ਸਭਿਆਚਾਰ ਦੀ ਰਾਖੀ ਵਾਸਤੇ ਸਿਰਤੋੜ ਯਤਨ ਕੀਤੇ ਹਨ। ਉਹ ਭਰੋਸਾ ਦਿਵਾਉਂਦੇ ਹਨ ਕਿ ਅਗਲੀ ਅਕਾਲੀ ਦਲ ਤੇ ਬਸਪਾ ਸਰਕਾਰ ਪੰਥਕ ਤੇ ਪੰਜਾਬੀ ਵਿਰਸੇ ਅਤੇ ਕਦਰਾਂ-ਕੀਮਤਾਂ ਨੂੰ ਬਾਹਰਲਿਆਂ ਦੇ ਹਮਲੇ ਤੋਂ ਬਚਾਉਣ ਲਈ ਕੰਮ ਕਰਦੀ ਰਹੇਗੀ ਅਤੇ ਸ਼ਾਂਤੀ ਤੇ ਖੁਸ਼ਹਾਲੀ ਲਈ ਸਮੁੱਚੇ ਪੰਥ ਨੂੰ ਨਾਲ ਲੈ ਕੇ ਚੱਲੇਗੀ।