ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਛੇਤੀ ਹੀ ਸ਼ਹੀਦ ਊਧਮ ਸਿੰਘ ਦੇ ਪਿਸਤੌਲ ਅਤੇ ਡਾਇਰੀ ਨੂੰ ਯੂ.ਕੇ. ਤੋਂ ਵਾਪਸ ਲੈਣ ਦਾ ਮੁੱਦਾ ਕੇਂਦਰੀ ਵਿਦੇਸ ਮੰਤਰਾਲੇ ਕੋਲ ਉਠਾਇਆ ਜਾਵੇਗਾ। ਸ਼ਹੀਦ ਊਧਮ ਸਿੰਘ ਦੇ 82ਵੇਂ ਸਹੀਦੀ ਦਿਹਾੜੇ ਮੌਕੇ ਇੱਥੇ ਕਰਵਾਏ ਗਏ ਰਾਜ ਪੱਧਰੀ ਸਮਾਰੋਹ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਣਥੱਕ ਕੋਸ਼ਿਸ਼ਾਂ ਸਦਕਾ ਸਹੀਦ ਦੀਆਂ ਅਸਥੀਆਂ 40 ਸਾਲਾਂ ਬਾਅਦ ਭਾਰਤ ਵਾਪਸ ਲਿਆਂਦੀਆਂ ਗਈਆਂ। ਉਨਾਂ ਕਿਹਾ ਕਿ ਹੁਣ ਸਹੀਦ ਊਧਮ ਸਿੰਘ ਦੀ ਪਿਸਤੌਲ, ਜਿਸ ਨਾਲ ਉਨਾਂ ਨੇ ਪੰਜਾਬ ਦੇ ਤਤਕਾਲੀ ਲੈਫਟੀਨੈਂਟ ਗਵਰਨਰ ਮਾਈਕਲ ਓਡਵਾਇਰ ਨੂੰ ਮਾਰਿਆ ਸੀ, ਸਕਾਟਲੈਂਡ ਵਿੱਚ ਹੈ ਅਤੇ ਉਨਾਂ ਦੀ ਡਾਇਰੀ ਵੀ ਓਥੇ ਹੀ ਕਿਤੇ ਹੈ।
ਉਨਾਂ ਕਿਹਾ ਕਿ ਭਾਰਤ ਸਰਕਾਰ ਨੂੰ ਇਹ ਮਾਮਲਾ ਬਿ੍ਰਟਿਸ਼ ਹਾਈ ਕਮਿਸਨ ਕੋਲ ਉਠਾਉਣਾ ਚਾਹੀਦਾ ਹੈ ਤਾਂ ਜੋ ਸ਼ਹੀਦ ਊਧਮ ਸਿੰਘ ਨਾਲ ਸਬੰਧਤ ਇਹ ਚੀਜ਼ਾਂ ਵਾਪਸ ਲਿਆਂਦੀਆਂ ਜਾ ਸਕਣ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਹਾਨ ਸਹੀਦ ਦੀ ਇਹ ਅਮਾਨਤ ਵਿਦੇਸ਼ ’ਚੋਂ ਵਾਪਸ ਲਿਆਉਣ ਤੋਂ ਬਾਅਦ ਇਨਾਂ ਨੂੰ ਆਮ ਲੋਕਾਂ ਲਈ ਇਥੋਂ ਦੇ ਅਜਾਇਬ ਘਰ ਵਿੱਚ ਰੱਖਿਆ ਜਾਵੇਗਾ ਕਿਉਂਕਿ ਸਰਕਾਰ ਇਨਾਂ ਨੂੰ ਵਿਸ਼ਵ ਪੱਧਰੀ ਇਤਿਹਾਸਕ ਯਾਦਗਾਰ ਬਣਾਉਣਾ ਚਾਹੁੰਦੀ ਹੈ।
ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇੱਥੇ ਸ਼ਹੀਦਾਂ ਦੀ ਯਾਦ ਵਿੱਚ ਜੱਲਿਆਂਵਾਲਾ ਬਾਗ, ਹੁਸੈਨੀਵਾਲਾ ਅਤੇ ਹੁਣ ਸਹੀਦ ਊਧਮ ਸਿੰਘ ਜਿਹੀਆਂ ਕਈ ਯਾਦਗਾਰਾਂ ਉਸਾਰੀਆਂ ਗਈਆਂ ਹਨ ਅਤੇ ਜਲਦ ਹੀ ਆਜਾਦੀ ਸੰਗਰਾਮ ਦੇ ਅਨੇਕਾਂ ਗੁੰਮਨਾਮ ਨਾਇਕਾਂ ਦੀ ਯਾਦ ਵਿੱਚ ਇੱਕ ਹੋਰ ਯਾਦਗਾਰ ਉਸਾਰੀ ਜਾਵੇਗੀ ਤਾਂ ਜੋ ਮਿੱਟੀ ਦੇ ਉਨਾਂ ਮਹਾਨ ਸਪੂਤਾਂ ਨੂੰ ਸਰਧਾਂਜਲੀ ਦਿੱਤੀ ਜਾ ਸਕੇ। ਉਨਾਂ ਕਿਹਾ ਕਿ ਅਜਿਹੇ ਸਮਾਰਕ ਸਾਨੂੰ ਹਮੇਸ਼ਾ ਸਾਡੀ ਬਹਾਦਰੀ ਦੀ ਸ਼ਾਨਦਾਰ ਵਿਰਾਸਤ ਦੀ ਯਾਦ ਦਿਵਾਉਂਦੇ ਹਨ ਅਤੇ ਨੌਜਵਾਨਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਨੂੰ ਜਗਾਉਣ ਵਿੱਚ ਇਨਾਂ ਦੀ ਵੱਡੀ ਭੂਮਿਕਾ ਹੈ।