ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਇਥੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਪਰਮਜੀਤ ਸਿੰਘ ਘੁਡਾਣੀ ਦੀ ਅਗਵਾਈ ਹੇਠਾਂ ਏ.ਡੀ.ਸੀ ਨੂੰ ਮੰਗ ਪੱਤਰ ਸੌਂਪਿਆ ਗਿਆ। ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਅਪਮਾਨਿਤ ਕਰਨ ਵਾਲੇ ਸਿਰਸੇ ਡੇਰੇ ਦੇ ਮੁੱਖੀ, ਮੁਲਜ਼ਮਾਂ, ਸਿਆਸਤਦਾਨਾਂ, ਪੁਲਿਸ ਅਧਿਕਾਰੀਆਂ ਤੇ ਸਿੱਖਾਂ ਦੇ ਕਾਤਲਾਂ ਨੂੰ ਸਜ਼ਾਵਾਂ ਦੇਣ ਅਤੇ ਸ਼੍ਰੋਮਣੀ ਕਮੇਟੀ ਦੀ ਚੋਣ ਜਲਦ ਤੋਂ ਜਲਦ ਕਰਵਾਉਣ ਦੀ ਮੰਗ ਕੀਤੀ। ਸ੍ਰੀ ਘੁਡਾਣੀ ਨੇ ਕਿਹਾ ਕਿ 2015 ਵਿਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਿਰਸਾ ਮੁੱਖੀ ਵੱਲੋਂ ਕੀਤੀ ਗਈ, ਪਰ ਸਿੱਖ ਸੰਗਤਾਂ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ। ਸਰਕਾਰਾਂ ਵੱਲੋਂ ਵੋਟ ਦੀ ਰਾਜਨੀਤੀ ਤੇ ਚੱਲਦਿਆਂ ਡੇਰਾ ਸਿਰਸਾ ਨੂੰ ਕਲੀਨ ਚਿੱਟ ਦਿੱਤੀ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਬੇਅਦਬੀ ਲਈ ਜ਼ਿੰਮੇਵਾਰ ਲੋਕਾਂ ’ਤੇ ਤੁਰੰਤ ਸਖ਼ਤ ਕਰਵਾਈ ਕੀਤੀ ਜਾਵੇ।
ਇਸ ਮੌਕੇ ਬਲਦੀਪ ਸਿੰਘ ਅਤੇ ਪੂਰਨ ਸਿੰਘ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਆਪਣੇ ਸਿਆਸੀ ਹਿੱਤਾਂ ਲਈ ਵਰਤਿਆ ਜਾ ਰਿਹਾ ਹੈ ਅਤੇ ਕੇਂਦਰ ਸਰਕਾਰ ਦੀ ਮਿਲੀਭੁਗਤ ਨਾਲ ਹੀ ਪਿਛਲੇ 10 ਸਾਲਾਂ ਤੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਹੀਂ ਕਰਵਾਈਆਂ ਗਈਆਂ, ਇਸ ਲਈ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦਾ ਖਿਆਲ ਕਰਦੇ ਹੋਏ ਚੋਣਾਂ ਤੁਰੰਤ ਕਰਵਾਈਆਂ ਜਾਣ। ਇਸ ਮੌਕੇ ਜਤਿੰਦਰ ਸਿੰਘ, ਦਲਜੀਤ ਸਿੰਘ, ਸੁਖਜਿੰਦਰ ਸਿੰਘ, ਬਲਵਿੰਦਰ ਸਿੰਘ, ਪ੍ਰਿਤਪਾਲ ਸਿੰਘ, ਗੁਰਮੇਲ ਸਿੰਘ, ਸੁਰਜੀਤ ਸਿੰਘ, ਸੁਖਵਿੰਦਰ ਸਿੰਘ, ਜਸਪ੍ਰੀਤ ਸਿੰਘ, ਕਰਮਜੀਤ ਸਿੰਘ, ਵਰਿੰਦਰ ਸਿੰਘ, ਬਿੰਦਰ ਸਿੰਘ, ਅਮਨਦੀਪ ਸਿੰਘ, ਹਰਜਿੰਦਰ ਸਿੰਘ, ਸ਼ਿਵਜੋਤ ਸਿੰਘ ਆਦਿ ਹਾਜ਼ਰ ਸਨ।