ਜੈਤੋ (ਮੀਡੀਆ ਬਿਊਰੋ): ਅੱਜ ਬਰਗਾੜੀ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਪੰਥਕ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਜੇਕਰ ਕੈਪਟਨ ਸਰਕਾਰ ਨੇ ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ 30 ਜੂਨ ਤੱਕ ਫੜ੍ਹ ਕੇ ਸਲਾਖ਼ਾਂ ਪਿੱਛੇ ਨਾ ਡੱਕਿਆ ਤਾਂ 1 ਜੁਲਾਈ ਤੋਂ ਮੋਰਚਾ ਫ਼ਿਰ ਸ਼ੁਰੂ ਕੀਤਾ ਜਾਵੇਗਾ।
ਬਰਗਾੜੀ ਦੇ ਗੁਰਦੁਆਰਾ ਸਾਹਿਬ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਅਰਦਾਸ ਕੀਤੀ ਗਈ। ਪੰਥਕ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਦਾਰ ਨੇ ਕਿਹਾ ਕਿ ਸਰਕਾਰ ਦੋਸ਼ੀਆਂ ਨੂੰ ਫੜਨ ਲਈ ਕੋਈ ਠੋਸ ਨੀਤੀ ਨਹੀਂ ਅਪਣਾ ਰਹੀ।
ਇਹ ਪੁੱਛੇ ਜਾਣ ‘ਤੇ ਕਿ ਕੀ ਮੋਰਚਾ ਬਰਗਾੜੀ ਵਿਖੇ ਹੀ ਲਾਇਆ ਜਾਵੇਗਾ ਤਾਂ ਜਥੇਦਾਰ ਨੇ ਕਿਹਾ ਕਿ ਸਮਾਂ ਆਉਣ ‘ਤੇ ਪੰਜਾਬ ਦੇ ਕਿਸੇ ਵੀ ਨਗਰ ਵਿਚ ਇਹ ਮੋਰਚਾ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਸਮੇਂ ਵੱਡੀ ਗਿਣਤੀ ‘ਚ ਪੰਥ ਦਰਦੀ ਅਤੇ ਸਿੱਖ ਸੰਗਤ ਹਾਜ਼ਰ ਸੀ।






















