ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਰਾਜ ਦੇ ਉਪ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਸੂਬੇ ਵਿੱਚ ਡੇਂਗੂ ਦੇ ਟਾਕਰੇ ਹਿੱਤ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਿਚ ਜ਼ਿਲ੍ਹਾ ਪੱਧਰੀ ਕਮੇਟੀਆਂ ਬਣਾਉਣ ਦੇ ਹੁਕਮ ਜਾਰੀ ਕੀਤੇ ਹਨ। ਅੱਜ ਇੱਥੇ ਪੰਜਾਬ ਭਵਨ ਵਿਖੇ ਡੇਂਗੂ ਦੇ ਟਾਕਰੇ ਲਈ ਗਠਿਤ ਸਟੇਟ ਟਾਸਕ ਫੋਰਸ ਦੀ ਇੰਟਰ ਸੈਕਟੋਰਲ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਸੋਨੀ ਨੇ ਪੰਜਾਬ ਰਾਜ ਵਿੱਚ ਡੇਂਗੂ ਦੇ ਵੱਧ ਰਹੇ ਖਤਰੇ ਨਾਲ ਨਜਿੱਠਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜਾ ਲਿਆ ਅਤੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਡੇਂਗੂ ਅਤੇ ਮਲੇਰੀਆਂ ਨੂੰ ਰੋਕਣ ਲਈ ਪੂਰੀ ਜਿੰਮੇਵਾਰੀ ਨਾਲ ਯਤਨ ਕੀਤੇ ਜਾਣ ਤਾਂ ਜੋ ਸੂਬੇ ਦੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਉਹਨਾਂ ਸਥਾਨਕ ਸਰਕਾਰਾਂ ਵਿਭਾਗ ਅਤੇ ਪੰਜਾਬ ਰਾਜ ਪੇਂਡੂ ਵਿਕਾਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡੇਂਗੂ ਅਤੇ ਮਲੇਰੀਆ ਦੇ ਟਾਕਰੇ ਲਈ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਆਂ ਫੋਗਿੰਗ ਮਸ਼ੀਨਾਂ ਅਤੇ ਹੋਰ ਸਾਜੋ ਸਮਾਨ ਜਲਦ ਤੋਂ ਜਲਦ ਖ਼ਰੀਦੀਆਂ ਜਾਣ। ਇਸ ਮੌਕੇ ਪੰਜਾਬ ਰਾਜ ਪੇਂਡੂ ਵਿਕਾਸ ਦੇ ਡਾਇਰੈਕਟਰ ਨੇ ਡਿਪਟੀ ਮੁੱਖ ਮੰਤਰੀ ਨੂੰ ਦੱਸਿਆ ਕਿ ਉਹਨਾਂ ਦੇ ਵਿਭਾਗ ਵੱਲੋਂ ਪੰਜਾਬ ਰਾਜ ਦੇ 150 ਬਲਾਕਾਂ ਵਿੱਚ ਨਵੀਆਂ ਫੋਗਿੰਗ ਮਸ਼ੀਨਾਂ ਖਰੀਦਣ ਲਈ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉਹਨਾਂ ਸਥਾਨਕ ਸਰਕਾਰਾਂ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਸ਼ਾਮ ਸੂਰਜ ਡੁੱਬਣ ਤੋਂ ਬਾਅਦ ਸ਼ਹਿਰਾਂ ਵਿੱਚ ਫੋਗਿੰਗ ਕਰਨ ਦਾ ਕਾਰਜ ਕਰਨ।