ਕਈ ਸ਼ਹਿਰਾਂ ਵਿੱਚ ਤਾਪਮਾਨ 43 ਡਿਗਰੀ ਤੋਂ ਪਾਰ

ਲੁਧਿਆਣਾ, ਮੀਡੀਆ ਬਿਊਰੋ:

ਪੰਜਾਬ ‘ਚ ਅਪ੍ਰੈਲ ਦੇ ਸ਼ੁਰੂ ਤੋਂ ਹੀ ਅੱਗ ਵਰ ਰਹੀ ਹੈ। ਪੰਜਾਬ ਦੇ 9 ਜ਼ਿਲ੍ਹਿਆਂ ‘ਚ ਪਿਛਲੇ ਤਿੰਨ ਦਿਨਾਂ ਤੋਂ ਹੀਟ ਵੇਵ ਦੀ ਸਥਿਤੀ ਬਣੀ ਹੋਈ ਹੈ। ਐਤਵਾਰ ਨੂੰ ਲਗਪਗ ਸਾਰੇ ਜ਼ਿਲ੍ਹਿਆਂ ‘ਚ ਹੀਟ ਵੇਵ ਸ਼ੁਰੂ ਹੋ ਗਈ। ਐਤਵਾਰ ਨੂੰ ਵੀ ਅੰਮ੍ਰਿਤਸਰ, ਮੋਗਾ, ਤਰਨਤਾਰਨ, ਜਲੰਧਰ, ਕਪੂਰਥਲਾ, ਐਸਏਐਸ ਨਗਰ ‘ਚ ਗਰਮੀ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ। ਇਸ ਕਾਰਨ ਇਨ੍ਹਾਂ ਜ਼ਿਲ੍ਹਿਆਂ ‘ਚ ਦਿਨ ਦਾ ਤਾਪਮਾਨ 40 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ। ਇਸ ਤੋਂ ਪਹਿਲਾਂ ਫਿਰੋਜ਼ਪੁਰ, ਪਟਿਆਲਾ, ਲੁਧਿਆਣਾ, ਬਰਨਾਲਾ, ਮਾਨਸਾ, ਬਠਿੰਡਾ, ਸੰਗਰੂਰ, ਫਤਿਹਗੜ੍ਹ ਸਾਹਿਬ, ਮੁਕਤਸਰ, ਫਾਜ਼ਿਲਕਾ, ਫਰੀਦਕੋਟ ‘ਚ ਹੀਟਵੇਵ ਚੱਲ ਰਹੀ ਸੀ। ਜਲੰਧਰ ਦਾ ਵੱਧ ਤੋਂ ਵੱਧ ਤਾਪਮਾਨ ਲਗਾਤਾਰ ਤੀਜੇ ਦਿਨ 40 ਡਿਗਰੀ ਤੋਂ ਉਪਰ ਰਿਹਾ। 11 ਸਾਲਾਂ ‘ਚ ਇਹ ਪਹਿਲੀ ਵਾਰ ਹੈ ਕਿ ਅਪ੍ਰੈਲ ਦੇ ਦੂਜੇ ਹਫਤੇ ਹੀ ਤਾਪਮਾਨ 40 ਡਿਗਰੀ ਨੂੰ ਪਾਰ ਕਰ ਗਿਆ ਹੈ।

ਪਿਛਲੇ ਦਹਾਕੇ ‘ਚ ਅਪ੍ਰੈਲ ਦੇ ਸ਼ੁਰੂਆਤੀ ਦਿਨਾਂ ‘ਚ ਔਸਤ ਤਾਪਮਾਨ ਸਿਰਫ 35 ਡਿਗਰੀ ਸੀ ਤੇ ਅਪ੍ਰੈਲ ਦੇ ਆਖਰੀ ਹਫਤੇ ‘ਚ ਹੀ 40 ਡਿਗਰੀ ਤਕ ਪਹੁੰਚ ਗਿਆ ਸੀ ਪਰ ਇਸ ਵਾਰ 15 ਦਿਨਾਂ ਤੋਂ ਪਹਿਲਾਂ ਦੀ ਗਰਮੀ ਪੈ ਰਹੀ ਹੈ। ਮੌਸਮ ਵਿਭਾਗ ਨੇ 11 ਅਪ੍ਰੈਲ ਨੂੰ ਜਲੰਧਰ ‘ਚ 42 ਡਿਗਰੀ ਸੈਲਸੀਅਸ ਤੇ 12 ਅਪ੍ਰੈਲ ਨੂੰ 43 ਡਿਗਰੀ ਸੈਲਸੀਅਸ ਤਾਪਮਾਨ ਦਾ ਅਨੁਮਾਨ ਜਾਰੀ ਕੀਤਾ ਹੈ।ਮੌਸਮ ਵਿਭਾਗ ਚੰਡੀਗੜ੍ਹ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਐਤਵਾਰ ਨੂੰ ਬਰਨਾਲਾ ‘ਚ ਦਿਨ ਦਾ ਤਾਪਮਾਨ 43.1, ਮੁਕਤਸਰ ‘ਚ 43.1 ਡਿਗਰੀ ਸੈਲਸੀਅਸ ਰਿਹਾ। 43.0 ਡਿਗਰੀ ਸੈਲਸੀਅਸ, ਬਠਿੰਡਾ 42.4 ਡਿਗਰੀ ਸੈਲਸੀਅਸ, ਪਟਿਆਲਾ 41.8 ਡਿਗਰੀ ਸੈਲਸੀਅਸ, ਮੋਗਾ 40.5 ਡਿਗਰੀ ਸੈਲਸੀਅਸ, ਲੁਧਿਆਣਾ 40.7, ਅੰਮ੍ਰਿਤਸਰ 40.5 ਅਤੇ ਜਲੰਧਰ 40.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਦਿਨ ਵੇਲੇ ਚੱਲਣਗੀਆਂ ਗਰਮ ਹਵਾਵਾਂ

ਕੇਂਦਰ ਦੇ ਨਿਰਦੇਸ਼ਕ ਡਾ: ਮਨਮੋਹਨ ਸਿੰਘ ਅਨੁਸਾਰ ਸੋਮਵਾਰ ਤੇ ਮੰਗਲਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ‘ਚ ਦਿਨ ਵੇਲੇ ਗਰਮ ਹਵਾਵਾਂ ਚੱਲਣਗੀਆਂ। ਗਰਮੀ ਦਾ ਕਹਿਰ ਲੋਕਾਂ ਨੂੰ ਝੁਲਸਣ ‘ਚ ਕੋਈ ਕਸਰ ਬਾਕੀ ਨਹੀਂ ਛੱਡੇਗਾ। ਅਜਿਹੇ ‘ਚ ਲੋਕਾਂ ਨੂੰ ਸੁਰੱਖਿਅਤ ਰਹਿਣਾ ਚਾਹੀਦਾ ਹੈ। 13 ਅਪ੍ਰੈਲ ਤੋਂ ਹਿਮਾਚਲ ਦੇ ਉਪਰਲੇ ਇਲਾਕਿਆਂ ‘ਚ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ, ਜਿਸ ਕਾਰਨ ਹਿਮਾਚਲ ‘ਚ ਬੱਦਲਵਾਈ ਰਹਿ ਸਕਦੀ ਹੈ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦਾ ਅਸਰ ਪੰਜਾਬ ਦੇ ਕਈ ਜ਼ਿਲ੍ਹਿਆਂ ‘ਤੇ ਵੀ ਪਵੇਗਾ। ਹਿਮਾਚਲ ਦੀ ਬਾਰਿਸ਼ ਨਾਲ ਪੰਜਾਬ ਦੇ ਕਈ ਜ਼ਿਲ੍ਹਿਆਂ ਨੂੰ ਇੱਕ-ਦੋ ਦਿਨਾਂ ਤੱਕ ਗਰਮੀ ਤੋਂ ਰਾਹਤ ਮਿਲੇਗੀ।

Share This :

Leave a Reply