ਪੰਚਕੂਲਾ (ਮੀਡੀਆ ਬਿਊਰੋ) : ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ ਨੂੰ ਰੋਕਣ ਲਈ ਪੰਚਕੂਲਾ ਵਿਚ ਪੁਲਿਸ ਨੂੰ ਉਨ੍ਹਾਂ ’ਤੇ ਲਾਠੀਚਾਰਜ ਕਰਨਾ ਪਿਆ। ਕਿਸਾਨਾਂ ਨੂੰ ਪੁਲਿਸ ਨੇ ਮਾਜਰੀ ਚੌਕ ਅਤੇ ਓਲਡ ਪੰਚਕੂਲਾ ਚੌਕ ’ਤੇ ਹੀ ਰੋਕ ਦਿੱਤਾ ਸੀ ਅਤੇ ਬੈਰੀਕੇਡਸ ਲਾ ਦਿੱਤੇ ਸਨ। ਓਲਡ ਪੰਚਕੂਲਾ ਚੌਕ ’ਤੇ ਕਿਸਾਨਾਂ ਨੇ ਬੈਰੀਕੇਡ ਪਾਰ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਅਤੇ ਕਿਸਾਨਾਂ ਵਿਚਕਾਰ ਧੱਕਾ-ਮੁੱਕੀ ਹੋਈ। ਇਸ ਦੌਰਾਨ ਕਿਸਾਨ ਅੱਗੇ ਵੱਧਣ ਲੱਗੇ ਤਾਂ ਪੁਲਿਸ ਨੇ ਲਾਠੀਚਾਰਜ ਕਰ ਦਿੱਤਾ।
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦੇ ਇਕ ਸਾਲ ਹੋਣ ’ਤੇ ਕਿਸਾਨ ਸੰਗਠਨਾਂ ਨੇ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਸੀ।
ਇਸ ਤਹਿਤ ਉਹ ਹਰਿਆਣਾ ਵਿਧਾਨ ਸਭਾ ਸਪੀਕਰ ਗਿਆਨ ਚੰਦ ਗੁਪਤਾ ਦੀ ਕੋਠੀ ਦਾ ਘਿਰਾਓ ਕਰਨ ਲਈ ਨਿਕਲੇ ਸਨ ਪਰ ਪੁਰਾਣਾ ਪੰਚਕੂਲਾ ਕੋਲ ਕਿਸਾਨਾਂ ਨੂੰ ਪੁਲਿਸ ਨੇ ਰੋਕ ਲਿਆ। ਕਿਸਾਨਾਂ ਨੇ ਉਥੇ ਧਰਨਾ ਦੇ ਦਿੱਤਾ, ਜਿਸ ਕਾਰਨ ਆਉਣ ਜਾਣ ਵਾਲੇ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਦੇ ਸੱਦੇ ’ਤੇ ਇਹ ਪ੍ਰਦਰਸ਼ਨ ਕੀਤੇ ਜਾ ਰਹੇ ਸਨ। ਕਿਸਾਨਾਂ ਵੱਲੋਂ ਜਦੋਂ ਜ਼ਬਰਦਸਤੀ ਪੁਲਿਸ ਦੀ ਬੈਰੀਕੇਡਿੰਗ ਤੋੜਨ ਦੀ ਕੋਸ਼ਿਸ਼ ਕੀਤੀ ਗਈ ਤਾਂ ਪੁਲਿਸ ਨੇ ਲਾਠੀਚਾਰਜ ਕਰ ਕਿਸਾਨਾਂ ਨੂੰ ਪਿੱਛੇ ਕਰ ਦਿੱਤਾ। ਇਸ ਦੌਰਾਨ ਪੁਲਿਸ ਅਤੇ ਕਿਸਾਨਾਂ ਵਿਚਕਾਰ ਝੜਪ ਵੀ ਹੋਈ।