ਅੰਮ੍ਰਿਤਸਰ, ਮੀਡੀਆ ਬਿਊਰੋ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹਰ ਸਾਲ ਦੀ ਤਰ੍ਹਾਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੇ ਨਿਕਲਣ ਵਾਲਾ ਨਗਰ ਕੀਰਤਨ ਮੌਸਮ ਦੀ ਖ਼ਰਾਬੀ ਕਾਰਨ ਪ੍ਰਬੰਧਕਾਂ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਪਹਿਲਾਂ ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚੋਂ ਹੁੰਦਾ ਹੋਇਆ ਮੁੜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਪਤ ਹੁੰਦਾ ਸੀ।
ਹੁਣ ਇਹ ਨਗਰ ਕੀਰਤਨ ਸਿਰਫ਼ ਮਰਿਆਦਾ ਨੂੰ ਮੁੱਖ ਰੱਖਦਿਆਂ ਹੋਇਆ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਿਕਰਮਾ ਕਰ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੀ ਸਮਾਪਤ ਹੋ ਜਾਵੇਗਾ। ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪਾਲਕੀ ਵਿਚ ਸੁਸ਼ੋਭਿਤ ਕਰਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਿਕਰਮਾ ਕਰਦਾ ਹੋਇਆ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਸੰਗਤਾਂ ਦੇ ਸਹਿਯੋਗ ਨਾਲ ਸੀਮਤ ਰੂਪ ਵਿਚ ਹੀ ਕੱਢਿਆ ਜਾਵੇਗਾ। ਚੀਫ਼ ਖ਼ਾਲਸਾ ਦੀਵਾਨ ਵੱਲੋਂ ਵੀ ਮੁੱਖ ਬਰਾਂਚ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪਾਲਕੀ ਵਾਲੀ ਬੱਸ ਵਿੱਚ ਨਗਰ ਕੀਰਤਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆ ਕੇ ਹੋਇਆ। ਇਸ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਬੰਧਕ, ਮੈਂਬਰ ਤੇ ਚੀਫ ਖਾਲਸਾ ਦੀਵਾਨ ਦੇ ਨਾਲ ਸਬੰਧਤ ਸਕੂਲ ਦਾ ਸਟਾਫ ਸ਼ਾਮਲ ਹੋਇਆ।