ਮੁੱਖ ਮੰਤਰੀ ਵੱਲੋਂ ਸ਼੍ਰੀਨਗਰ ਦੇ ਸਕੂਲ ਅੰਦਰ ਪ੍ਰਿੰਸੀਪਲ ਤੇ ਅਧਿਆਪਕ ਦੀ ਬੇਰਹਿਮ ਹੱਤਿਆ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼੍ਰੀਨਗਰ ਦੇ ਇਕ ਸਰਕਾਰੀ ਸਕੂਲ ਦੇ ਅੰਦਰ ਵੀਰਵਾਰ ਨੂੰ ਅੱਤਵਾਦੀਆਂ ਵੱਲੋਂ ਘੱਟ-ਗਿਣਤੀਆਂ ਨਾਲ ਸਬੰਧਤ ਪ੍ਰਿੰਸੀਪਲ ਤੇ ਅਧਿਆਪਕ ਦੀ ਬੇਰਹਿਮੀ ਨਾਲ ਹੱਤਿਆ ਕਰ ਦੇਣ ਦੀ ਮੰਦਭਾਗੀ ਘਟਨਾ ਉਤੇ ਡੂੰਘਾ ਦੁੱਖ ਜ਼ਾਹਰ ਕੀਤਾ ਹੈ। ਇਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਸੂਬਾ ਭਰ ਵਿਚ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪ੍ਰਭਾਵੀ ਕਦਮ ਚੁੱਕਣ ਦੀ ਅਪੀਲ ਕੀਤੀ ਹੈ ਕਿਉਂ ਜੋ ਲੋਕ ਅੱਤਵਾਦ ਪ੍ਰਭਾਵਿਤ ਸੂਬੇ ਵਿੱਚ ਵੱਖ-ਵੱਖ ਵੱਖਵਾਦੀਆਂ ਦੀਆਂ ਧਮਕੀਆਂ ਤੇ ਡਰ ਦੇ ਬੇਯਕੀਨੀ ਵਾਲੇ ਮਾਹੌਲ ਵਿਚ ਰਹਿ ਰਹੇ ਹਨ।

ਉਨਾਂ ਨੇ ਅਜਿਹੇ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੀ ਲੋੜ ਉਤੇ ਜ਼ੋਰ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਅਮਨ-ਕਾਨੂੰਨ ਦੀ ਮਸ਼ੀਨਰੀ ਨੂੰ ਹੋਰ ਤੇਜ਼ ਕਰਨਾ ਚਾਹੀਦਾ ਹੈ ਤਾਂ ਕਿ ਦੋਸ਼ੀਆਂ ਨੂੰ ਤੁਰੰਤ ਕਾਨੂੰਨ ਦੇ ਕਟਹਿਰੇ ਵਿਚ ਖੜਾ ਕੀਤਾ ਜਾ ਸਕੇ ਜਿਨਾਂ ਨੇ ਅਮਨ-ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਖੇਰੂੰ-ਖੇਰੂੰ ਕਰਨ ਲਈ ਮਨੁੱਖਤਾ ਵਿਰੁੱਧ ਅਜਿਹੇ ਘਿਨਾਉਣੇ ਕਾਰੇ ਨੂੰ ਅੰਜ਼ਾਮ ਦਿੱਤਾ।

ਉਨਾਂ ਕਿਹਾ ਕਿ ਦੋਸ਼ੀਆਂ ਨੂੰ ਕਾਨੂੰਨ ਤਹਿਤ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਤਾਂ ਕਿ ਅੱਗੇ ਤੋਂ ਕੋਈ ਵੀ ਅਜਿਹਾ ਘਿਨਾਉਣਾ ਕਾਰਾ ਕਰਨ ਦੀ ਜੁਅੱਰਤ ਨਾ ਕਰੇ ਅਤੇ ਇਸ ਘਟਨਾ ਦੀ ਸਾਰਿਆਂ ਨੂੰ ਸਖਤ ਸ਼ਬਦਾਂ ਵਿਚ ਨਿੰਦਾ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਜੰਮੂ ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਨੂੰ ਅਪੀਲ ਕੀਤੀ ਕਿ ਇਸ ਔਖੇ ਸਮੇਂ ਵਿਚ ਗਮਗੀਨ ਪਰਿਵਾਰਾਂ ਨੂੰ ਹਰ ਸੰਭਵ ਮਦਦ ਦੇਣ ਲਈ ਸੂਬਾ ਪ੍ਰਸ਼ਾਸਨ ਦੇਣ ਦੇ ਆਦੇਸ਼ ਦਿੱਤੇ ਜਾਣ। ਦੁੱਖ ਵਿਚ ਡੁੱਬੇ ਪਰਿਵਾਰਾਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਸ. ਚੰਨੀ ਨੇ ਅਕਾਲ ਪੁਰਖ ਅੱਗੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ। ‍

Share This :

Leave a Reply