ਪੰਜਾਬ ਨੂੰ ਨਸ਼ਿਆ ਦੀ ਦਲਦਲ ‘ਚੋਂ ਕੱਢਣ ਲਈ ਰਾਜ ਦੇ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ: ਸੁਖਜਿੰਦਰ ਰੰਧਾਵਾ

ਚੰਡੀਗੜ੍ਹ (ਮੀਡੀਆ ਬਿਊਰੋ)- ਪੰਜਾਬ ਨੂੰ ਨਸ਼ਿਆ ਦੀ ਦਲਦਲ ਵਿੱਚੋਂ ਕੱਢਣਾ ਬਹੁਤ ਜ਼ਰੂਰੀ ਹੈ, ਇਸ ਲਈ ਜਿੱਥੇ ਪੰਜਾਬ ਸਰਕਾਰ ਤੇ ਪੁਲਸ ਵਿਭਾਗ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ, ਉੱਥੇ ਰਾਜ ਦੇ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਮੁੱਖ ਮੰਤਰੀ ਪੰਜਾਬ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕੇਂਦਰੀ ਸੁਧਾਰ ਘਰ ਗੋਇੰਦਵਾਲ ਸਾਹਿਬ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਕੈਦੀਆਂ ਤੇ ਹਵਾਲਾਤੀਆਂ ਦੀਆਂ ਮੁਸ਼ਕਿਲਾਂ ਨੂੰ ਵੀ ਸੁਣਿਆ। ਇਸ ਮੌਕੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਡਿੰਪਾ, ਹਲਕਾ ਵਿਧਾਇਕ ਸ੍ਰੀ ਰਮਨਜੀਤ ਸਿੰਘ ਸਿੱਕੀ, ਵਿਧਾਇਕ ਸ੍ਰੀ ਸੰਤੋਖ ਸਿੰਘ ਭਲਾਈਪੁਰ, ਪ੍ਰਿੰਸੀਪਲ ਸਕੱਤਰ ਜੇਲਾਂ ਸ੍ਰੀ ਵੀ. ਕੇ ਤਿਵਾੜੀ, ਏ. ਡੀ. ਜੀ. ਪੀ. ਜੇਲਾਂ ਸ੍ਰੀ ਪੀ. ਕੇ ਸਿਨਹਾ, ਡੀ. ਆਈ. ਜੀ ਫਿਰੋਜ਼ਪੁਰ ਰੇਂਜ ਸ੍ਰੀ ਇੰਦਰਬੀਰ ਸਿੰਘ, ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਅਤੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਹਰਵਿੰਦਰ ਸਿੰਘ ਵਿਰਕ ਵੀ ਉਨ੍ਹਾਂ ਦੇ ਨਾਲ ਸਨ। ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕੇਂਦਰੀ ਸੁਧਾਰ ਘਰ ਗੋਇੰਦਵਾਲ ਸਾਹਿਬ ਨੂੰ ਅਸਲੀ ਰੂਪ ਵਿੱਚ ਸੁਧਾਰ ਘਰ ਬਣਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਇਸ ਸੁਧਾਰ ਘਰ ਵਿੱਚ 2780 ਵਿਅਕਤੀਆਂ ਨੂੰ ਰੱਖਣ ਦੀ ਸਮਰੱਥਾ ਹੈ, ਜੋ ਕਿ ਲੱਗਭੱਗ 85 ਏਕੜ ਥਾਂ ਵਿੱਚ ਬਣਾਇਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਸੁਧਾਰ ਘਰ ਨੂੰ ਅਲਟਰਾ ਮਾਡਰਨ ਬਣਾਉਣ ਲਈ ਲੱਗਭੱਗ 190 ਕਰੋੜ ਰੁਪਏ ਖਰਚ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਇਸ ਸੁਧਾਰ ਘਰ ਵਿੱਚ ਕੈਦੀਆਂ ਨਾਲ ਮੁਲਾਕਾਤ ਕਰਨ ਦਾ ਵੀ ਵਧੀਆ ਪ੍ਰਬੰਧ ਕੀਤਾ ਗਿਆ ਹੈ। ਇਸ ਉਪਰੰਤ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਡਿਪਟੀ ਮੁੱਖ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਗੂਰੂਆਂ ਪੀਰਾਂ ਦੀ ਵਰੋਸਾਈ ਧਰਤੀ ਹੈ ਅਤੇ ਇਸ ਦਾ ਨਸ਼ਿਆਂ ਦੀ ਦਲਦਲ ਵਿੱਚ ਫਸ ਜਾਣਾ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਹਰ ਲੜਾਈ ਵਿੱਚ ਅੱਗੇ ਵੱਧ ਕੇ ਆਪਣਾ ਯੋਗਦਾਨ ਪਾਇਆ ਹੈ ਅਤੇ ਹੁਣ ਨਸ਼ਿਆਂ ਖਿਲਾਫ਼ ਵੀ ਡਟਕੇ ਜੰਗ ਲੜਨੀ ਹੈ ਤਾਂ ਜੋ ਆਉਣ ਵਾਲੀਆਂ ਪੀੜੀਆਂ ਨੂੰ ਇਸਦੀ ਮਾਰ ਤੋਂ ਬਚਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੇਲ਼ਾ ਦੀ ਹਾਲਤ ਸੁਧਾਰਨ ਲਈ ਜੇਲ ਬੋਰਡ ਦੀ ਸਥਾਪਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਜੇਲਾਂ ਵਿੱਚ ਫੈਕਟਰੀਆਂ ਅਤੇ ਪੈਟਰੋਲ ਪੰਪ ਲਗਾਉਣ ਦੀ ਵਿਵਸਥਾ ਕੀਤੀ ਜਾ ਰਹੀ ਹੈ ਤਾਂ ਜੋ ਜੇਲਾਂ ਆਪਣੇ ਖਰਚ ਕੱਢ ਸਕਣ।ਉਨ੍ਹਾਂ ਕਿਹਾ ਕਿ ਕੇਂਦਰੀ ਸੁਧਾਰ ਘਰ ਗੋਇੰਦਵਾਲ ਸਾਹਿਬ ਵਿੱਚ ਵੀ ਟਾਇਲਾਂ ਬਣਾਉਣ ਦੀ ਫੈਕਟਰੀ ਲਗਾਈ ਜਾ ਰਹੀ ਹੈ, ਜਿੱਥੇ ਕੰਮ ਕਰਨ ਵਾਲੇ ਬੰਦੀਆਂ ਨੂੰ ਦਿਹਾੜੀ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਸ ਜੇਲ਼ ਵਿੱਚ ਆਉਣ ਵਾਲੇ ਹਵਾਲਾਤੀਆਂ ਤੇ ਕੈਦੀਆਂ ਦੀ ਕੌਂਸਲਿੰਗ ਵੀ ਕੀਤੀ ਜਾਵੇਗੀ ਤਾਂ ਜੋ ਅਮਲੀ ਰੂਪ ਵਿੱਚ ਸਿੱਧੇ ਰਸਤੇ ‘ਤੇ ਆ ਸਕਣ। ਉਨ੍ਹਾਂ ਕਿਹਾ ਕਿ ਜੇਲਾਂ ਵਿੱਚ ਰਾਸ਼ਨ ਦੀ ਪ੍ਰਾਈਵੇਟ ਖਰੀਦ ਬੰਦ ਕੀਤੀ ਗਈ ਹੈ ਅਤੇ ਸਾਰਾ ਲੋੜੀਂਦਾ ਸਮਾਨ ਹੁਣ ਮਾਰਕਫੈੱਡ, ਮਿਲਕਫੈੱਡ ਅਤੇ ਸ਼ੂਗਰਫੈੱਡ ਤੋਂ ਖਰੀਦਿਆ ਜਾਵੇਗਾ। ਇਸ ਮੌਕੇ ਸੰਬੋਧਨ ਕਰਦਿਆਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਡਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਦੀ ਅਗਵਾਈ ਹੇਠ ਰਾਜ ਦੇ ਲੋਕਾਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਫਿਰ ਬਹੁਮਤ ਹਾਸਿਲ ਕਰਕੇ ਲੋਕ-ਪੱਖੀ ਸਰਕਾਰ ਬਣਾਏਗੀ। ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਰਮਨਜੀਤ ਸਿੰਘ ਸਿੱਕੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਖਰਚ ਕੀਤੇ ਗਏ ਹਨ। ਇਸ ਮੌਕੇ ਉਨ੍ਹਾਂ ਡਿਪਟੀ ਮੁੱਖ ਮੰਤਰੀ ਪਾਸੋਂ ਦਰਿਆ ਬਿਆਸ ਦੀ ਮਾਰ ਹੇਠ ਆਉਂਦੇ ਇਲਾਕੇ ਨੂੰ ਨੁਕਸਾਨ ਨੂੰ ਬਚਾਉਣ ਲਈ ਬੰਨ ਬਣਾਉਣ ਅਤੇ ਫੋਕਲ ਪੁਆਇੰਟ ਗੋਇੰਦਵਾਲ ਸਾਹਿਬ ਵਿਖੇ ਇੰਡਸਟਰੀ ਕੰਪਲੈਕਸ ਦੇ ਪਲਾਂਟਾਂ ਨੂੰ ਪੰਜਾਬ ਲਘੂ ਉਦਯੋਗ ਵੱਲੋਂ ਹਰ ਸਾਲ ਪਾਏ ਜਾਂਦੇ ਜੁਰਮਾਨੇ ਦੀ ਮੁਆਫ਼ੀ ਲਈ ਵੀ ਮੰਗ ਕੀਤੀ।

Share This :

Leave a Reply