ਸ੍ਰੀ ਮੁਕਤਸਰ ਸਾਹਿਬ, ਮੀਡੀਆ ਬਿਊਰੋ:
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਨਵੀਂ ਪਿਰਤ ਪਾਉਂਦਿਆ ਆਪਣੇ ਬੇਟੇ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਚੱਕ ਬੀੜ ਸਰਕਾਰ ਵਿੱਚ ਦਾਖਲ ਕਰਵਾਇਆ ਹੈ। ਸਿੱਖਿਆ ਵਿਭਾਗ ਵੱਲੋਂ ਇਹ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸ੍ਰੀ ਮੁਕਤਸਰ ਸਾਹਿਬ ਪ੍ਰਭਜੋਤ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਚਲਾਈ ਜਾ ਰਹੀ ਦਾਖਲਾ ਮੁਹਿੰਮ ਤਹਿਤ ਹਰ ਵਰਗ ਦੇ ਪਰਿਵਾਰ ਦੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਦੇ ਮੰਤਵ ਨਾਲ ਅਤੇ ਸਰਕਾਰੀ ਸਕੂਲ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜਬੂਤ ਕਰਨ ਦੇ ਉਦੇਸ਼ ਇਸ ਤਰੀਕੇ ਨਾਲ ਹੀ ਮਜਬੂਤ ਹੋ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਜਿਸ ਤਰ੍ਹਾਂ ਡਿਪਟੀ ਕਮਿਸ਼ਨਰ ਵੱਲੋਂ ਆਪਣੇ ਬੱਚੇ ਨੂੰ ਸਰਕਾਰੀ ਸਕੂਲ ਵਿੱਚ ਦਾਖਲ ਕਰਵਾਇਆ ਗਿਆ ਹੈ ਉਸ ਤੋਂ ਪੇ੍ਰਿਤ ਹੋ ਕੇ ਹੋਰ ਪਰਿਵਾਰ ਵੀ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣਗੇ। ਉਨਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਹੁਣ ਸਮਾਰਟ ਤਰੀਕੇ ਨਾਲ ਸਿੱਖਿਆ ਦਿੱਤੀ ਜਾਂਦੀ ਹੈ। ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਚੱਕ ਬੀੜ ਸਰਕਾਰ ਦੇ ਮੁੱਖ ਅਧਿਆਪਕ ਪੁਸ਼ਪਾ ਸੱਚਦੇਵਾ ਨੇ ਦੱਸਿਆ ਕਿ ਸਕੂਲ ਵਿੱਚ 357 ਵਿਦਿਆਰਥੀ ਸਿੱਖਿਆ ਲੈ ਰਹੇ ਹਨ। ਇਸ ਤੋਂ ਇਲਾਵਾ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਸਕੂਲ ਵਿੱਚ ਵਧੀਆ ਲਾਇਬਰੇਰੀ, ਲਿਸਨਿੰਗ ਲੈਬ, ਕੰਪਿਊਟਰ ਲੈਬ ਅਤੇ ਸਮਾਰਟ ਕਲਾਸ ਰੂਮ ਦੀ ਸੁਵਿਧਾ ਵੀ ਦਿੱਤੀ ਗਈ ਹੈ।