ਖੰਨਾ (ਪਰਮਜੀਤ ਸਿੰਘ ਧੀਮਾਨ) – ਲਖੀਮਪੁਰ ਖੀਰੀ ਵਿਖੇ ਕਿਸਾਨਾਂ ਨੂੰ ਦਰੜੇ ਜਾਣ ਵਿਰੁੱਧ ਤੇ ਕੇਂਦਰੀ ਗ੍ਰਹਿ ਮੰਤਰੀ ਅਜੈ ਮਿਸ਼ਰਾ ਦੇ ਅਸਤੀਫ਼ੇ ਦੀ ਮੰਗ ਸਬੰਧੀ ਅੱਜ ਕਿਸਾਨਾਂ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ‘ਰੇਲ ਰੋਕੋ’ ਸੱਦੇ ਤਹਿਤ ਰੇਲਵੇ ਟ੍ਰੈਕ ’ਤੇ ਧਰਨਾ ਲਾਇਆ। ਇਸ ਮੌਕੇ ਮਾਲਵਾ ਐਕਸਪ੍ਰੈਸ ਰੱਡੀ ਨੂੰ ਰੋਕਿਆ ਗਿਆ, ਜਿਸ ਵਿਚ ਬੈਠੇ ਯਾਤਰੀਆਂ ਦੇ ਲੰਗਰ ਦਾ ਪ੍ਰਬੰਧ ਕਿਸਾਨਾਂ ਵੱਲੋਂ ਕੀਤਾ ਗਿਆ ਅਤੇ ਲੋੜਵੰਦ ਮੁਸਾਫ਼ਰਾਂ ਦੀ ਦੂਰ-ਦੁਰਾਂਡੇ ਪਹੁੰਚਣ ਵਿਚ ਮਦਦ ਕੀਤੀ। ਕਿਸਾਨ-ਮਜ਼ਦੂਰ ਸੰਘਰਸ਼ ਐਸੋਸ਼ੀਏਸ਼ਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ, ਦਲਜੀਤ ਸਿੰਘ ਸਵੈਚ ਅਤੇ ਹਰਮਿੰਦਰ ਸਿੰਘ ਸੇਖੋਂ ਨੇ ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਕਿਸਾਨ ਲਗਾਤਾਰ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਲਗਾਤਾਰ ਸੰਘਰਸ਼ ਕਰ ਰਿਹਾ ਹੈ ਅਤੇ ਸਰਕਾਰ ਕੋਝੀਆਂ ਚਾਲਾਂ ਚੱਲ ਕੇ ਕਿਸਾਨਾਂ ਨੂੰ ਡਰਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਲਖੀਮਪੁਰ ਘਟਨਾ ਤੋਂ ਧਿਆਨ ਭੜਕਾਉਣ ਲਈ ਮੋਦੀ ਸਰਕਾਰ ਤਰ੍ਹਾਂ-ਤਰ੍ਹਾਂ ਦੀਆਂ ਸਾਜਿਸ਼ਾਂ ਘੜ ਰਹੀ ਹੈ, ਜੋ ਸਫ਼ਲ ਨਹੀਂ ਹੋਣਗੀਆਂ। ਕਿਸਾਨਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਂਦਰੀ ਗ੍ਰਹਿ ਮੰਤਰੀ ਨੂੰ ਅਹੁਦੇ ਤੋਂ ਨਾ ਹਟਾ ਕੇ ਮੰਤਰੀ ਮੰਡਲ ਨੂੰ ਸ਼ਰਮਸਾਰ ਕਰ ਰਹੇ ਹਨ। ਸਰਕਾਰ ਵੱਲੋਂ ਕਿਸਾਨਾਂ ਦੇ ਸਬਰ ਨੂੰ ਪਰਖਣ ਲਈ ਹਰ ਵਾਰ ਅਜਿਹਾ ਮਾਹੌਲ ਤਿਆਰ ਕੀਤਾ ਜਾ ਰਿਹਾ ਹੈ, ਜਿਸ ਨਾਲ ਕਿਸਾਨਾਂ ਹਿੰਸਾ ਤੇ ਉਤਾਰੂ ਹੋਣ। ਕਿਸਾਨਾਂ ਨੇ ਉਕਤ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਅਤੇ ਮੰਤਰੀ ਅਜੈ ਮਿਸ਼ਰਾ ਨੂੰ ਅਹੁਦੇ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ।
ਇਸ ਮੌਕੇ ਕਸ਼ਮੀਰਾ ਸਿੰਘ ਮਾਜਰਾ, ਜੱਥੇਦਾਰ ਜੱਸਾ ਸਿੰਘ ਗਲਵੱਡੀ, ਸੀਪੀਐਮ ਦੇ ਕਾ. ਗੁਰਦੀਪ ਸਿੰਘ ਹੌਲ, ਕਾ. ਬਲਬੀਰ ਸਿੰਘ ਸੁਹਾਵੀ, ਰਾਜਿੰਦਰ ਸਿੰਘ ਚੀਮਾ, ਮੋਹਨ ਘਈ, ਇਕਬਾਲ ਸਿੰਘ ਤੇ ਰਾਜਿੰਦਰ ਸਿੰਘ ਰਾਜ ਇਕੋਲਾਹਾ, ਅਵਤਾਰ ਸਿੰਘ, ਜਗਜੀਤ ਸਿੰਘ, ਰਛਪਾਲ ਸਿੰਘ, ਮੇਹਰ ਸਿੰਘ, ਬਲਜੀਤ ਸਿੰਘ, ਹਰਮਿੰਦਰ ਸਿੰਘ, ਗੁਰਦਿਆਲ ਸਿੰਘ, ਜ਼ੋਰਾ ਸਿੰਘ, ਮੁਖਤਿਆਰ ਸਿੰਘ, ਨਿਰਮਲ ਸਿੰਘ, ਲਖਵੀਰ ਸਿੰਘ, ਸਵਰਨ ਸਿੰਘ, ਹਰਪ੍ਰੀਤ ਸਿੰਘ, ਛੱਜੂ ਸਿੰਘ, ਅੰਮ੍ਰਿਤਪਾਲ ਸਿੰਘ, ਰਣਧੀਰ ਸਿੰਘ, ਚਰਨਜੀਤ ਸਿੰਘ, ਗੁਰਜੀਤ ਸਿੰਘ, ਹਰਨੇਕ ਸਿੰਘ, ਜਸਵੰਤ ਸਿੰਘ, ਸੁਰਜੀਤ ਸਿੰਘ, ਚੰਦਨ ਨੇਗੀ, ਹਵਾ ਸਿੰਘ, ਦੀਦਾਰ ਸਿੰਘ, ਰਣਧੀਰ ਸਿੰਘ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।