ਰੇਲਵੇ ਸਟੇਸ਼ਨ ’ਤੇ ਕਿਸਾਨਾਂ ਦਾ ਸੰਘਰਸ਼ ਲਗਾਤਾਰ 251ਵੇਂ ਦਿਨ ਵੀ ਜਾਰੀ

ਖੰਨਾ (ਪਰਮਜੀਤ ਸਿੰਘ ਧੀਮਾਨ) – ਮੋਦੀ ਹਕੂਮਤ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਰੇਲਵੇ ਸਟੇਸ਼ਨ ਖੰਨਾ ਦੇ ਬਾਹਰ ਸ਼ਾਂਤਮਈ ਸੰਘਰਸ਼ ਲਗਾਤਾਰ 251ਵੇਂ ਦਿਨ ਵੀ ਜਾਰੀ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ, ਦਲਜੀਤ ਸਿੰਘ ਸਵੈਚ ਅਤੇ ਹਰਮਿੰਦਰ ਸਿੰਘ  ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ’ਚ ਭਾਜਪਾ ਖਿਲਾਫ਼ ਲਗਾਤਾਰ ਵੱਧਦਾ ਜਾ ਰਿਹਾ ਹੈ। ਅੱਜ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਦੇਸ਼ ਦਾ ਅੰਨਦਾਤਾ ਸੜਕਾਂ ਤੇ ਰੁਲਣ ਲਈ ਮਜ਼ਬੂਰ ਹੋ ਗਿਆ ਹੈ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਕਿਹਾ ਕਿ ਜੇਕਰ ਭਵਿੱਖ ਬਚਾਉਣਾ ਹੈ ਤਾਂ ਆਪਣੇ ਹੱਕਾਂ ਲਈ ਸੜਕਾਂ ਤੇ ਉਤਰਨਾ ਹੀ ਪਵੇਗਾ, ਨਹੀਂ ਤਾਂ ਆਉਣ ਵਾਲੇ ਸਮੇਂ ਵਿਚ ਹਰ ਵਰਗ ਨੂੰ ਇਸ ਦੇ ਮਾੜੇ ਨਤੀਜੇ ਭੁਗਤਣੇ ਪੈਣਗੇ।

ਮੋਦੀ ਸਰਕਾਰ ਕੁੱਝ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਲਈ ਕਿਸਾਨਾਂ ਤੋਂ ਉਨ੍ਹਾਂ ਦੀਆਂ ਜ਼ਮੀਨਾਂ ਖੋਹ ਕੇ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨਾਲ ਛੋਟੇ ਕਿਸਾਨ ਬਿਲਕੁੱਲ ਤਬਾਹ ਹੋ ਜਾਣਗੇ। ਪ੍ਰਧਾਨ ਮੰਤਰੀ ਦੇਸ਼ ਦੇ ਅੰਨਦਾਤੇ ਨੂੰ ਬਰਬਾਦ ਕਰਨ ਵਾਲੇ ਮੌਜੁੂਦਾ ਸਮੇਂ ਦੇ ਔਰੰਗਜੇਬ ਸਾਬਤ ਹੋ ਰਹੇ ਹਨ, ਜਿਹੜਾ ਦੇਸ਼ ਦੀ ਜਨਤਾ ਨੂੰ ਗੁਲਾਮੀ ਦੀਆਂ ਜੰਜੀਰਾਂ ’ਚ ਜਕੜਣਾ ਚਾਹੁੰਦਾ ਹੈ। ਕਿਸਾਨਾਂ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨ ਸੰਘਰਸ਼ ਨੂੰ ਕਮਜ਼ੋਰ ਕਰਨ ਲਈ ਧਰਮ ਤੇ ਜਾਤ ਦੇ ਅਧਾਰ ਤੇ ਫੁੱਟ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਕਦੇ ਸਫ਼ਲ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ ਉਹ ਬਾਰਡਰਾਂ ਤੋਂ ਉੱਠਣ ਵਾਲੇ ਨਹੀਂ। ਇਸ ਮੌਕੇ ਕਸ਼ਮੀਰਾ ਸਿੰਘ, ਜਗਜੀਤ ਸਿੰਘ, ਅਵਤਾਰ ਸਿੰਘ, ਰਛਪਾਲ ਸਿੰਘ, ਬਲਜੀਤ ਸਿੰਘ, ਕੈਪਟਨ ਨੰਦ ਲਾਲ, ਦਵਿੰਦਰ ਸਿੰਘ, ਹਵਾ ਸਿੰਘ, ਦੀਦਾਰ ਸਿੰਘ, ਦਲਜੀਤ ਸਿੰਘ, ਗੁਰਦਿਆਲ ਸਿੰਘ, ਮਨਜੀਤ ਸਿੰਘ, ਗੁਰਮੇਲ ਸਿੰਘ ਆਦਿ ਹਾਜ਼ਰ ਸਨ।

Share This :

Leave a Reply