
ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ਸਕਾਟਲੈਂਡ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਨੂੰ ਹਰਾਉਣ ਲਈ ਟੀਕਾਕਰਨ ਮੁਹਿੰਮ ਜਾਰੀ ਹੈ। ਇਸ ਮੁਹਿੰਮ ਦੌਰਾਨ ਸਰਕਾਰ ਦੇ ਯਤਨਾਂ ਸਦਕਾ 20 ਲੱਖ ਤੋਂ ਵੱਧ ਲੋਕਾਂ ਨੂੰ ਪੂਰੀ ਤਰ੍ਹਾਂ ਕੋਰੋਨਾ ਟੀਕਾ ਲੱਗ ਚੁੱਕਾ ਹੈ। ਸਕਾਟਲੈਂਡ ਦੀ ਸਰਕਾਰ ਦੁਆਰਾ ਐਤਵਾਰ ਨੂੰ ਜਾਰੀ ਕੀਤੇ ਗਏ ਨਵੇਂ ਅੰਕੜਿਆਂ ਅਨੁਸਾਰ ਤਕਰੀਬਨ 2,022,728 ਲੋਕਾਂ ਨੇ ਕੋਰੋਨਾ ਵਾਇਰਸ ਟੀਕੇ ਦੀ ਦੂਜੀ ਖੁਰਾਕ ਪ੍ਰਾਪਤ ਕੀਤੀ ਹੈ। ਇਸਦੇ ਨਾਲ ਹੀ ਸਕਾਟਲੈਂਡ ਵਿੱਚ ਟੀਕੇ ਦੀ ਪਹਿਲੀ ਖੁਰਾਕ ਪ੍ਰਾਪਤ ਕਰਨ ਵਾਲੇ ਲੋਕਾਂ ਦੀ ਗਿਣਤੀ ਵੀ ਪਿਛਲੇ 24 ਘੰਟਿਆਂ ਵਿੱਚ 118,541 ਵੱਧ ਕੇ ਲੱਗਭਗ 3,234,311 ਹੋ ਗਈ ਹੈ।
ਇਸ ਦੌਰਾਨ ਸਕਾਟਲੈਂਡ ਵਿੱਚ ਕੋਈ ਨਵੀਂ ਕੋਰੋਨਾ ਕਾਰਨ ਹੋਈ ਮੌਤ ਦਰਜ ਨਹੀਂ ਹੋਈ ਹੈ ਜਦਕਿ ਪਿਛਲੇ 28 ਦਿਨਾਂ ਦੇ ਅੰਦਰ-ਅੰਦਰ ਵਾਇਰਸ ਲਈ ਸਕਾਰਾਤਮਕ ਟੈਸਟ ਹੋਣ ਤੋਂ ਬਾਅਦ ਹੋਈਆਂ ਮੌਤਾਂ ਦੀ ਗਿਣਤੀ 7668 ਹੈ। ਸਕਾਟਲੈਂਡ ਵਿੱਚ ਵਾਇਰਸ ਲਈ ਸਕਾਰਾਤਮਕ ਟੈਸਟ ਕਰਨ ਵਾਲਿਆਂ ਦੀ ਗਿਣਤੀ ਹੁਣ 235,421 ਹੋ ਗਈ ਹੈ ਅਤੇ ਰੋਜ਼ਾਨਾ ਟੈਸਟ ਪੋਜ਼ੀਟਿਵਟੀ ਦਰ ਪਿਛਲੇ ਦਿਨ ਦੇ 2.5% ਤੋਂ ਵੱਧ ਕੇ 3.2% ਤੱਕ ਪਹੁੰਚੀ ਹੈ।





















