ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ‘ਚ ਭਰੋਸਗੀ ਮਤਾ ਲਿਆਏਗੀ ਮਾਨ ਸਰਕਾਰ!

ਕੈਬਨਿਟ ਨੇ ਦਿੱਤੀ ਮਨਜ਼ੂਰੀ

ਚੰਡੀਗੜ੍ਹ (ਪੰਜਾਬੀ ਮੀਡੀਆ ਬਿਊਰੋ): ਪੰਜਾਬ ਦੀ ਭਗਵੰਤ ਮਾਨ ਸਰਕਾਰ ਵਿਧਾਨ ਸਭਾ ਵਿਚ ਭਰੋਸਗੀ ਮਤਾ ਸਾਬਤ ਕਰੇਗੀ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਖਰੀਦਣ ਦੇ ਦੋਸ਼ਾਂ ਕਾਰਨ ਭਗਵੰਤ ਮਾਨ ਸਰਕਾਰ 22 ਸਤੰਬਰ ਨੂੰ ਵਿਧਾਨ ਸਭਾ ਵਿਚ ਵਿਸ਼ਵਾਸ ਮਤ ਲਿਆਏਗੀ। ਪੰਜਾਬ ਕੈਬਨਿਟ ਨੇ ਅੱਜ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਬੈਠਕ ਅੱਜ ਸਕੱਤਰੇਤ ਦੇ ਕਮੇਟੀ ਰੂਮ ਵਿਚ ਬੁਲਾਈ ਗਈ ਸੀ। ਵਿਧਾਨ ਸਭਾ ਸੈਸ਼ਨ ਸਵੇਰੇ 11 ਵਜੇ ਸ਼ੁਰੂ ਹੋਵੇਗਾ ਜਿਸ ਵਿਚ ਸਭ ਤੋਂ ਪਹਿਲਾਂ ਵਿਛੜੇ ਨੇਤਾਵਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ ਤੇ ਇਸ ਤੋਂ ਬਾਅਦ ਸੂਬਾ ਸਰਕਾਰ ਦੇ ਪੱਖ ਵਿਚ ਵਿਸ਼ਵਾਸ ਮਤ ਹਾਸਲ ਕੀਤਾ ਜਾਵੇਗਾ।
ਦੂਜੇ ਪਾਸੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਦੇਖਦਿਆਂ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਵੀ ਬੁਲਾ ਲਈ ਗਈ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਹ ਬੈਠਕ ਬੁੱਧਵਾਰ ਨੂੰ ਕਾਂਗਰਸ ਭਵਨ ਵਿਚ ਬੁਲਾਈ ਹੈ। ਬੈਠਕ ਵਿਚ ਸਰਕਾਰ ਵੱਲੋਂ ਬੁਲਾਏ ਗਏ ਵਿਸ਼ੇਸ਼ ਸੈਸ਼ਨ ‘ਤੇ ਚਰਚਾ ਹੋਵੇਗੀ।


ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਭਾਜਪਾ ‘ਤੇ ਉਨ੍ਹਾਂ ਦੇ ਵਿਧਾਇਕਾਂ ਨੂੰ 25-25 ਕਰੋੜ ਰੁਪਏ ਵਿਚ ਖਰੀਦਣ ਦਾ ਦੋਸ਼ ਲਗਾਇਆ ਸੀ। ਇਹੀ ਨਹੀਂ ਆਮ ਆਦਮੀ ਪਾਰਟੀ ਨੇ ਇਸ ਮਾਮਲੇ ਵਿਚ ਡੀਜੀਪੀ ਗੌਰਵ ਯਾਦਵ ਨੂੰ ਸ਼ਿਕਾਇਤ ਵੀ ਦਿੱਤੀ ਸੀ ਜਿਸ ਦੇ ਚੱਲਦਿਆਂ ਮੋਹਾਲੀ ਦੇ ਥਾਣੇ ਵਿਚ ਕੇਸ ਵੀ ਦਰਜ ਕੀਤਾ ਗਿਆ।

Share This :

Leave a Reply