ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ‘ਚ 10069 ਐਸ.ਸੀ. ਅਤੇ ਬੀ.ਸੀ. ਨੌਜਵਾਨਾਂ ਨੂੰ 10593.28 ਲੱਖ ਰੁਪਏ ਦੇ ਕਰਜੇ ਮੁਹੱਈਆ ਕਰਵਾਏ: ਸਾਧੂ ਸਿੰਘ ਧਰਮਸੋਤ

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਸਰਕਾਰ ਨੇ ਪਿਛਲੇ ਲਗਭੱਗ ਚਾਰ ਸਾਲਾਂ ਦੇ ਸਮੇਂ ਦੌਰਾਨ ਸੂਬੇ ਦੇ 10069 ਐਸ.ਸੀ. ਅਤੇ ਬੀ.ਸੀ. ਨੌਜਵਾਨਾਂ ਨੂੰ 10593.28 ਲੱਖ ਰੁਪਏ ਦੇ ਕਰਜੇ ਮੁਹੱਈਆ ਕਰਵਾਏ ਹਨ ਜਦਕਿ 15890 ਐਸ.ਸੀ. ਅਤੇ ਬੀ.ਸੀ. ਨੌਜਵਾਨਾਂ ਦੇ 52 ਕਰੋੜ ਦੇ ਕਰਜੇ ਮੁਆਫ ਕੀਤੇ ਹਨ। ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਲਗਭੱਗ 4 ਸਾਲਾਂ ਦੇ ਕਾਰਜਕਾਲ ਦੌਰਾਨ 8662 ਯੋਗ ਤੇ ਲੋੜਵੰਦ ਐਸ.ਸੀ. ਨੌਜਵਾਨਾਂ ਨੂੰ 8202.26 ਲੱਖ ਦੇ ਕਰਜੇ ਮੁਹੱਈਆ ਕਰਵਾਏ ਹਨ। ਇਸੇ ਤਰਾਂ 1407 ਬੀ.ਸੀ. ਨੌਜਵਾਨਾਂ ਨੂੰ 2391.02 ਲੱਖ ਦੇ ਕਰਜੇ ਮੁਹੱਈਆ ਕਰਵਾਏ ਹਨ।

ਧਰਮਸੋਤ ਨੇ ਦੱਸਿਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਅਤੇ ਪੰਜਾਬ ਰਾਜ ਪੱਛੜੀਆਂ ਸ੍ਰੇਣੀਆਂ ਭੌ ਵਿਕਾਸ ਅਤੇ ਵਿੱਤ ਨਿਗਮ ਦਾ 50-50 ਤੱਕ ਦਾ ਕਰਜਾ ਮੁਆਫ ਕੀਤਾ ਹੈ।ਉਨਾ ਦੱਸਿਆ ਕਿ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਕੁੱਲ 14260 ਲਾਭਪਾਤਰੀ ਨੌਜਵਾਨਾਂ ਦਾ 45.41 ਕਰੋੜ ਰੁਪਏ ਦਾ ਕਰਜਾ ਮੁਆਫ ਕਰਕੇ ਕਰਜਦਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸੇ ਤਰਾਂ ਪੰਜਾਬ ਦੇ ਪੱਛੜੀਆਂ ਸ੍ਰੇਣੀਆਂ ਨਾਲ ਸਬੰਧਤ ਕੁੱਲ 1630 ਲਾਭਪਾਤਰੀ ਨੌਜਵਾਨਾਂ ਦਾ 6.59 ਕਰੋੜ ਦਾ ਕਰਜਾ ਮੁਆਫ ਕੀਤਾ ਹੈ।

ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਲੋੜਵੰਦ ਤੇ ਯੋਗ ਕਰਜਾ ਲੈਣ ਦੇ ਚਾਹਵਾਨ ਨੌਜਵਾਨਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਕਰਜਾ ਕੇਸਾਂ ਦੇ ਜਲਦ ਨਿਪਟਾਰੇ ਲਈ 1 ਲੱਖ ਰੁਪਏ ਤੱਕ ਦੇ ਕਰਜੇ ਮਨਜੂਰ ਕਰਨ ਦਾ ਅਧਿਕਾਰ ਜਿਲਾ ਪੱਧਰ ’ਤੇ ਐਸ.ਸੀ. ਤੇ ਬੀ.ਸੀ. ਨਿਗਮਾਂ ਦੇ ਜਿਲਾ ਮੈਨੇਜਰਾਂ ਨੂੰ ਦਿੱਤੇ ਹਨ। ਇਸੇ ਤਰਾਂ ਜਿਲਾ ਪੱਧਰੀ ਸਕਰੀਨਿੰਗ ਕਮੇਟੀ ’ਚ ਸੋਧ ਕਰਕੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਧਿਕਾਰੀ ਦੀ ਪ੍ਰਧਾਨਗੀ ਹੇਠ ਨਵੀਂ ਕਮੇਟੀ ਗਠਿਤ ਕੀਤੀ ਗਈ ਹੈ ਤਾਂ ਕਿ ਲੋਕਾਂ ਨੂੰ ਜਲਦੀ ਕਰਜਾ ਮੁਹੱਈਆ ਕਰਵਾਇਆ ਜਾ ਸਕੇ।

ਸ. ਧਰਮਸੋਤ ਨੇ ਦੱਸਿਆ ਕਿ ਐਸ.ਸੀ. ਅਤੇ ਬੀ.ਸੀ. ਨਿਗਮਾਂ ਦਾ ਮੁੱਖ ਉਦੇਸ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸੇ੍ਰਣੀਆਂ ਨਾਲ ਸਬੰਧਤ ਬੇਰੋਜਗਾਰ ਨੌਜਵਾਨਾਂ ਨੂੰ ਘੱਟ ਵਿਆਜ ਦਰ ’ਤੇ ਸਵੈ-ਰੋਜਗਾਰ ਧੰਦੇ ਜਿਵੇਂ ਡੇਅਰੀ ਫਾਰਮ, ਕਰਿਆਨਾ ਦੁਕਾਨ, ਕੱਪੜੇ ਦੀ ਦੁਕਾਨ, ਸਟਰਿੰਗ ਦਾ ਕੰਮ, ਲੱਕੜ ਦਾ ਕੰਮ, ਉਚੇਰੀ ਵਿੱਦਿਆ ਕਰਜੇ ਲਈ ਘੱਟ ਵਿਆਜ ਦਰ ’ਤੇ ਕਰਜਾ ਮੁਹੱਈਆ ਕਰਾਵਾਉਣਾ ਹੈ, ਤਾਂ ਕਿ ਇਨਾਂ ਦੇ ਆਰਥਿਕ ਪੱਧਰ ਨੂੰ ਉੱਪਰ ਚੁੱਕਿਆ ਜਾ ਸਕੇ ਅਤੇ ਇਨਾਂ ਨੂੰ ਗਰੀਬੀ ਰੇਖਾ ਤੋਂ ਬਾਹਰ ਕੱਢਿਆ ਜਾ ਸਕੇ।

ਸ. ਧਰਮਸੋਤ ਨੇ ਅੱਗੇ ਦੱਸਿਆ ਕਿ ਐਸ.ਸੀ. ਕਾਰਪੋਰੇਸਨ ਨੇ ਸਾਲ 2020-2021 ਦੌਰਾਨ ਕੋਵਿਡ ਦੇ ਔਖੇ ਸਮੇਂ ਦੌਰਾਨ ਵੀ 2116 ਲਾਭ ਪਾਤਰੀਆਂ ਨੂੰ 2293.73 ਲੱਖ ਦੀ ਵਿੱਤੀ ਸਹਾਇਤਾ ਦਿੱਤੀ ਹੈ। ਚਾਲੂ ਵਿੱਤੀ ਸਾਲ 2021-2022 ਦੌਰਾਨ ਐਸ.ਸੀ. ਕਾਰਪੋਰੇਸਨ ਵੱਲੋਂ 1400 ਕਰਜਦਾਰਾਂ ਨੂੰ 40 ਕਰੋੜ ਦੇ ਵੰਡਣ ਦਾ ਟੀਚਾ ਮਿੱਥਿਆ ਗਿਆ ਸੀ, ਇਸ ਤਹਿਤ ਹੁਣ ਤੱਕ 634 ਲਾਭਪਾਤਰੀਆਂ ਨੂੰ 760.84 ਲੱਖ ਦੇ ਕਰਜੇ ਵੰਡੇ ਜਾ ਚੁੱਕੇ ਹਨ। ਇਸੇ ਤਰਾਂ ਬੀ.ਸੀ. ਕਾਰਪੋਰੇਸਨ ਨੇ ਸਾਲ 2020-2021 ਦੌਰਾਨ ਦੌਰਾਨ 446 ਲਾਭ ਪਾਤਰੀਆਂ ਨੂੰ 769.64 ਲੱਖ ਦੀ ਵਿੱਤੀ ਸਹਾਇਤਾ ਦਿੱਤੀ ਹੈ। ਚਾਲੂ ਵਿੱਤੀ ਸਾਲ 2021-2022 ਦੌਰਾਨ ਬੀ.ਸੀ. ਕਾਰਪੋਰੇਸਨ ਵੱਲੋਂ 614 ਕਰਜਦਾਰਾਂ ਨੂੰ 934.02 ਕਰੋੜ ਦੇ ਵੰਡਣ ਦਾ ਟੀਚਾ ਮਿੱਥਿਆ ਗਿਆ ਸੀ, ਇਸ ਤਹਿਤ ਹੁਣ ਤੱਕ 47 ਲਾਭਪਾਤਰੀਆਂ ਨੂੰ 82.40 ਲੱਖ ਦੇ ਕਰਜੇ ਵੰਡੇ ਜਾ ਚੁੱਕੇ ਹਨ।

Share This :

Leave a Reply