ਖੰਨਾ (ਪਰਮਜੀਤ ਸਿੰਘ ਧੀਮਾਨ)- ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਪਿਛਲੇ ਲੰਬੇ ਸਮੇਂ ਤੋਂ ਮਾਮੂਲੀ ਤਨਖਾਹਾਂ ਤੇ ਠੇਕਾ ਅਧਾਰਿਤ ਨੌਕਰੀ ਕਰਦੇ ਮਗਨਰੇਗਾ ਮੁਲਾਜ਼ਮਾਂ ਵੱਲੋਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਅਣਮਿੱਥੇ ਸਮੇਂ ਲਈ ਅਰੰਭੀ ਹੜਤਾਲ ਲਗਾਤਾਰ ਜਾਰੀ ਹੈ। ਜਿਸ ਕਾਰਨ ਪਿੰਡਾਂ ਵਿਚ ਵਿਕਾਸ ਕਾਰਜ ਬਿਲਕੁੱਲ ਠੱਪ ਹੋ ਕੇ ਰਹਿ ਗਏ ਹਨ ਅਤੇ 18 ਲੱਖ ਮਗਨਰੇਗਾ ਮਜ਼ਦੂਰਾਂ ਦਾ ਰੁਜ਼ਗਾਰ ਖ਼ਤਮ ਹੋ ਗਿਆ ਹੈ। ਇਸ ਮੌਕੇ ਨਿਰਭੈ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ, ਪ੍ਰਤੂੰ ਹੁਣ ਸਰਕਾਰ ਟੱਸ ਤੋਂ ਮੱਸ ਹੁੰਦੀ ਵਿਖਾਈ ਨਹੀਂ ਦਿੰਦੀ। ਉਨ੍ਹਾਂ ਕਿਹਾ ਕਿ ਮਗਨਰੇਗਾ ਕਰਮਚਾਰੀ ਸੰਘਰਸ਼ ਨੂੰ ਤਿੱਖਾ ਕਰਦਿਆਂ 5 ਅਗਸਤ ਨੂੰ ਕੈਬਨਿਟ ਸਬ ਕਮੇਟੀ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਦਾ ਘਿਰਾਓ ਕਰਨਗੇ ਅਤੇ 9 ਅਗਸਤ ਨੂੰ ਬ੍ਰਹਮ ਮਹਿੰਦਰਾ ਦੀ ਪਟਿਆਲਾ ਸਥਿਤ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੰਘਰਸ਼ ਨੂੰ ਤੇਜ਼ ਕਰਨ ਲਈ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ ਅਤੇ ਪਿੰਡਾਂ ਦੀਆਂ ਪੰਚਾਇਤਾਂ ਨੇ ਮੁਲਾਜ਼ਮਾਂ ਦੇ ਹੱਕ ਵਿਚ ਵੱਡੇ ਪੱਧਰ ’ਤੇ ਅਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਕਿਹਾ ਕਿ ਸੇਵਾਵਾਂ ਰੈਗੂਲਰ ਹੋਣ ਤੱਕ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਇਸ ਮੌਕੇ ਹਰਸਿਮਰਨ ਸਿੰਘ, ਗੌਰਵ ਵਰਮਾ, ਸੁਮਨਜੀਤ ਸਿੰਘ, ਗੁਰਵਿੰਦਰ ਸਿੰਘ, ਚਰਨ ਸਿੰਘ, ਸ਼ਮਿੰਦਰ ਸਿੰਘ ਆਦਿ ਹਾਜ਼ਰ ਸਨ।
2021-08-02