ਫਿਰੋਜ਼ਪੁਰ (ਮੀਡੀਆ ਬਿਊਰੋ ) ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਬੁੱਧਵਾਰ ਨੂੰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਲਤੀਫ ਅਹਿਮਦ ਵੱਲੋਂ ਦਫਤਰ ਨਗਰ ਕੌਂਸਲ ਫਿਰੋਜ਼ਪੁਰ ਵਿਖੇ ਸਟਾਫ ਦੀ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ ਦੇ ਮਕਸਦ ਨਾਲ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਦਫਤਰ ਦੇ ਸਮੂਹ ਕਰਮਚਾਰੀ ਸਮੇਂ ਸਿਰ ਹਾਜ਼ਰ ਪਾਏ ਗਏ ਅਤੇ ਕਾਰਜਸਾਧਕ ਅਫਸਰ ਨਗਰ ਕੌਂਸਲ ਜੋ ਕਿ ਜੈਤੋ ਦਾ ਵਾਧੂ ਚਾਰਜ ਹੋਣ ਕਾਰਨ ਜੈਤੋ ਵਿਖੇ ਹਾਜ਼ਰ ਸਨ।
ਵਧੀਕ ਡਿਪਟੀ ਕਮਿਸ਼ਨਰ ਲਤੀਫ ਅਹਿਮਦ ਨੇ ਹਾਜ਼ਰ ਸਮੂਹ ਸਟਾਫ ਨੂੰ ਹਦਾਇਤ ਕੀਤੀ ਕਿ ਨਗਰ ਕੌਂਸਲ ਵਿਖੇ ਕੰਮ ਕਰਵਾਉਣ ਆਉਣ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ ਇਸ ਲਈ ਸਮੂਹ ਸਟਾਫ ਦਾ ਸਵੇਰੇ 9.00 ਤੋਂ ਸ਼ਾਮ 05.00 ਵਜੇ ਤੱਕ ਦਫਤਰ ਵਿਖੇ ਹਾਜ਼ਰੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਕਰਮਚਾਰੀ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਦਫਤਰੀ ਸਮੇਂ ਵਿਚ ਦਫਤਰ ਵਿਖੇ ਹਾਜ਼ਰ ਨਹੀਂ ਪਾਇਆ ਜਾਵੇਗਾ ਤਾਂ ਉਸ ਵਿਰੁੱਧ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਦਫਤਰ ਵਿਖੇ ਕੰਮ ਕਰਵਾਉਣ ਆ ਰਹੇ ਲੋਕਾਂ ਦੇ ਕੰਮਾਂ ਨੂੰ ਪਹਿਲ ਦਿੱਤੀ ਜਾਵੇ ਤੇ ਉਨ੍ਹਾਂ ਦੀ ਕਿਸੇ ਤਰ੍ਹਾਂ ਦੀ ਖਜਲ ਖੁਆਰੀ ਨਾ ਹੋਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਭਵਿੱਖ ਵਿਚ ਵੀ ਸਮੇਂ ਸਮੇਂ ਸਿਰ ਦਫਤਰਾਂ ਦੀ ਚੈਕਿੰਗ ਕੀਤੀ ਜਾਵੇਗੀ।






















