ਲੁਧਿਆਣਾ, ਮੀਡੀਆ ਬਿਊਰੋ:
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੇ ਐਲਾਨ ਦਾ ਸਮਾਜ ਸੇਵਕ ਸੁਖਦੇਵ ਸਿੰਘ ਵਾਲੀਆ ਨੇ ਸਵਾਗਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਈ ਸਾਲਾਂ ਤੋਂ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਸੰਸਦ ਮੈਂਬਰਾਂ, ਮੁੱਖ ਮੰਤਰੀਆਂ ਤੇ ਰਾਸ਼ਟਰੀ ਸਵੈ ਸੇਵਕ ਸੰਘ (ਆਰਐੱਸਐੱਸ) ਦੇ ਮੁਖੀ ਨੂੰ ਈ-ਮੇਲ ਭੇਜ ਕੇ ਮੰਗ ਕਰਦੇ ਆਏ ਹਨ ਕਿ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਬਾਲ ਦਿਵਸ’ ਵਜੋਂ ਮਨਾਇਆ ਜਾਵੇ।
ਇਸ ਲਈ ਉਹ ਰਾਸ਼ਟਰੀ ਸਿੱਖ ਸੰਗਤ ਦੇ ਗੁਰਚਰਨ ਸਿੰਘ ਗਿੱਲ, ਕੇਂਦਰੀ ਮੰਤਰੀ ਗਿਰੀਰਾਜ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਆਦਿ ਨੂੰ ਮੰਗ ਪੱਤਰ ਭੇਜ ਚੁੱਕੇ ਹਨ। ਸੁਖਦੇਵ ਵਾਲੀਆ ਨੇ ਦੱਸਿਆ ਕਿ ਹੁਣ ਉਨ੍ਹਾਂ ਦੀ ਖੁਸ਼ੀ ਦਾ ਕੋਈ ਅੰਤ ਨਹੀਂ ਰਿਹਾ। ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਹਿਮ ਐਲਾਨ ਕੀਤਾ ਹੈ।
ਸਮਾਜ ਸੇਵਕ ਵਾਲੀਆ ਨੇ ਕਿਹਾ ਕਿ ਮੋਦੀ ਸਰਕਾਰ ਦੇ ਇਸ ਐਲਾਨ ਨਾਲ ਨਵੀਂ ਪੀੜ੍ਹੀ ਨੂੰ ਪਤਾ ਲੱਗ ਸਕੇਗਾ ਕਿ ਕਿਵੇਂ ਛੋਟੇ ਸਾਹਿਬਜ਼ਾਦਿਆਂ ਨੇ ਜਬਰ ਜੁਲਮ ਵਿਰੁੱਧ ਸ਼ਹਾਦਤ ਦਿੱਤੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਲਿਖਿਆ ਸੀ ਕਿ ਮਤਾ ਪਾਸ ਕਰ ਕੇ ਕੇਂਦਰ ਸਰਕਾਰ ਨੂੰ ਸੁਝਾਅ ਭੇਜੇ ਕਿ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਬਾਲ ਦਿਵਸ ਵਜੋਂ ਮਨਾਇਆ ਜਾਵੇ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿਚ ਸੋਨੇ ਦਾ ਸਿੱਕਾ ਜਾਰੀ ਕੀਤਾ ਜਾਵੇ।