ਕਣਕ ਘੁਟਾਲਾ: ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਕਣਕ ਘੁਟਾਲੇ ਵਿੱਚ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਡੀ.ਪੀ. ਰੈਡੀ ਨੇ ਦੱਸਿਆ ਕਿ ਮੀਡੀਆ ਰਿਪੋਰਟਾਂ ਰਾਹੀਂ ਕਮਿਸ਼ਨ ਦੇ ਧਿਆਨ ਵਿੱਚ ਆਇਆ ਹੈ ਕਿ ਫੂਡ ਸਪਲਾਈਜ਼ ਵਿਭਾਗ ਦਾ ਇੰਸਪੈਕਟਰ ਜਸਦੇਵ ਸਿੰਘ ਜੋ ਜੰਡਿਆਲਾ ਗੁਰੂ (ਅੰਮ੍ਰਿਤਸਰ) ਕਣਕ ਘੁਟਾਲੇ ਮਾਮਲੇ ਵਿੱਚ ਮੁੱਖ ਦੋਸ਼ੀ ਹੈ ਅਤੇ ਜਿਸ ਨੇ ਉਸ ਕਣਕ ਦੀ ਐਮਐਸਪੀ ਦੇ ਨਾਂ ‘ਤੇ ਕਰੋੜਾਂ ਰੁਪਏ ਦਾ ਗਬਨ ਕੀਤਾ ਜਿਹੜੀ ਨਾ ਤਾਂ ਮੰਡੀਆਂ ਵਿੱਚ ਲਿਆਂਦੀ ਗਈ ਅਤੇ ਨਾ ਹੀ ਖਰੀਦੀ ਗਈ ਸੀ।

20 ਕਰੋੜ ਰੁਪਏ ਦੀ ਕੀਮਤ ਵਾਲੀ 87,100 ਕੁਇੰਟਲ ਕਣਕ ਦੀ ਖਰੀਦ ਲਈ ਜਾਅਲੀ ਐਂਟਰੀਆਂ ਕੀਤੀਆਂ ਗਈਆਂ ਅਤੇ ਇਸ ਨੂੰ ਜੰਡਿਆਲਾ ਗੁਰੂ ਦੇ ਗੋਦਾਮਾਂ ਵਿੱਚ ਲੈ ਜਾਂਦੇ ਹੋਏ ਦਿਖਾਇਆ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਸੀਬੀਆਈ ਵੱਲੋਂ ਗ੍ਰਿਫ਼ਤਾਰ ਅੰਮ੍ਰਿਤਸਰ ਦੇ ਵਪਾਰੀ ਰਵਿੰਦਰ ਸਿੰਘ ਬੰਟੀ ਦੀ ਮਿਲੀਭੁਗਤ ਨਾਲ 20 ਕਰੋੜ ਰੁਪਏ ਦਾ ਘਪਲਾ ਕਰਨ ਵਾਲਾ ਦੋਸ਼ੀ ਇੰਸਪੈਕਟਰ ਜਸਦੇਵ ਸਿੰਘ, ਜਿਸ ਬਾਰੇ ਮੰਨਿਆ ਜਾਂਦਾ ਹੈ ਕਿ ਉਹ ਦੁਬਈ ਭੱਜ ਗਿਆ ਹੈ।

ਸ੍ਰੀ ਰੈਡੀ ਨੇ ਦੱਸਿਆ ਕਿ ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਇਸ ਮਾਮਲੇ ਦਾ ਗੰਭੀਰ ਨੋਟਿਸ ਲਿਆ ਹੈ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੂੰ ਨੋਟਿਸ ਜਾਰੀ ਕਰਕੇ ਪੰਦਰਾਂ ਦਿਨਾਂ ਅੰਦਰ ਵਿਸਥਾਰਤ ਰਿਪੋਰਟ ਭੇਜਣ ਲਈ ਕਿਹਾ ਹੈ। ਕਮਿਸ਼ਨ ਨੇ ਖੁਰਾਕ ਸਪਲਾਈ ਵਿਭਾਗ ਨੂੰ ਦੋਸ਼ੀ ਅਧਿਕਾਰੀਆਂ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕਰਨ, ਸਰਕਾਰੀ ਖਜ਼ਾਨੇ ਨੂੰ ਹੋਏ ਨੁਕਸਾਨ ਦੀ ਭਰਪਾਈ ਕਰਨ ਅਤੇ ਭਵਿੱਖ ਵਿੱਚ ਇਸ ਤਰ੍ਹਾਂ ਦੇ ਘੁਟਾਲਿਆਂ ਨੂੰ ਰੋਕਣ ਲਈ ਸਹੀ ਸਿਸਟਮ (ਪ੍ਰਬੰਧਕੀ ਅਤੇ ਤਕਨੀਕੀ) ਸਥਾਪਤ ਕਰਨ ਦੀ ਸਲਾਹ ਵੀ ਦਿੱਤੀ ਹੈ।

Share This :

Leave a Reply