ਅੰਮ੍ਰਿਤਸਰ (ਮੀਡੀਆ ਬਿਊਰੋ ) ਜ਼ਿਲੇ ਵਿਚ ਹਾੜੀ ਸੀਜਨ 2020-21 ਦੀ ਫਸਲ ਕਣਕ ਦੀ ਖਰੀਦ ਲਈ ਸਮੁੱਚੇ ਪ੍ਰਬੰਧ ਕਰ ਲਏ ਗਏ ਹਨ ਅਤੇ ਸਾਡੇ ਸਾਰੇ ਵਿਭਾਗ, ਜਿਸ ਵਿਚ ਮੰਡੀ ਬੋਰਡ, ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਕਿਸਾਨ, ਪੱਲੇਦਾਰ ਅਤੇ ਵੱਖ-ਵੱਖ ਖਰੀਦ ਏਜੰਸੀਆਂ ਇਕ ਟੀਮ ਵਜੋਂ ਸਾਰਾ ਕੰਮ ਨੇਪਰੇ ਚਾੜਨ ਲਈ ਹਰ ਤਰਾਂ ਤਿਆਰ ਹਨ। ਅਨਾਜ ਮੰਡੀ ਭਗਤਾਂਵਾਲਾ ਵਿਖੇ ਉਕਤ ਪ੍ਰਗਟਾਵਾ ਕਰਦੇ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਨੇ ਕਿਹਾ ਕਿ ਅਸੀਂ ਕਣਕ ਦੀ ਸੁਰੱਖਿਅਤ ਖਰੀਦ ਦੇ ਬੰਦੋਬਸਤ ਕੀਤੇ ਹਨ, ਤਾਂ ਕਿ ਇਸ ਕੰਮ ਵਿਚ ਲੱਗੇ ਹਰੇਕ ਇਨਸਾਨ ਨੂੰ ਵਾਇਰਸ ਦੇ ਖ਼ਤਰੇ ਤੋਂ ਵੀ ਬਚਾਇਆ ਜਾ ਸਕੇ।
ਉਨਾਂ ਦੱਸਿਆ ਕਿ ਇਸ ਸੀਜਨ ਦੌਰਾਨ ਭਾਰਤ ਸਰਕਾਰ ਵੱਲੋਂ ਕਣਕ ਦੀ ਖਰੀਦ ਦੇ ਨਿਸ਼ਚਿਤ ਕੀਤੇ ਗਏ ਘੱਟੋ ਘੱਟ ਸਮਰਥਨ ਮੁੱਲ 1925/- ਰੁਪਏ ‘ਤੇ ਸਮੂਹ ਖਰੀਦ ਏਜੰਸੀਆਂ ਸਮੇਤ ਐਫ.ਸੀ.ਆਈ.ਵੱਲੋਂ ਕਣਕ ਦੀ ਖਰੀਦ ਕੀਤੀ ਜਾਵੇਗੀ। ਉਨਾਂ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅੰਦਾਜੇ ਅਨੁਸਾਰ ਸਾਢੇ 6 ਲੱਖ ਮੀਟਰਕ ਟਨ ਕਣਕ ਮੰਡੀਆਂ ਵਿਚ ਆਉਣ ਦੀ ਆਸ ਹੈ। ਜਿਸ ਦੇ ਮੱਦੇਨਜ਼ਰ ਪਨਗਰੇਨ, ਮਾਰਕਫੈਡ, ਪਨਸਪ, ਵੇਅਰ ਹਾਊਸ ਅਤੇ ਐਫ.ਸੀ.ਆਈ ਨੂੰ ਕਣਕ ਦੀ ਖਰੀਦ ਦੇ ਟੀਚੇ ਨਿਰਧਾਰਤ ਕੀਤੇ ਗਏ ਹਨ।
ਉਨਾਂ ਕਿਹਾ ਕਿ ਇਸ ਤੋਂ ਇਲਾਵਾ ਕੋਵਿਡ-19 ਦੀ ਮਹਾਮਾਰੀ ਦੇ ਮੱਦੇਨਜ਼ਰ ਕਿਸਾਨਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਖਰੀਦ ਲਈ 54 ਖਰੀਦ ਕੇਂਦਰ ਅਤੇ 9 ਰਾਈਸ ਮਿਲਾਂ ਨੂੰ ਆਰਜ਼ੀ ਤੌਰ ਉਤੇ ਮੰਡੀਆਂ ਵਜੋਂ ਵਰਤਿਆ ਜਾਵੇਗਾ। ਉਨਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਣਕ ਦੀਆਂ ਬੋਰੀਆਂ ਤੇ ਨੀਲੇ ਰੰਗ ਦਾ ਛਾਪਾ ਨੀਲੇ ਰੰਗ ਦੇ ਧਾਗੇ ਨਾਲ ਸਿਲਾਈ ਕਰਨ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆ ਗਈਆਂ ਹਨ। ਸ. ਢਿੱਲੋਂ ਨੇ ਕਿਹਾ ਕਿ ਕੋਵਿਡ 19 ਕਾਰਨ ਪੈਦਾ ਹੋਏ ਹਾਲਾਤਾਂ ਦੇ ਮੱਦੇਨਜਰ ਰਾਜ ਸਰਕਾਰ ਵੱਲੋਂ ਕਣਕ ਦੀ ਖਰੀਦ ਦਾ ਸੀਜਨ 15 ਜੂਨ 2020 ਤੱਕ ਜਾਰੀ ਰਹੇਗਾ। ਉਨਾਂ ਕਿਹਾ ਕਿ ਕਰੋਨਾ ਵਾਇਰਸ ਦੀ ਰੋਕਥਾਮ ਲਈ ਮੰਡੀਆਂ ਵਿੱਚ ਟੋਕਨ ਸਿਸਟਮ ਲਾਗੂ ਕੀਤਾ ਗਿਆ ਹੈ ਤਾਂ ਜੋ ਕਿਸਾਨਾਂ ਵੱਲੋਂ ਮੰਡੀਆਂ ਵਿਚ ਯੋਜਨਾਬੱਧ ਤਰੀਕੇ ਰਾਹੀਂ ਕਣਕ ਲਿਆਂਦੀ ਜਾ ਸਕੇ। ਇਸ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਵੱਲੋਂ ਰਾਜ ਦੀਆਂ ਮੰਡੀਆਂ ਵਿੱਚ ਸਖਤੀ ਨਾਲ ਸਮਾਜਿਕ ਦੂਰੀ ਬਣਾਏ ਰੱਖਣ ਲਈ ਉਪਰਾਲੇ ਕੀਤੇ ਗਏ ਹਨ, ਜਿਸ ਅਨੁਸਾਰ ਹਰੇਕ ਆਦਮੀ ਨੂੰ ਘੱਟੋ-ਘੱਟ 2 ਮੀਟਰ ਦੀ ਦੂਰੀ ਉਤੇ ਰਹਿਣ ਦੀ ਹਦਾਇਤ ਜਾਰੀ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਮੰਡੀਆਂ ਵਿਚ ਸੈਨੇਟਾਈਜ਼ਰ ਤੇ ਸਾਬਣ ਆਦਿ ਦਾ ਬੰਦੋਬਸਤ ਹੱਥਾਂ ਦੀ ਸਫਾਈ ਲਈ ਕੀਤਾ ਜਾ ਚੁੱਕਾ ਹੈ। ਉਨਾਂ ਮੰਡੀ ਵਿਚ ਆਉਣ ਵਾਲੀਆਂ ਸਾਰੀਆਂ ਧਿਰਾਂ, ਜਿਸ ਵਿਚ ਮੁੱਖ ਰੂਪ ਵਿਚ ਕਿਸਾਨ, ਆੜਤੀਏ, ਸਰਕਾਰੀ ਤੇ ਨਿੱਜੀ ਕਰਮਚਾਰੀ, ਵਪਾਰੀ, ਮਜ਼ਦੂਰ ਆਦਿ ਸ਼ਾਮਿਲ ਹਨ, ਨੂੰ ਮਾਸਕ ਦੀ ਵਰਤੋਂ ਯਕੀਨੀ ਬਨਾਉਣ ਲਈ ਕਿਹਾ। ਉਨਾ ਕਿਹਾ ਕਿ ਲੇਬਰ/ਢੋਆ ਢੋਆਈ ਦੇ ਠੇਕੇਦਾਰ ਵੱਲੋਂ ਲੇਬਰ ਨੂੰ ਲੋੜੀਂਦੇ ਮਾਸਕ ਮੁਹੱਈਆ ਕਰਵਾਏ ਜਾਣਗੇ। ਖਰੀਦ ਏਜੰਸੀਆਂ/ਮੰਡੀ ਬੋਰਡ ਦੇ ਨੁਮਾਇੰਦਿਆ ਵੱਲੋਂ ਮੰਡੀਆਂ ਵਿੱਚ ਕੰਮ ਰਹੀ ਲੇਬਰ ਤੇ ਧਿਆਨ ਰੱਖਿਆ ਜਾਵੇਗਾ ਕਿ ਕਿਸੇ ਲੇਬਰ ਨੂੰ ਖੰਘ, ਜੁਕਾਮ ਅਤੇ ਬੁਖਾਰ ਆਦਿ ਨਾ ਹੋਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ. ਹਿਮਾਸ਼ੂੰ ਅਗਰਵਾਲ, ਡੀ ਐਫ ਐਸ ਸੀ ਲਖਵਿੰਦਰ ਸਿੰਘ, ਨਾਇਬ ਤਹਿਸੀਲਦਾਰ ਸ੍ਰੀਮਤੀ ਅਰਚਨਾ ਸ਼ਰਮਾ, ਡੀ ਐਮ ਪਨਸਪ ਸ੍ਰੀ ਬਨਦੀਪ ਸਿੰਘ, ਡੀ ਐਮ ਮਾਰਕਫੈਡ ਗੁਰਪ੍ਰੀਤ ਸਿੰਘ, ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਅਮਨਦੀਪ ਸਿੰਘ ਛੀਨਾ ਤੇ ਹੋਰ ਮੋਹਤਬਰ ਵੀ ਹਾਜ਼ਰ ਸਨ।