ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਨੂੰ ਸਜ਼ਾ ਦੇਣ ਦੀ ਆੜ ‘ਚ ਜਿਸਮਾਨੀ ਕੁੱਟਮਾਰ ਦੀ ਇਜਾਜ਼ਤ ਨਹੀਂ ਦਿੱਤੀ ਗਈ -ਕੈਪਟਨ ਅਮਰਿੰਦਰ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਪੁਲਸ ਨੂੰ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਪ੍ਰਤੀ ਵਧੇਰੇ ਮਾਨਵੀ ਅਤੇ ਸੰਵੇਦਨਸ਼ੀਲ ਪਹੁੰਚ ਅਪਣਾਉਣ ਦੇ ਹੁਕਮ ਦਿੱਤੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਪੁਲਸ ਮੁਲਾਜ਼ਮਾਂ ਨੂੰ ਇਸ ਔਖੀ ਸਥਿਤੀ ‘ਚ ਵੱਧ ਤੋਂ ਵੱਧ ਸੰਜਮ ਵਰਤਣ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਨਾਲ ਨਜਿੱਠਣ ਮੌਕੇ ਖਾਸ ਕਰਕੇ ਜ਼ਰੂਰੀ ਵਸਤਾਂ ਲੈਣ ਲਈ ਬਾਹਰ ਨਿਕਲਣ ਵਾਲੇ ਵਿਅਕਤੀਆਂ ਦੇ ਮਾਮਲੇ ‘ਚ ਹੋਰ ਵਧੇਰੇ ਹਮਦਰਦੀ ਭਰਿਆ ਵਤੀਰਾ ਅਖਤਿਆਰ ਕੀਤਾ ਜਾਵੇ। ਕੈਪਟਨ ਨੇ ਕਿਹਾ ਕਿ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਨੂੰ ਸਜ਼ਾ ਦੇਣ ਦੀ ਆੜ ‘ਚ ਜਿਸਮਾਨੀ ਕੁੱਟਮਾਰ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

ਉਨ੍ਹਾਂ ਨੇ ਡੀ. ਜੀ. ਪੀ. ਦਿਨਕਰ ਗੁਪਤਾ ਨੂੰ ਪੁਲਸ ਮੁਲਾਜ਼ਮਾਂ ਨੂੰ ਸੰਵੇਦਨਸ਼ੀਲ ਹੋਣ ਲਈ ਹਰ ਸੰਭਵ ਕਦਮ ਚੁੱਕਣ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਨੇ ਡੀ. ਜੀ. ਪੀ. ਨੂੰ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਨਾਲ ਨਜਿੱਠਣ ਮੌਕੇ ਕਾਨੂੰਨ ਨੂੰ ਆਪਣੇ ਹੱਥਾਂ ‘ਚ ਲੈਣ ਵਾਲਿਆਂ ਨੂੰ ਤਾੜਨਾ ਕਰਨ ਲਈ ਆਖਿਆ। ਇਸ ਦੌਰਾਨ ਡੀ. ਜੀ. ਪੀ. ਦਿਨਕਰ ਗੁਪਤਾ ਨੇ ਕਿਹਾ ਕਿ ਵੱਡੇ ਪੱਧਰ ‘ਤੇ ਪੁਲਸ ਮੁਲਾਜ਼ਮਾਂ ਵਲੋਂ ਜ਼ਿੰਮੇਵਾਰੀ ਅਤੇ ਸਹਿਜਤਾ ਦਿਖਾਈ ਗਈ ਹੈ ਪਰ ਕੁਝ ਮਾਮਲਿਆਂ ‘ਚ ਮੁਲਾਜ਼ਮਾਂ ਵਲੋਂ ਰੋਕਾਂ ਤੋੜਣ ਵਾਲਿਆਂ ਵਿਰੁੱਧ ਜ਼ਬਰਦਸਤੀ ਵਰਤੀ ਗਈ ਹੈ। ਗੁਪਤਾ ਨੇ ਕਿਹਾ ਕਿ ਉਨ੍ਹਾਂ ਨੇ ਪੁਲਸ ਕਮਿਸ਼ਨਰਾਂ ਅਤੇ ਜ਼ਿਲਾ ਪੁਲਸ ਮੁਖੀਆਂ ਨੂੰ ਹੁਕਮ ਦਿੱਤੇ ਹਨ ਕਿ ਹੇਠਲੇ ਪੱਧਰ ਦੇ ਪੁਲਸ ਅਫਸਰਾਂ ਨੂੰ ਸਪੱਸ਼ਟ ਕਰ ਦਿੱਤਾ ਜਾਵੇ ਕਿ ਜਿਸਮਾਨੀ ਕੁੱਟਮਾਰ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਕੋਈ ਵੀ ਸਮਾਜ ਅਜਿਹੇ ਦ੍ਰਿਸ਼ਾਂ ਨੂੰ ਸਹਿਣ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਜਿੱਥੇ ਵੀ ਲੋੜ ਹੋਵੇ, ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਤਹਿਤ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ।

Share This :

Leave a Reply