ਫ਼ਤਹਿਗੜ੍ਹ ਸਾਹਿਬ (ਸੂਦ)- ਕੋਰੋਨਾ ਵਾਇਰਸ ਤੋਂ ਬਚਾਅ ਲਈ ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਵੱਲੋਂ 23 ਅਪ੍ਰੈਲ ਨੂੰ ਲਾਇਆ ਗਿਆ ਕਰਫਿਊ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ। ਇਹ ਕਰਫਿਊ ਲਾਏ ਜਾਣ ਤੋਂ ਬਾਅਦ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਵੱਖ ਵੱਖ ਹੁਕਮਾਂ ਤਹਿਤ ਦਿੱਤੀਆਂ ਕੁਝ ਛੋਟਾਂ ਵੀ ਜਾਰੀ ਰਹਿਣਗੀਆਂ।
ਪਹਿਲਾਂ ਦਿੱਤੀਆਂ ਗਈਆਂ ਛੋਟਾਂ ਨੂੰ ਛੱਡ ਕੇ ਜ਼ਿਲ੍ਹਾ ਮੈਜਿਸਟਰੇਟ ਦਫ਼ਤਰ ਵੱਲੋਂ ਛੋਟਾਂ ਦਿੱਤੇ ਜਾਣ ਤੋਂ ਬਿਨਾਂ ਕੋਈ ਵੀ ਹੋਰ ਗਤੀਵਿਧੀ ਜਾਂ ਦਫ਼ਤਰਾਂ/ਐਸਟੈਬਲਿਸ਼ਮੈਂਟਸ ਸਬੰਧੀ ਗਤੀਵਿਧੀਆਂ ਨਹੀਂ ਹੋਣਗੀਆਂ। ਅਤਿ ਜ਼ਰੂਰੀ ਹਾਲਾਤ ਵਿੱਚ ਜੇ ਕਿਸੇ ਨੂੰ ਪਹਿਲਾਂ ਦਿੱਤੀਆਂ ਛੋਟਾਂ ਤੋਂ ਇਲਾਵਾ ਹੋਰ ਕਿਸੇ ਕਿਸਮ ਦੀ ਛੋਟ ਦੀ ਲੋੜ ਹੋਵੇ ਤਾਂ ਉਹ ਜ਼ਿਲ੍ਹਾ ਮੈਜਿਸਟਰੇਟ ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ, ਜੇ ਉਹ ਛੋਟ ਜ਼ਰੂਰੀ ਵਸਤਾਂ ਦੇ ਘੇਰੇ ਵਿੱਚ ਆਉਂਦੀ ਹੋਈ ਤਾਂ ਵਿਚਾਰ ਉਪਰੰਤ ਉਹ ਛੋਟ ਦਿੱਤੀ ਜਾ ਸਕਦੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ 15 ਅਪ੍ਰੈਲ 2020 ਨੂੰ ਜਾਰੀ ਹਦਾਇਤਾਂ ਮੁਤਾਬਕ ਸਥਾਨਕ ਹਾਲਾਤ ਦੇ ਮੱਦੇਨਜ਼ਰ ਸੂਬੇ ਉਪਰੋਕਤ ਹਦਾਇਤਾਂ ਤੋਂ ਵੱਧ ਸਖ਼ਤ ਕਦਮ ਚੁੱਕ ਸਕਦੇ ਹਨ। ਇਸ ਲਈ ਜ਼ਿਲ੍ਹਾ ਮੈਜਿਸਟਰੇਟ ਨੇ ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਲੋਕਾਂ ਦੀ ਸਿਹਤ ਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਅਗਲੇ ਹੁਕਮਾਂ ਤੱਕ ਕਰਫਿਊ ਜਾਰੀ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ।