ਪਟਿਆਲਾ (ਅਰਵਿੰਦਰ ਸਿੰਘ) ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਕੋਰੋਨਾ ਵਾਇਰਸ ਤੋਂ ਬਚਾਅ ਤੇ ਤਰੀਕਿਆਂ ਸਬੰਧੀ ਚੰਡੀਗੜ ਤੋਂ ਟਰੇਨਿੰਗ ਪ੍ਰਾਪਤ ਕਰਕੇ ਆਏ ਵੱਖ-ਵੱਖ ਵਿਭਾਗਾਂ ਦੇ ਮਾਸਟਰ ਟਰੇਨਰਾਂ ਨਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕਰਕੇ ਹਦਾਇਤ ਕੀਤੀ ਕਿ ਉਹ 24 ਘੰਟੇ ਵਿੱਚ ਆਪਣੇ ਵਿਭਾਗ ਦੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਟਰੇਨਿੰਗ ਦੇਣ ਅਤੇ ਟਰੇਨਿੰਗ ਪ੍ਰਾਪਤ ਮੁਲਾਜ਼ਮ ਘਰ-ਘਰ ਜਾਕੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਲੋੜੀਂਦੇ ਤਰੀਕਿਆਂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਭਾਵੇਂ ਵਾਇਰਸ ਤੋਂ ਬਚਾਅ ਲਈ ਕੁੱਝ ਸਾਵਧਾਨੀਆਂ ਹੀ ਵਰਤਣ ਦੀ ਜ਼ਰੂਰਤ ਹੈ ਪਰ ਅਫਵਾਹਾਂ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣ ਜਾਂਦਾ ਹੈ ਇਸ ਲਈ ਲੋਕਾਂ ਨੂੰ ਜ਼ਮੀਨੀ ਪੱਧਰ ‘ਤੇ ਜਾਕੇ ਦੱਸਣ ਦੀ ਜ਼ਰੂਰਤ ਹੈ ਕਿ ਸਿਰਫ਼ ਕੁੱਝ ਸਾਵਧਾਨੀਆਂ ਵਰਤਣ ਨਾਲ ਅਸੀ ਇਸ ਵਾਇਰਸ ਤੋਂ ਬੱਚ ਸਕਦੇ ਹਾਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ-19 ਤੋਂ ਬਚਾ ਲਈ ਹੱਥ ਮਿਲਾਉਣ, ਭੀੜ ਵਾਲੀਆਂ ਥਾਵਾਂ ‘ਤੇ ਨਾ ਜਾਣ, ਧਾਰਮਿਕ ਇਕੱਠ ਵਿੱਚ ਜਾਣ ਤੋਂ ਗੁਰੇਜ਼ ਕਰਨ ਸਬੰਧੀ ਜਾਗਰੂਕ ਕਰਨ ਲਈ ਸਾਰੇ ਸਰਕਾਰੀ ਵਿਭਾਗਾਂ ਵੱਲੋਂ ਜਾਗਰੂਕਤਾ ਮੁਹਿੰਮ ਚਲਾਈ ਜਾਵੇ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰ, ਡੀਡੀਪੀਓ/ ਬੀਡੀਪੀਓਜ ਅਤੇ ਪੰਚਾਇਤ ਸਕੱਤਰ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਨਿੱਜੀ ਤੌਰ ‘ਤੇ ਜਾਗਰੂਕ ਕਰਨਗੇ ਅਤੇ ਨਗਰ ਨਿਗਮ ਸ਼ਹਿਰੀ ਖੇਤਰਾਂ ਵਿੱਚ ਸ਼ਹਿਰ ਵਾਸੀਆਂ ਨੂੰ ਸਿੱਖਿਅਤ ਕਰੇਗੀ। ਉਨ੍ਹਾਂ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਆਉਂਦੇ ਕਰਮਚਾਰੀਆਂ ਨੂੰ ਸਿੱਖਿਅਤ ਕਰਨਾ ਯਕੀਨੀ ਬਣਾਉਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੁਖਾਰ, ਖਾਂਸੀ ਅਤੇ ਸਾਹ ਲੈਣ ਵਿੱਚ ਤਕਲੀਫ਼ ਹੋਣਾ ਆਦਿ ਕੋਰੋਨਾ ਵਾਇਰਸ ਦੇ ਆਮ ਲੱਛਣ ਹਨ। ਇਸ ਲਈ ਜ਼ਰੂਰੀ ਹੈ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਖੰਘਦੇ ਜਾਂ ਛਿੱਕਦੇ ਸਮੇਂ ਮੂੰਹ ਅਤੇ ਨੱਕ ਉਤੇ ਰੁਮਾਲ ਰੱਖਿਆ ਜਾਵੇ ਅਤੇ ਛਿੱਕਦੇ ਸਮੇਂ ਨੱਕ ਨੂੰ ਆਪਣੀ ਕੂਹਣੀ ਨਾਲ ਢੱਕ ਕੇ ਰੱਖਿਆ ਜਾਵੇ। ਬੁਖਾਰ ਜਾਂ ਖਾਂਸੀ ਵਾਲੇ ਵਿਅਕਤੀਆਂ ਤੋਂ ਦੂਰੀ ਬਣਾ ਕੇ ਰੱਖਣ ਸਬੰਧੀ ਆਮ ਲੋਕਾਂ ਨੂੰ ਸਿੱਖਿਅਤ ਕਰਨਾ ਜ਼ਰੂਰੀ ਹੈ। ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਉਪਰੰਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਸਮੂਹ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆ ਨਾਲ ਮੀਟਿੰਗ ਕਰਕੇ ਮਾਸਕ ਅਤੇ ਸੈਨੇਟਾਈਜ਼ਰ ਦੀ ਸਪਲਾਈ ਨੂੰ ਯਕੀਨੀ ਬਣਾਉਣ ਦੀ ਹਦਾਇਤ ਕਰਦਿਆ ਕਿਹਾ ਕਿ ਕੋਈ ਵੀ ਕੈਮਿਸਟ ਮੈਡੀਕਲ ਸਮਾਨ ਦੀ ਜਮਾਂਖੋਰੀ ਜਾ ਸਮਾਨ ਦੀ ਕੀਮਤ ਵੱਧ ਵਸੂਲ ਨਾ ਕਰੇ। ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਇਹ ਅਪਰਾਧ ਹੈ। ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਕਿਹਾ ਕਿ ਕੋਵਿਡ-19 ਵਾਇਰਸ ਤਾਂ ਹੀ ਫੈਲਦਾ ਹੈ ਜੇਕਰ ਕੋਈ ਵਿਅਕਤੀ ਕੋਰੋਨਾ ਵਾਇਰਸ ਪੀੜਤ ਮਰੀਜ਼ ਦੇ ਸੰਪਰਕ ਵਿੱਚ ਆਇਆ ਹੋਵੇ ਅਤੇ ਸਾਡੇ ਦੇਸ਼ ਵਿੱਚ ਜਿਹੜੇ ਮਾਮਲੇ ਸਾਹਮਣੇ ਆਏ ਹਨ ਉਹ ਵਿਦੇਸ਼ ਤੋਂ ਆਏ ਵਿਅਕਤੀਆਂ ਦੇ ਹਨ ਪਰ ਇਹਤਿਆਤ ਦੇ ਤੌਰ ‘ਤੇ ਜੇਕਰ ਕੋਈ ਵੀ ਵਿਅਕਤੀ ਪਿਛਲੇ ਇਕ ਮਹੀਨੇ ਦੌਰਾਨ ਵਿਦੇਸ਼ ਯਾਤਰਾਂ ਕਰਕੇ ਆਇਆ ਹੈ ਤਾਂ ਉਹ ਇਹਤਿਆਤ ਅਤੇ ਲੋਕ ਹਿੱਤ ਵੱਜੋਂ ਆਪਣਾ ਮੈਡੀਕਲ ਟੈਸਟ ਜਰੂਰ ਕਰਵਾਏ। ਸਿਵਲ ਸਰਜਨ ਨੇ ਦੱਸਿਆ ਕਿ ਕੋਰੋਨਾ ਵਾਇਰਸ ਸਬੰਧੀ ਕੋਈ ਵੀ ਜਾਣਕਾਰੀ ਲਈ ਜ਼ਿਲ੍ਹੇ ਦੇ ਨੋਡਲ ਅਫ਼ਸਰ ਡਾ. ਯੁਵਰਾਜ ਨਾਰੰਗ ਮੋਬਾਇਲ ਨੰਬਰ 98774-74532, ਡਾ. ਪ੍ਰਦੀਪ ਸਿੰਘ ਮੋਬਾਇਲ ਨੰਬਰ 98158-39175 ਅਤੇ ਕੰਟਰੋਲ ਰੂਮ ਨੰਬਰ 0175-5128793 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ, ਐਸ.ਪੀ. (ਐਚ) ਸ. ਨਵਨੀਤ ਸਿੰਘ ਬੈਂਸ, ਐਸ.ਡੀ.ਐਮ. ਪਟਿਆਲਾ ਸ. ਚਰਨਜੀਤ ਸਿੰਘ, ਐਸ.ਡੀ.ਐਮ. ਸਮਾਣਾ ਸ੍ਰੀ ਨਮਨ ਮੜਕਨ, ਐਸ.ਡੀ.ਐਮ. ਪਾਤੜਾਂ ਸ੍ਰੀਮਤੀ ਪਾਲਿਕਾ ਅਰੋੜਾ, ਐਸ.ਡੀ.ਐਮ. ਰਾਜਪੁਰਾ ਸ੍ਰੀ ਟੀ.ਬੈਨਿਥ, ਸਹਾਇਕ ਕਮਿਸ਼ਨਰ (ਜ) ਡਾ. ਇਸਮਿਤ ਵਿਜੈ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾ) ਮਿਸ ਇਨਾਇਤ ਗੁਪਤਾ, ਡਿਪਟੀ ਡਾਇਰੈਕਟਰ ਸਥਾਨਕ ਸਰਕਾਰ ਸ੍ਰੀਮਤੀ ਜਸ਼ਨਪ੍ਰੀਤ ਕੌਰ ਗਿੱਲ, ਨਗਰ ਨਿਗਮ ਦੇ ਸਯੁੰਕਤ ਕਮਿਸ਼ਨਰ ਸ੍ਰੀ ਲਾਲ ਵਿਸ਼ਵਾਸ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਮਾਸ਼ਟਰ ਟਰੇਨਰਾਂ ਅਤੇ ਕਮਿਸਟ ਐਸੋਸੀਏਸ਼ਨ ਦੇ ਨੁਮਾਇੰਦੇ ਵੀ ਮੌਜੂਦ ਸਨ।
2020-03-17