ਜ਼ਿਲ੍ਹੇ ‘ਚ ਕੋਈ ਵੀ ਇਕੱਠ ਕਰਨ ਦੀ ਇਜ਼ਾਜਤ ਨਹੀਂ- ਜ਼ਿਲ੍ਹਾ ਮੈਜਿਸਟਰੇਟ
ਕੋਰੋਨਾ ਵਾਇਰਸ ਦੀ ਲਾਗ ਫੈਲਣ ਦਾ ਖ਼ਤਰਾ ਬਣਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ-ਐਸ.ਐਸ.ਪੀ. ਮਨਦੀਪ ਸਿੱਧੂ
ਪਟਿਆਲਾ (ਤਰੁਣ ਮਹਿਤਾ) ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਕਿਹਾ ਹੈ ਕਿ ਕੋਰੋਨਾ ਵਾਇਰਸ ਦੀ ਲਾਗ ਫੈਲਣ ਦੇ ਸੰਭਾਵਤ ਖ਼ਤਰੇ ਨੂੰ ਵੇਖਦਿਆਂ ਜ਼ਿਲ੍ਹੇ ਵਿੱਚ ਕੋਈ ਵੀ ਇਕੱਠ ਕਰਨ ਦੀ ਇਜ਼ਾਜਤ ਨਹੀਂ ਹੈ। ਉਨ੍ਹਾਂ ਲੋਕਾਂ, ਸੰਸਥਾਵਾਂ ਅਤੇ ਵੱਖ-ਵੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਜ਼ਿਲ੍ਹੇ ਵਿੱਚ ਕਿਸੇ ਵੀ ਤਰਾਂ ਦੇ ਅਜਿਹੇ ਜਨਤਕ ਇਕੱਠ ਨਾ ਕੀਤੇ ਜਾਣ, ਜਿਸ ਨਾਲ ਕੋਰੋਨਾ ਵਾਇਰਸ ਦੀ ਮਹਾਂਮਾਰੀ ਫੈਲਣ ਦਾ ਖ਼ਤਰਾ ਹੋਵੇ, ਕਿਉਂਕਿ ਅਜਿਹਾ ਕਰਨ ਨਾਲ ਦੂਸਰਿਆਂ ਦੀ ਜਾਨ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ।
ਇਸੇ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਸ. ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਕੋਈ ਵੀ ਜਨਤਕ ਇਕੱਠ ਕਰਕੇ ਲੋਕਾਂ ਦੀ ਜਾਨ ਨੂੰ ਕੋਰੋਨਾਵਾਇਰਸ ਤੋਂ ਖ਼ਤਰਾ ਪੈਦਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ। ਐਸ.ਐਸ.ਪੀ. ਨੇ ਵੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੇ ਇਕੱਠ ਵਿੱਚ ਸ਼ਮੂਲੀਅਤ ਨਾ ਕਰਨ ਅਤੇ ਕੋਵਿਡ-19 ਦੇ ਪ੍ਰੋਟੋਕਾਲ ਦੀ ਪਾਲਣਾ ਕਰਦੇ ਹੋਏ 6 ਫੁੱਟ ਦੀ ਸਮਾਜਿਕ ਦੂਰੀ ਦੀ ਪਾਲਣਾਂ ਕਰਦੇ ਹੋਏ ਕੋਰੋਨਾ ਵਾਇਰਸ ਦੀ ਬਿਮਾਰੀ ਤੋਂ ਬਚੇ ਰਹਿਣ।
ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਹੋਰ ਕਿਹਾ ਕਿ ਕੋਰੋਨਾ ਵਾਇਰਸ ਦੀ ਲਾਗ ਫੈਲਣ ਦੇ ਮੱਦੇਨਜ਼ਰ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਸਖ਼ਤੀ ਨਾਲ ਕੀਤੀ ਜਾਵੇ, ਕਿਉਂਕਿ ਕਿਸੇ ਵੀ ਤਰ੍ਹਾਂ ਦੇ ਲੋਕਾਂ ਦੇ ਇਕੱਠ ਕੋਰੋਨਾਵਾਇਰਸ ਦੀ ਲਾਗ ਨੂੰ ਫੈਲਾਉਣ ਦਾ ਖ਼ਤਰਾ ਬਣ ਸਕਦੇ ਹਨ। ਡੀ.ਸੀ. ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੇ ਇਕੱਠ ਕਰਨ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਨਾਲ ਹੀ ਕਿਹਾ ਕਿ ਅਜਿਹਾ ਕਰਨ ਵਾਲਿਆਂ ਵਿਰੁੱਧ ਕਾਨੂੰਨਾਂ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।