
ਪਟਿਆਲਾ (ਅਰਵਿੰਦਰ ਸਿੰਘ ) ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਕਣਕ ਦੀ ਖਰੀਦ ਦੇ ਅੱਜ ਪਹਿਲੇ ਦਿਨ ਦੇਰ ਸ਼ਾਮ ਤੱਕ ਜ਼ਿਲ੍ਹੇ ਅੰਦਰ ਸਥਾਪਤ ਕੀਤੇ 290 ਖ਼ਰੀਦ ਕੇਂਦਰਾਂ, ਜਿਨ੍ਹਾਂ ‘ਚ 110 ਮੰਡੀਆਂ ਅਤੇ 180 ਸਬ ਯਾਰਡ ਬਣਾਏ ਗਏ ਹਨ ਵਿੱਚੋਂ 14 ਮੰਡੀਆਂ ‘ਚ 584 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਜਦੋਂਕਿ 8 ਮੰਡੀਆਂ ਵਿੱਚ 364 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਕੋਰੋਨਾਵਾਇਰਸ ਦੇ ਮੱਦੇਨਜ਼ਰ ਕਣਕ ਦੀ ਖਰੀਦ ਪ੍ਰਕ੍ਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਨੇ ਪੁਖ਼ਤਾ ਪ੍ਰਬੰਧ ਕੀਤੇ ਹਨ।

ਸ੍ਰੀ ਕੁਮਾਰ ਅਮਿਤ ਨੇ ਹੋਰ ਦੱਸਿਆ ਕਿ ਹਾੜੀ ਦੇ ਇਸ ਸੀਜ਼ਨ ਦੌਰਾਨ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਅੱਜ ਪਹਿਲੇ ਦਿਨ 584 ਮੀਟਿਰਿਕ ਟਨ ਦੀ ਆਮਦ ਹੋਈ ਹੈ। ਜਿਸ ਵਿੱਚੋਂ ਅੱਜ 364 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ, ਜਿਸ ‘ਚੋਂ ਪਨਗਰੇਨ ਵੱਲੋਂ 30 ਮੀਟਰਿਕ ਟਨ, ਮਾਰਕਫੈਡ ਵੱਲੋਂ 191 ਮੀਟਰਿਕ ਟਨ, ਪਨਸਪ ਵੱਲੋਂ 48 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 85 ਮੀਟਰਿਕ ਟਨ ਅਤੇ ਐਫ.ਸੀ.ਆਈ ਵੱਲੋਂ 10 ਮੀਟਰਿਕ ਟਨ ਦੀ ਖ਼ਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਣਕ ਦੀ ਖਰੀਦ ਪ੍ਰਕ੍ਰਿਆ ‘ਤੇ ਬਰੀਕੀ ਨਾਲ ਨਜ਼ਰ ਰੱਖ ਰਹੇ ਹਨ ਅਤੇ ਖਰੀਦ ਏਜੰਸੀਆਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਉਹ ਮੰਡੀਆਂ ‘ਚ ਕਣਕ ਦੀ ਆਮਦ ਦੇ 24 ਘੰਟਿਆਂ ‘ਚ ਖਰੀਦ ਕਰਨੀ ਯਕੀਨੀ ਬਣਾਉਣ ਅਤੇ ਕਣਕ ਦੀ ਅਦਾਇਗੀ ਵੀ ਨਾਲੋ-ਨਾਲ ਕੀਤੀ ਜਾਵੇ। ਜਦੋਂ ਕਿ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਖਰੀਦੀ ਕਣਕ ਦੀ ਮੰਡੀਆਂ ‘ਚੋਂ ਲਿਫ਼ਟਿੰਗ ਵੀ 24 ਘੰਟਿਆਂ ਦੇ ਅੰਦਰ ਯਕੀਨੀ ਬਣਾਈ ਜਾਵੇ।
ਸ੍ਰੀ ਕੁਮਾਰ ਅਮਿਤ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾਵਾਇਰਸ ਦੇ ਮੱਦੇਨਜ਼ਰ ਮੰਡੀਆਂ ਵਿੱਚ ਆਪਣੇ ਕੂਪਨਾਂ ਮੁਤਾਬਕ ਹੀ ਆਪਣੀ ਜਿਣਸ ਲੈ ਕੇ ਆਉਣ ਅਤੇ ਹੱਥ ਵਾਰ-ਵਾਰ ਧੋਂਹਦੇ ਰਹਿਣ ਤੇ ਕੋਵਿਡ-19 ਪ੍ਰੋਟੋਕਾਲ ਨੇਮਾਂ ਦੀ ਪਾਲਣਾਂ ਯਕੀਨੀ ਬਣਾਉਣ।




















