ਸਿਵਲ ਹਸਪਤਾਲ ਵਿਖੇ ਟੈਸਟਿੰਗ ਤੋਂ ਬਾਅਦ ਘਰਾਂ ਵਿੱਚ ਹੀ ਨਿਯਮਾਂ ਅਨੁਸਾਰ ਇਕਾਂਤਵਾਸ ਕਰਨ ਦੀ ਹਦਾਇਤ
ਸੰਗਰੂਰ (ਅਜੈਬ ਸਿੰਘ ਮੋਰਾਂਵਾਲੀ ) ਪੰਜਾਬ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਸ਼੍ਰੀ ਹਜ਼ੂਰ ਸਾਹਿਬ, ਨਾਂਦੇੜ ਤੋਂ ਸੰਗਰੂਰ ਨਾਲ ਸਬੰਧਤ ਸੰਗਤ ਦੀ ਵਾਪਸੀ ਸਬੰਧੀ ਅੱਜ ਸਵੇਰ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਬੱਸਾਂ ਰਾਹੀਂ ਪਰਤ ਰਹੀ ਸਾਰੀ ਸੰਗਤ ਦਾ ਸਿਵਲ ਹਸਪਤਾਲ ਵਿਖੇ ਸਮਾਜਿਕ ਦੂਰੀ ਦਾ ਖਿਆਲ ਰੱਖਦੇ ਹੋਏ ਟੈਸਟ ਕੀਤਾ ਜਾ ਰਿਹਾ ਹੈ ਜਿਸ ਤੋਂ ਬਾਅਦ ਉਨ੍ਹਾਂ ਨੂੰ ਘਰ ‘ਚ ਇਕਾਂਤਵਾਸ ਲਈ ਹਦਾਇਤ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਘਨਸਿਆਮ ਥੋਰੀ ਨੇ ਦੱਸਿਆ ਕਿ ਜਿਲ੍ਹਾ ਸੰਗਰੂਰ ਨਾਲ ਸਬੰਧਤ 189 ਸ਼ਰਧਾਲੂ, ਮਾਰਚ ਮਹੀਨੇ ਵਿੱਚ ਸ਼੍ਰੀ ਹਜ਼ੂਰ ਸਾਹਿਬ ਵਿਖੇ ਗਏ ਸਨ ਪਰ ਅਚਾਨਕ ਹੋਏ ਲਾਕਡਾਊਨ ਕਾਰਨ ਉਥੇ ਹੀ ਫਸ ਗਏ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸ਼ਰਧਾਲੂਆਂ ਵਿੱਚੋਂ 14 ਸਵੇਰੇ ਪਹੁੰਚੇ ਹਨ ਅਤੇ ਬਾਕੀ ਸ਼ਰਧਾਲੂ ਵੀ ਜਲਦ ਪਹੁੰਚ ਜਾਣਗੇ।
ਉਨ੍ਹਾਂ ਦੱਸਿਆ ਕਿ ਇਨ੍ਹਾ ਸ਼ਰਧਾਲੂਆਂ ਦੀ ਘਰ ਵਾਪਸੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਗਾਤਾਰ ਭਾਰਤ ਸਰਕਾਰ ਅਤੇ ਮਹਾਰਾਸ਼ਟਰ ਸੂਬਾਈ ਸਰਕਾਰ ਨਾਲ ਰਾਬਤਾ ਕਰਕੇ ਇਨ੍ਹਾਂ ਲਈ ਸੁਰੱਖਿਅਤ ਰਾਹਦਾਰੀ ਦਾ ਪ੍ਰਬੰਧ ਕੀਤਾ ਸੀ। ਇਸ ਤੋਂ ਬਿਨਾਂ ਜਿਨ੍ਹਾਂ ਰਾਜਾਂ ਵਿਚੋਂ ਇਨ੍ਹਾਂ ਸ਼ਰਧਾਲੂਆਂ ਦੀਆਂ ਬੱਸਾਂ ਨੇ ਲੰਘ ਕੇ ਆਉਣਾ ਸੀ ਉਨ੍ਹਾਂ ਨਾਲ ਵੀ ਪੰਜਾਬ ਸਰਕਾਰ ਵੱਲੋਂ ਮੁਕੰਮਲ ਤਾਲਮੇਲ ਕੀਤਾ ਗਿਆ ਸੀ ਤਾਂ ਜੋ ਰਾਸਤੇ ਵਿਚ ਇਨ੍ਹਾਂ ਸ਼ਰਧਾਲੂਆਂ ਨੂੰ ਕੋਈ ਸਮੱਸਿਆ ਪੇਸ਼ ਨਾ ਆ ਸਕੇ।
ਇਸ ਮੌਕੇ ਸੰਗਰੂਰ ਪਹੁੰਚੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਦਾ ਵਿਸ਼ੇਸ ਤੌਰ ‘ਤੇ ਧੰਨਵਾਦ ਕੀਤਾ ਜਿਸ ਨੇ ਲਗਾਤਾਰ ਭਾਰਤ ਸਰਕਾਰ ਅਤੇ ਦੂਜੀਆਂ ਰਾਜ ਸਰਕਾਰਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਦੀ ਵਾਪਸੀ ਲਈ ਰਾਹਦਾਰੀ ਦਾ ਪ੍ਰਬੰਧ ਕੀਤਾ।