ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦਾ ਜੀਵਨ ਸਭ ਲਈ ਪ੍ਰੇਰਣਾ ਸਰੋਤ – ਧਰਮਸੋਤ

ਟੌਹੜਾ/ਪਟਿਆਲਾ – ( ਅਰਵਿੰਦਰ ਸਿੰਘ ) ਪੰਜਾਬ ਦੇ ਜੰਗਲਾਤ ਅਤੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਤੇ ਘੱਟ ਗਿਣਤੀ ਭਲਾਈ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦਾ ਜੀਵਨ ਸਭ ਲਈ ਪ੍ਰੇਰਣਾ ਸਰੋਤ ਹੈ ਜਿੰਨਾਂ ਦਾ ਸਾਰਾ ਜੀਵਨ ਸਮਾਜ ਦੀ ਭਲਾਈ ਲਈ ਗੁਜ਼ਰਿਆ। ਸ. ਧਰਮਸੋਤ, ਪੰਥ ਰਤਨ ਸਵਰਗੀ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ 16ਵੀਂ ਬਰਸੀ ਮੌਕੇ ਅੱਜ ਪਿੰਡ ਟੌਹੜਾ ਵਿੱਖੇ ਜਥੇਦਾਰ ਟੌਹੜਾ ਦੇ ਘਰ ਮਰਹੂਮ ਆਗੂ ਨੂੰ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫ਼ੋਂ ਸ਼ਰਧਾਂਜਲੀ ਅਰਪਿਤ ਕਰ ਰਹੇ ਸਨ।

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਵਰਗੀ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਬਰਸੀ ‘ਤੇ ਰਾਜ ਪੱਧਰੀ ਸ਼ਰਧਾਂਜਲੀ ਸਮਾਗਮ ਕਰਵਾਇਆ ਜਾਣਾ ਸੀ ਪਰ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਪਰਿਵਾਰਕ ਮੈਂਬਰਾਂ ਅਤੇ ਪੰਜਾਬ ਸਰਕਾਰ ਦੀ ਤਰਫ਼ੋ ਉਨ੍ਹਾਂ ਨੇ ਸਵਰਗੀ ਜਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਹਨ।
ਇਸ ਮੌਕੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਯਾਦ ਕਰਦਿਆ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਅਜਿਹੇ ਲੋਹ ਪੁਰਸ਼ ਬਹੁਤ ਥੋੜ੍ਹੇ ਹਨ ਜਿਨ੍ਹਾਂ ਕੋਲ ਇੰਨੀ ਤਾਕਤ ਹੋਣ ਦੇ ਬਾਵਜੂਦ ਉਨ੍ਹਾਂ ਆਪਣਾ ਜੀਵਨ ਇੰਨੀਂ ਸਾਦਗੀ ਨਾਲ ਬਤੀਤ ਕੀਤਾ ਹੋਵੇ। ਉਨ੍ਹਾਂ ਕਿਹਾ ਕਿ ਜਥੇਦਾਰ ਟੌਹੜਾ ਨੇ ਆਪਣਾ ਸਮੁੱਚਾ ਜੀਵਨ ਸਿੱਖ ਕੌਮ ਦੇ ਲੇਖੇ ਲਾਇਆ ਹੈ ਅਤੇ ਲੰਮਾ ਸਮਾਂ ਐਸ.ਜੀ.ਪੀ.ਸੀ. ਦੇ ਪ੍ਰਧਾਨ ਰਹਿਕੇ ਸਿੱਖ ਕੌਮ ਦੀ ਸੇਵਾ ਕੀਤੀ ਹੈ।
ਕੈਬਨਿਟ ਮੰਤਰੀ ਸ. ਧਰਮਸੋਤ ਨੇ ਜਥੇਦਾਰ ਟੌਹੜਾ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਜਥੇਦਾਰ ਟੌਹੜਾ ਨੇ ਆਪਣੀ ਸਮੁੱਚੀ ਜ਼ਿੰਦਗੀ ਜਿਥੇ ਲੋਕ ਭਲਾਈ ਦੇ ਕੰਮਾਂ ਲਈ ਸਮਰਪਿਤ ਕੀਤੀ ਉਥੇ ਹੀ ਇਕ ਰਾਜਸੀ ਆਗੂ ਹੁੰਦਿਆ ਬੇਦਾਗ ਸ਼ਖਸੀਅਤ ਰਹੇ ਅਤੇ ਉਨ੍ਹਾਂ ‘ਤੇ ਕਦੇ ਵੀ ਕੋਈ ਉਗਲ ਨਹੀਂ ਉਠਾ ਸਕਿਆ। ਉਹ ਵਿਲੱਖਣ ਸ਼ਖ਼ਸੀਅਤ ਦੇ ਮਾਲਕ ਅਤੇ ਇੱਕ ਸੰਸਥਾ ਸਨ ਅਤੇ ਉਨ੍ਹਾਂ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾ ਅਗਵਾਈ ਕੀਤੀ।
ਸ. ਧਰਮਸੋਤ ਨੇ ਕਿਹਾ ਕਿ ਜਥੇਦਾਰ ਟੌਹੜਾ ਸਮੁੱਚੀ ਮਾਨਵਤਾ ਲਈ ਇੱਕ ਚਾਨਣ ਮੁਨਾਰਾ ਸਨ, ਇਸ ਲਈ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਜਥੇਦਾਰ ਟੌਹੜਾ ਦੀ ਸੋਚ ‘ਤੇ ਪਹਿਰਾ ਦੇਣ ਦੀ ਲੋੜ ਹੈ। ਉਨ੍ਹਾਂ ਜਥੇਦਾਰ ਟੌਹੜਾ ਵੱਲੋਂ ਧਾਰਮਿਕ, ਵਿੱਦਿਅਕ, ਪ੍ਰਬੰਧਕੀ, ਰਾਜਨੀਤਿਕ, ਸਮਾਜਿਕ ਅਤੇ ਹੋਰਨਾਂ ਖੇਤਰਾਂ ਵਿੱਚ ਪਾਏ ਯੋਗਦਾਨ ਨੂੰ ਲਾਮਿਸਾਲ ਦੱਸਿਆ ਤੇ ਕਿਹਾ ਕਿ ਜਥੇਦਾਰ ਟੌਹੜਾ ਨੇ ਲਗਾਤਾਰ 27 ਸਾਲ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਰਹਿ ਕੇ ਨਿਰਸਵਾਰਥ ਸੇਵਾ ਕੀਤੀ ਅਤੇ ਲੰਮਾ ਸਮਾਂ ਸੰਸਦ ਦੇ ਮੈਂਬਰ ਰਹੇ।
ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਗ੍ਰਹਿ ਵਿਖੇ ਕਰਵਾਏ ਗਏ ਸਹਿਜ ਪਾਠ ਦੇ ਭੋਗ ਮੌਕੇ ਸਾਬਕਾ ਮੰਤਰੀ ਸ. ਹਰਮੇਲ ਸਿੰਘ ਟੌਹੜਾ ਨੇ ਪਰਿਵਾਰ ਵੱਲੋਂ ਸਭ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਥੇਦਾਰ ਟੌਹੜਾ ਪੰਥ ਨੂੰ ਹਮੇਸ਼ਾਂ ਬੁਲੰਦੀਆਂ ‘ਤੇ ਪਹੁੰਚਾਉਣ ਲਈ ਤਤਪਰ ਰਹਿੰਦੇ ਸਨ। ਇਸ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਤੇ ਜਥੇਦਾਰ ਟੌਹੜਾ ਦੀ ਸਪੁੱਤਰੀ ਬੀਬੀ ਕੁਲਦੀਪ ਕੌਰ ਟੌਹੜਾ, ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਪਟਿਆਲਾ ਹਰਿੰਦਰਪਾਲ ਸਿੰਘ ਟੌਹੜਾ ਤੇ ਹੋਰ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।

Share This :

Leave a Reply